ਜ਼ਿਲ੍ਹਾ ਸਿੱਖਿਆ ਇੰਚਾਰਜ ਅਤੇ ਡਿਸਟ੍ਰਿਕਟ ਫੀਸ ਰੈਗੂਲੇਟਰੀ ਬਾਡੀ ਦੇ ਮੈਂਬਰ ਵਿਜੇ ਮੈਨਰੋ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ-1 ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ
ਰਾਜਪੁਰਾ, 25 ਅਗਸਤ ,ਬੋਲੇ ਪੰਜਾਬ ਬਿਊਰੋ:
ਜ਼ਿਲ੍ਹਾ ਸਿੱਖਿਆ ਇੰਚਾਰਜ ਅਤੇ ਡਿਸਟ੍ਰਿਕਟ ਫੀਸ ਰੈਗੂਲੇਟਰੀ ਬਾਡੀ ਦੇ ਮੈਂਬਰ ਵਿਜੇ ਮੈਨਰੋ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ-1 ਵਿੱਚ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ। ਇਸ ਦੌਰਾਨ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਪੰਜਾਬ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ, ਬਾਲ ਸੁਰੱਖਿਆ ਅਤੇ ਪੁਲਿਸ ਸਹਾਇਤਾ ਸਬੰਧੀ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਵੱਲੋਂ ਬੱਚਿਆਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਅ, ਲੋੜੀਂਦੀਆਂ ਸਾਵਧਾਨੀਆਂ ਅਤੇ ਤਕਨਾਲੋਜੀ ਦੀ ਸੁਰੱਖਿਅਤ ਵਰਤੋਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।
ਵਿਜੇ ਮੈਨਰੋ ਨੇ ਦੱਸਿਆ ਕਿ ਸਕੂਲ ਵਿੱਚ ਇੰਟਰਐਕਟਿਵ ਪੈਨਲ ਰਾਹੀਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦਾ ਗਿਆਨ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਰੁਚਿਕਰ ਢੰਗ ਨਾਲ ਦਿੱਤਾ ਜਾ ਰਿਹਾ ਹੈ। ਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਬੱਚਿਆਂ ਵਿੱਚ ਸਿੱਖਣ ਪ੍ਰਤੀ ਉਤਸ਼ਾਹ, ਦਿਲਚਸਪੀ ਅਤੇ ਭਾਗੀਦਾਰੀ ਵਧ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਵਿੱਚ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਸਮੁੱਚੇ ਤੌਰ ’ਤੇ ਸਕੂਲ ਵਿੱਚ ਸਿੱਖਿਆ, ਆਧੁਨਿਕ ਤਕਨਾਲੋਜੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਵਾਲਾ ਸੁਖਾਵਾਂ ਅਤੇ ਸੁਰੱਖਿਅਤ ਮਾਹੌਲ ਦੇਖਣ ਨੂੰ ਮਿਲਿਆ।
ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਹਲਕਾ ਰਾਜਪੁਰਾ ਦੇ ਵਿਧਾਇਕਾ ਮੈਡਮ ਨੀਨਾ ਮਿੱਤਲ ਦੀ ਦੇਖ-ਰੇਖ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਸਿੱਖਿਆਤਮਕ ਮਾਹੌਲ ਪ੍ਰਦਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ।












