ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25.ਅਗਸਤ, ਬੋਲੇ ਪੰਜਾਬ ਬਿਊਰੋ;
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਮੈਂਬਰ ਲੋਕ ਸਭਾ ਸ੍ਰੀ ਮਾਲਵਿੰਦਰ ਸਿੰਘ ਕੰਗ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਵੱਲੋਂ ਚਲਾਈਆਂ ਜਾ ਸਕੀਮਾਂ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਕੇ ਇਨ੍ਹਾਂ ਦਾ ਲਾਭ ਆਮ ਲੋਕਾਂ ਅਤੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਲਈ ਕਿਹਾ।
ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ, ਫੰਡਾਂ ਦੀ ਵਰਤੋਂ ਅਤੇ ਯੋਜਨਾਵਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਐਮ ਪੀ ਲੈਂਡ ਸਕੀਮ ਅਧੀਨ ਲੰਬਿਤ ਪਏ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਕਿਹਾ ਕਿ ਇਹ ਕਾਰਜ ਸਮਾਂ ਨਿਰਧਾਰਿਤ ਸੀਮਾ ਵਿਚ ਮੁਕੰਮਲ ਕੀਤੇ ਜਾਣ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਐਮ.ਪੀ. ਲੈਂਡ ਸਕੀਮ ਦੇ ਕਾਰਜਾਂ ਦੇ ਟੀਚੇ ਵੀ ਨਿਰਧਾਰਿਤ ਕੀਤੇ।
ਸ੍ਰੀ ਮਾਲਵਿੰਦਰ ਸਿੰਘ ਕੰਗ ਨੇ ਐਮ.ਪੀ. ਲੈਡ ਫੰਡ ਤਹਿਤ ਪ੍ਰਵਾਨ ਕੀਤੇ ਗਏ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ। ੳਨ੍ਹਾਂ ਕਿਹਾ ਕਿ 101 ਕਾਰਜਾਂ ਲਈ 329.23 ਲੱਖ ਰੁਪਏ ਪ੍ਰਵਾਨ ਕੀਤੇ ਗਏ ਹਨ। ਇਨ੍ਹਾਂ ਕਾਰਜਾਂ ਵਿੱਚ ਸ਼ਮਸ਼ਾਨਘਾਟਾਂ ਦਾ ਨਿਰਮਾਣ ਤੇ ਮੁਰੰਮਤ, ਪਬਲਿਕ ਲਾਇਬ੍ਰੇਰੀਆਂ, ਕਮਿਊਨਿਟੀ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਇਮਾਰਤਾਂ, ਖੇਡ ਮੈਦਾਨ, ਜਿਮ ਉਪਕਰਨ, ਪਾਰਕਾਂ ਦਾ ਵਿਕਾਸ, ਸੀ.ਸੀ.ਟੀ.ਵੀ. ਕੈਮਰਾ ਸਿਸਟਮ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮ ਸ਼ਾਮਲ ਹਨ। ਕਈ ਕਾਰਜ ਮੁਕੰਮਲ ਹੋ ਚੁੱਕੇ ਹਨ, ਜਦਕਿ ਬਾਕੀ ਕਾਰਜ ਪ੍ਰਗਤੀ ਅਧੀਨ ਹਨ।
ਉਨ੍ਹਾਂ ਵੱਲੋਂ ਮੀਟਿੰਗ ਦੌਰਾਨ ਜਲ ਜੀਵਨ ਮਿਸ਼ਨ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ। ਜ਼ਿਲ੍ਹੇ ਵਿੱਚ 82,024 ਘਰਾਂ ਨੂੰ ਪਾਈਪ ਰਾਹੀਂ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਪ੍ਰਦਾਨ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਪਾਣੀ ਸਪਲਾਈ ਪ੍ਰੋਜੈਕਟਾਂ, ਨਵਾਂ ਗਾਉਂ ਪ੍ਰੋਜੈਕਟ, ਸੋਹਾਣਾ ਅਤੇ ਕੁੰਭੜਾ ਨਾਲ ਸਬੰਧਤ ਪਾਣੀ ਸਪਲਾਈ ਕਾਰਜਾਂ ਅਤੇ ਐਸ.ਟੀ.ਪੀ. ਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਸਵੱਛ ਭਾਰਤ ਮਿਸ਼ਨ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਠੋਸ ਕੂੜਾ ਪ੍ਰਬੰਧਨ, ਡੋਰ-ਟੂ-ਡੋਰ ਕਲੈਕਸ਼ਨ, ਸਰੋਤ ਪੱਧਰ ’ਤੇ ਕੂੜੇ ਦੀ ਛਾਂਟੀ, ਮਟੀਰੀਅਲ ਰਿਕਵਰੀ ਫੈਸਿਲਿਟੀ ਅਤੇ ਡੰਪ ਸਾਈਟਾਂ ਦੀ ਰੀਮੀਡੀਏਸ਼ਨ ਨਾਲ ਸਬੰਧਤ ਕਾਰਜਾਂ ਦੀ ਵੀ ਸਮੀਖਿਆ ਕੀਤੀ ਗਈ।
