ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਮੁਲਾਜ਼ਮ ਡੀ ਏ ਤੇ ਹੋਰ ਮਸਲੇ ਹੱਲ ਨਾ ਹੋਣ ’ਤੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਮਾਮਲੇ ‘ਤੇ ਕਿਹਾ ਹੈ ਕਿ ਇਹ ਮਾਮਲਾ ਸੂਬਾ ਸਰਕਾਰ ਅਤੇ ਮੁਲਾਜ਼ਮਾਂ ਦਾ ਹੈ ਪਰ ਜੇਕਰ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਆਪਣੀ ਕਿਸੇ ਸਮੱਸਿਆ ਨੂੰ ਲੈ ਕੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰਦੇ ਹਨ ਤਾਂ ਉਹ ਇਸ ਬਾਰੇ ਜ਼ਰੂਰ ਸਰਕਾਰ ਨਾਲ ਗੱਲਬਾਤ ਕਰਨਗੇ।
ਉਨ੍ਹਾਂ ਇਹ ਵੀ ਮੰਨਿਆ ਕਿ ਚੋਣਾਂ ਦੇ ਨੇੜੇ ਆਉਂਦਿਆਂ ਅਜਿਹੇ ਹਾਲਾਤ ਅਤੇ ਵਿਰੋਧ ਪ੍ਰਦਰਸ਼ਨ ਆਮ ਤੌਰ ‘ਤੇ ਦੇਖਣ ਨੂੰ ਮਿਲਦੇ ਹਨ। ਲੁਧਿਆਣਾ ਦੇ ਪੀਏਯੂ ਵਿਖੇ ਇਕ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਰਾਜਪਾਲ ਨੇ ਇਹ ਸ਼ਬਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ।ਮੁਲਾਜ਼ਮਾਂ ਦੀ ਸਭ ਤੋਂ ਵੱਡੀ ਮੰਗ ਲੰਬਿਤ ਮਹਿੰਗਾਈ ਭੱਤੇ (ਡੀਏ) ਦੀਆਂ ਕਿਸ਼ਤਾਂ ਜਾਰੀ ਕਰਨਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਡੀਏ/ਡੀ.ਆਰ. ਦੀਆਂ ਕਿਸ਼ਤਾਂ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤੀ ਹੁਕਮਾਂ ਦੇ ਬਾਵਜੂਦ ਭੁਗਤਾਨ ਨਾ ਹੋਣ ਕਾਰਨ ਮੁਲਾਜ਼ਮ ਜਥੇਬੰਦੀਆਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ।ਮੁਲਾਜ਼ਮ ਜਥੇਬੰਦੀਆਂ ਅਨੁਸਾਰ 18 ਫੀਸਦੀ ਡੀਏ ਦਾ ਹਿੱਸਾ ਜਨਵਰੀ 2023 ਤੋਂ ਬਕਾਇਆ ਹੈ। ਹਾਈ ਕੋਰਟ ਦੇ ਹੁਕਮ ਤੋਂ ਬਾਅਦ ਵੀ ਇਸ ਦਾ ਭੁਗਤਾਨ ਨਾ ਹੋਣ ’ਤੇ ਮੁਲਾਜ਼ਮਾਂ ਵਿੱਚ ਰੋਸ ਹੈ। ਚੰਡੀਗੜ੍ਹ ਵਿੱਚ ਹੋਈ ਵੱਡੀ ਰੈਲੀ ਦੌਰਾਨ ਮੁਲਾਜ਼ਮਾਂ ਨੇ 18 ਫੀਸਦੀ ਬਕਾਇਆ ਡੀਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਉਠਾਈ ਸੀ।
