ਰਾਜਪੁਰਾ, 28 ਅਗਸਤ ,ਬੋਲੇ ਪੰਜਾਬ ਬਿਊਰੋ;
ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ‘ਸਕੂਲ ਨਸ਼ਿਆਂ ਵਿਰੁੱਧ ਪ੍ਰੋਗਰਾਮ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਭੇਜੀਆਂ ਗਈਆਂ ਵਿਸ਼ੇਸ਼ ਜਾਗਰੂਕਤਾ ਵੀਡੀਓ ਦਿਖਾਈ ਗਈ। ਇਸ ਵੀਡੀਓ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਨ੍ਹਾਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਰਾਜਪੁਰਾ ਦੇ ਬੀ.ਪੀ.ਈ.ਓ. ਹਰਬੰਸ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਮਨੁੱਖ ਦੀ ਸਿਹਤ, ਸਿੱਖਿਆ ਅਤੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ। ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਪੜ੍ਹਾਈ ਅਤੇ ਜੀਵਨ ਵਿੱਚ ਮਿਹਨਤ ਨਾਲ ਅੱਗੇ ਵਧਣਾ ਚਾਹੀਦਾ ਹੈ।
ਸਕੂਲ ਦੀ ਹੈੱਡ ਮਿਸਟ੍ਰੈਸ ਵੀਨਾ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵੀਡੀਓ ਵਿੱਚ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਮਾਪਿਆਂ ਅਤੇ ਆਸ-ਪਾਸ ਦੇ ਲੋਕਾਂ ਨਾਲ ਸਾਂਝਾ ਕਰਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਖੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਇਲਾਕੇ ਵਿੱਚ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ।
ਉਨ੍ਹਾਂ ਦੱਸਿਆ ਕਿ ਸਕੂਲ ਵੱਲੋਂ ਸਵੇਰ ਦੀ ਸਭਾ ਦੌਰਾਨ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਿਰੰਤਰ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਨਸ਼ਾ ਵਿਰੋਧੀ ਵਿਸ਼ਿਆਂ ’ਤੇ ਡਰਾਇੰਗ, ਪੇਂਟਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਜਾਂਦੇ ਹਨ।
ਇਸ ਮੌਕੇ ਮੈਥ ਮਿਸਟ੍ਰੈੱਸ ਹਰਜੀਤ ਕੌਰ, ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ, ਹੀਨਾ ਨੋਡਲ ਅਧਿਆਪਕ ਸਕੂਲ ਨਸ਼ਿਆਂ ਵਿਰੁੱਧ ਅਤੇ ਸਕੂਲ ਦੇ ਹੋਰ ਅਧਿਆਪਕ ਤੇ ਕਰਮਚਾਰੀ ਵੀ ਹਾਜ਼ਰ ਸਨ।