ਇਸੇ ਤਰ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ), ਪੀ.ਐਮ. ਸਵਨਿਧੀ, ਮਨਰੇਗਾ/ਵੀ.ਬੀ.-ਜੀ ਰਾਮ ਜੀ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ), ਸਿਹਤ, ਸਿੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਹੋਰ ਕੇਂਦਰੀ ਪ੍ਰਾਯੋਜਿਤ ਸਕੀਮਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।
ਸੰਸਦ ਮੈਂਬਰ ਨੇ ਖੇਤੀਬਾੜੀ ਵਿਭਾਗ ਨੂੰ ਯੂਰੀਆ ਅਤੇ ਖਾਦਾਂ ਨਾਲ ਵਾਧੂ ਦਵਾਈਆਂ ਵਾਲੇ ਡਿਸਟ੍ਰੀਬਿਊਟਰਾਂ ਅਤੇ ਦੁਕਾਨਦਾਰਾਂ ਉੱਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ ਮਿਲਣ ਵੱਲੋਂ ਯੋਜਨਾਵਾਂ ਦਾ ਲਾਭ ਯਕੀਨੀ ਕਰਨ ਲਈ ਕਿਹਾ। ਉਨ੍ਹਾਂ ਫੂਡ ਪ੍ਰੋਸੈਸਿੰਗ ਯੂਨਿਟ ਨੂੰ ਉਤਸਾਹਿਤ ਅਤੇ ਕਿਸਾਨਾਂ ਨੂੰ ਇਸ ਨਾਲ ਜੋੜਨ ਲਈ ਕਿਹਾ ਤਾਂ ਜੋ ਕਿਸਾਨਾਂ ਦੀ ਆਮਦਨ ਨੂੰ ਪੱਕੇ ਤੌਰ ਉੱਤੇ ਵਧਾਉਣ ਦੇ ਵਸੀਲੇ ਸਥਾਪਿਤ ਕੀਤੇ ਜਾ ਸਕਣ। ਉਨ੍ਹਾਂ ਬਾਗਬਾਨੀ ਵਿਭਾਗ ਨੂੰ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਗਰੂਕ ਕੈਂਪ ਲਗਾਉਣ ਲਈ ਵੀ ਕਿਹਾ।
ਉਨ੍ਹਾਂ ਸ਼ਹਿਰਾਂ ਵਿੱਚ ਵੱਧ ਰਹੇ ਕੂੜੇ ਦੀ ਸਮੱਸਿਆਂ ਵੱਲ ਵਧੇਰੇ ਧਿਆਨ ਦਿੰਦੇ ਹੋਏ ਕਾਰਜਸਾਧਕ ਅਫ਼ਸਰਾਂ ਨਗਰ ਕੌਂਸਲਾਂ ਨੂੰ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਸ਼ਹਿਰ ਦੇ ਕੂੜਾ ਪ੍ਰਬੰਧਨ ਨੂੰ ਨਿਯਮਾਂ ਤਹਿਤ ਨੇਪਰੇ ਚਾੜ੍ਹਿਆ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰੀ ਵੱਲੋਂ ਚਲਾਈਆਂ ਜਾਂ ਰਹੀਆਂ ਸਕੀਮਾਂ/ਯੋਜਨਾਵਾਂ ਦਾ ਮੰਤਵ ਸਮਾਜ ਦੇ ਗਰੀਬ ਅਤੇ ਲੋੜਵੰਦ ਕਮਜ਼ੋਰ ਵਰਗਾਂ ਨੂੰ ਲਾਭ ਪਹੁੰਚਾਉਣਾ ਹੈ, ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵਿਅਕਤੀ ਇਨ੍ਹਾਂ ਚਲ ਰਹੀਆਂ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੀਮਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਨਿਰੰਤਰ ਨਿਗਰਾਨੀ ਵੀ ਕੀਤੀ ਜਾਵੇ।
ਉਨ੍ਹਾਂ ਨੇ ਸਿੱਖਿਆ ਅਤੇ ਸਿਹਤ ਖੇਤਰ ਨਾਲ ਸਬੰਧਤ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਹੋ ਸਕਣ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ਼ ਦੀ ਉਪਲਬਧਤਾ, ਖਾਲੀ ਅਸਾਮੀਆਂ, ਲੋੜੀਂਦੀ ਮਸ਼ੀਨਰੀ ਅਤੇ ਹੋਰ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਅਤੇ ਸਰਕਾਰੀ ਹਸਪਤਾਲ ਦੀ ਸਾਫ ਸਫਾਈ ਵੱਲ ਵਧੇਰੇ ਧਿਆਨ ਦੇਣ ਲਈ ਕਿਹਾ।
ਸੰਸਦ ਮੈਂਬਰ ਨੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ, ਜਿਵੇਂ ਕਿ ਪੀਣ ਵਾਲਾ ਸਾਫ ਪਾਣੀ, ਸਫ਼ਾਈ, ਛੱਪੜਾਂ ਦੀ ਸਫ਼ਾਈ, ਵਾਤਾਵਰਨ ਦੀ ਸੰਭਾਲ ਨਾਲ ਸਬੰਧਤ ਕਾਰਜਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਥਾਨਕ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਸਫ਼ਾਈ ਵਿਵਸਥਾ ਨੂੰ ਵੀ ਮਜ਼ਬੂਤ ਕੀਤਾ ਜਾਵੇ।