ਸਾਂਝਾ ਮੁਲਾਜ਼ਮ ਮੰਚ ਮੁਹਾਲੀ ਦੇ ਕਨਵੀਨਰ ਅਮਿਤ ਕਟੋਚ ਨੇ ਦੱਸਿਆ ਕਿ ਮੁਲਾਜ਼ਮਾਂ ਦੇ ਮਸਲੇ ਹੱਲ ਕਰਵਾਉਣ ਤਕ ਸੰਘਰਸ਼ ਜਾਰੀ ਰਹੇਗਾ ਤੇ ਮਸਲੇ ਹੱਲ ਨਾ ਹੋਣ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਚੰਡੀਗੜ੍ਹ ਦਾਖਲ ਹੁੰਦੇ ਮੁਲਾਜ਼ਮਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਸਨ। ਹਾਲਾਂਕਿ ਮੁਹਾਲੀ ਤੋਂ ਚੰਡੀਗੜ੍ਹ ਵਿੱਚ ਦਾਖ਼ਲ ਹੁੰਦੇ ਹੀ ਪੁਲੀਸ ਨੇ ਸੈਕਟਰ-39 ਨੇੜੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਤੇ ਇਸ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ 27 ਅਗਸਤ ਨੂੰ ਤੈਅ ਹੋਈ ਸੀ।
ਜ਼ਿਕਰਯੋਗ ਹੈ ਕਿ ਹਾਈ ਕੋਰਟ ਵਲੋਂ ਡੀ ਏ ਦੇਣ ਦੇ ਹੁਕਮ ਜਾਰੀ ਕਰਨ ਤੋਂ ਬਾਅਦ ਪੰਜਾਬ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਸੀ। ਵਿੱਤ ਵਿਭਾਗ ਦੇ ਤਾਜ਼ਾ ਹੁਕਮਾਂ ਅਨੁਸਾਰ ਜੇਕਰ ਕਿਸੇ ਮਾਮਲੇ ਵਿੱਚ ਅਦਾਲਤ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਰਾਹਤ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਲਾਗੂ ਕਰਨ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਦੀ ਮਨਜ਼ੂਰੀ ਲੈਣੀ ਪਵੇਗੀ।
ਵਿੱਤ ਵਿਭਾਗ ਵਲੋਂ 17 ਅਗਸਤ 2026 ਨੂੰ ਨਿਰਮਲ ਸਿੰਘ ਧਨੋਆ ਕੇਸ ਨਾਲ ਸਬੰਧਤ ਜਾਰੀ ਕੀਤੇ ਹੁਕਮਾਂ ਵਿੱਚ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਕਿਹਾ ਗਿਆ ਸੀ ਕਿ ਉਹ ਸਾਰੇ ਅਜਿਹੇ ਮਾਮਲਿਆਂ ਦੀ ਪੂਰੀ ਜਾਣਕਾਰੀ ਦੇਣ, ਜਿਨ੍ਹਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਆਧਾਰ ’ਤੇ ਫ਼ੈਸਲੇ ਹੋ ਚੁੱਕੇ ਹਨ ਅਤੇ ਜਿਨ੍ਹਾਂ ਨਾਲ ਸਰਕਾਰ ’ਤੇ ਵਿੱਤੀ ਬੋਝ ਪੈਂਦਾ ਹੈ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹੇ ਮਾਮਲਿਆਂ ਵਿੱਚ ਵਿੱਤ ਵਿਭਾਗ ਦੀ ਪਹਿਲਾਂ ਸਹਿਮਤੀ ਤੋਂ ਬਿਨਾਂ ਕੋਈ ਹੁਕਮ ਲਾਗੂ ਨਹੀਂ ਕੀਤਾ ਜਾਵੇਗਾ। ਜੇਕਰ ਇਸ ਮਾਮਲੇ ਸਬੰਧੀ ਆਮ ਹਦਾਇਤਾਂ ਪਹਿਲਾਂ ਜਾਰੀ ਨਾ ਹੋਈਆਂ ਹੋਣ ਤਾਂ ਵਿੱਤ ਵਿਭਾਗ ਦੀ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ।