ਸ. ਕੰਗ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ (ਮਨਰੇਗਾ), ਕੌਮੀ ਸਿਹਤ ਮਿਸ਼ਨ, ਜਲ ਜੀਵਨ ਮਿਸ਼ਨ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਸਵੱਛ ਭਾਰਤ ਮਿਸ਼ਨ (ਗ੍ਰਾਮੀਣ), ਸਮੱਗਰ ਸਿੱਖਿਆ ਅਭਿਆਨ, ਮਿਡ-ਡੇਅ ਮੀਲ ਸਕੀਮ, ਕੌਮੀ ਖੁਰਾਕ ਸੁਰੱਖਿਆ ਮਿਸ਼ਨ, ਅਤੇ ਐੱਮ.ਪੀ. ਲੈਡ ਸਕੀਮ ਸਮੇਤ ਵੱਖ-ਵੱਖ ਕੇਂਦਰੀ ਯੋਜਨਾਵਾਂ ਦੀ ਪ੍ਰਗਤੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਸ. ਕੰਗ ਨੇ ਕਿਹਾ ਕਿ ਜਿਨ੍ਹਾਂ ਯੋਜਨਾਵਾਂ ਤਹਿਤ ਫੰਡ ਉਪਲਬਧ ਕਰਵਾਏ ਗਏ ਹਨ, ਉਨ੍ਹਾਂ ਦੀ ਸਮੇਂ ਸਿਰ ਅਤੇ ਨਿਯਮਾਂ ਅਨੁਸਾਰ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੱਲ ਰਹੇ ਕਾਰਜਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਜਿਥੇ ਵੀ ਕਿਸੇ ਯੋਜਨਾ ਜਾਂ ਵਿਕਾਸ ਕਾਰਜ ਨੂੰ ਲਾਗੂ ਕਰਨ ਵਿੱਚ ਮੁਸ਼ਕਲ ਆ ਰਹੀ ਹੈ, ਉਸ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਹੱਲ ਕੀਤਾ ਜਾਵੇ।
ਸ੍ਰੀ ਮਾਲਵਿੰਦਰ ਸਿੰਘ ਕੰਗ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੰਬਿਤ ਅਤੇ ਪ੍ਰਗਤੀ ਅਧੀਨ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਅਸਲ ਮਕਸਦ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਅਤੇ ਸਮਾਜਿਕ-ਆਰਥਿਕ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ ਹੈ, ਜਿਸ ਲਈ ਸਾਰੇ ਵਿਭਾਗ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ।
ਮੀਟਿੰਗ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ, ਸ੍ਰੀਮਤੀ ਕੋਮਲ ਮਿੱਤਲ ਨੇ ਸੰਸਦ ਮੈਂਬਰ ਸ੍ਰੀ ਮਾਲਵਿੰਦਰ ਸਿੰਘ ਕੰਗ ਨੂੰ ਵਿਸ਼ਵਾਸ ਦਵਾਇਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕਰਵਾਉਣ ਦੇ ਨਾਲ-ਨਾਲ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਵਿਚਾਰੇ ਗਏ ਮਾਮਲਿਆਂ ’ਤੇ ਸਮਾਂਬੱਧ ਕਾਰਵਾਈ ਕੀਤੀ ਜਾਵੇ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਲੋੜੀਂਦੀ ਰਿਪੋਰਟ ਸਮੇਂ ਸਿਰ ਪੇਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਭਲਾਈ ਅਤੇ ਵਿਕਾਸ ਨਾਲ ਸਬੰਧਤ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਡੇਰਾਬਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਗੜ੍ਹਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਐੱਸ.ਡੀ.ਐੱਮ ਮੋਹਾਲੀ, ਦਮਨਦੀਪ ਕੌਰ, ਵੱਖ-ਵੱਖ ਵਿਭਾਗਾਂ ਦੇ ਮੁਖੀ, ਕਾਰਜਸਾਧਕ ਅਫ਼ਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।












