ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਹੇ ਕਥਿਤ
ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਇੱਕ ਬਹੁਤ ਹੀ ਜ਼ੋਰਦਾਰ ਅਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਪੂਰਵ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਕਰ ਰਹੀਆਂ ਸਨ। ਹਾਲਾਤ ਉਸ ਵੇਲੇ ਬੇਕਾਬੂ ਹੋ ਗਏ ਜਦੋਂ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਬੀਬੀ
ਹਰਸਿਮਰਤ ਕੌਰ ਬਾਦਲ, ਗਨੀਵ ਕੌਰ ਮਜੀਠੀਆ ਅਤੇ ਹੋਰ ਕਈ ਪ੍ਰਮੁੱਖ ਇਸਤਰੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਮਿਲੀ ਜਾਣਕਾਰੀ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਦਾ ਇਸਤਰੀ ਵਿੰਗ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਦੇ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨ ਲਈ ਚੰਡੀਗੜ੍ਹ ਵਿਖੇ ਇਕੱਠਾ ਹੋਇਆ ਸੀ। ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਸੈਂਕੜੇ ਮਹਿਲਾ ਵਰਕਰਾਂ ਨੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਚਰਮ ਸੀਮਾ ‘ਤੇ ਪਹੁੰਚ ਚੁੱਕਾ ਹੈ। ਪ੍ਰਦਰਸ਼ਨਕਾਰੀ ਮਹਿਲਾਵਾਂ ਮੰਗ ਕਰ ਰਹੀਆਂ ਸਨ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ।
ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਗਏ ਸਨ। ਪੁਲਿਸ ਨੇ ਇਸਤਰੀ ਵਿੰਗ ਦੇ ਮਾਰਚ ਨੂੰ ਮੁੱਖ ਮੰਤਰੀ ਦਫ਼ਤਰ ਵੱਲ ਜਾਣ ਤੋਂ ਰੋਕਣ ਲਈ ਰਸਤੇ ਵਿੱਚ ਮਜ਼ਬੂਤ ਬੈਰੀਕੇਡਿੰਗ ਕੀਤੀ ਹੋਈ ਸੀ। ਭਾਰੀ ਪੁਲਿਸ ਨਫ਼ਰੀ ਤਾਇਨਾਤ ਸੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਮਨ-ਕਾਨੂੰਨ ਦੀ ਸਥਿਤੀ ਨਾ ਵਿਗੜੇ। ਹਾਲਾਂਕਿ, ਜਿਵੇਂ ਹੀ ਪ੍ਰਦਰਸ਼ਨਕਾਰੀ ਬੈਰੀਕੇਡਾਂ ਕੋਲ ਪਹੁੰਚੇ , ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ।
ਜਦੋਂ ਅਕਾਲੀ ਦਲ ਦੇ ਇਸਤਰੀ ਵਿੰਗ ਦੀਆਂ ਬੀਬੀਆਂ ਨੇ ਪੁਲਿਸ ਦੀਆਂ ਰੋਕਾਂ ਦੀ ਪ੍ਰਵਾਹ ਨਾ ਕਰਦਿਆਂ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ ਅਤੇ ਤਿੱਖੀ ਝੜਪ ਹੋ ਗਈ। ਇਸਤਰੀ ਵਰਕਰਾਂ ਨੇ ਪੁਲਿਸ ਦੀਆਂ ਰੋਕਾਂ ਨੂੰ ਪਾਰ ਕਰਨ ਲਈ ਪੂਰਾ ਜ਼ੋਰ ਲਾਇਆ। ਸਥਿਤੀ ਨੂੰ ਕਾਬੂ ਵਿੱਚ ਕਰਨ ਲਈ ਚੰਡੀਗੜ੍ਹ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਬੀਬੀ ਹਰਸਿਮਰਤ ਕੌਰ ਬਾਦਲ, ਗਨੀਵ ਕੌਰ ਮਜੀਠੀਆ ਅਤੇ ਹੋਰ ਕਈ ਸੀਨੀਅਰ ਅਹੁਦੇਦਾਰਾਂ ਨੂੰ ਮੌਕੇ‘ਤੇ ਹੀ ਹਿਰਾਸਤ ਵਿੱਚ ਲੈ ਲਿਆ ਅਤੇ ਸਰਕਾਰੀ ਬੱਸਾਂ ਵਿੱਚ ਬਠਾ ਕੇ ਥਾਣੇ ਲੈ ਗਈ।ਹਿਰਾਸਤ ਵਿੱਚ ਲਏ ਜਾਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਅਮੀਰਾਂ ਅਤੇ ਭ੍ਰਿਸ਼ਟਾਚਾਰੀਆਂ ਨੂੰ ਪਨਾਹ ਦੇ ਰਹੀ ਹੈਅਤੇ ਜਦੋਂ ਵਿਰੋਧੀ ਧਿਰਾਂ ਜਨਤਾ ਦੇ ਹੱਕਾਂ ਅਤੇ ਈਮਾਨਦਾਰੀ ਲਈ ਆਵਾਜ਼ ਚੁੱਕਦੀਆਂ ਹਨ, ਤਾਂ ਪੁਲਿਸ ਦੇ ਜ਼ੋਰ ‘ਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਸਾਫ਼ ਕੀਤਾ ਕਿ ਅਕਾਲੀ ਦਲ ਦਾ ਇਸਤਰੀ ਵਿੰਗ ਅਜਿਹੇ ਧੱਕੇਸ਼ਾਹੀ ਵਾਲੇ ਰਵੱਈਏ ਤੋਂ ਡਰਨ ਵਾਲਾ ਨਹੀਂ ਹੈ ਅਤੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਇਹ ਸੰਘਰਸ਼ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਗਨੀਵ ਕੌਰ ਮਜੀਠੀਆ ਨੇ ਵੀ ਸਰਕਾਰ ਦੀਆਂ ਨੀਤੀਆਂ ਦੀ ਕਰੜੀ ਆਲੋਚਨਾ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਇਸ ਭ੍ਰਿਸ਼ਟ ਵਿਵਸਥਾ ਤੋਂ ਅੱਕ ਚੁੱਕੀ ਹੈ। ਇਸ ਘਟਨਾ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਸਿਆਸੀ ਪਾਰਾ ਹੋਰ ਗਰਮਾ ਗਿਆ ਹੈ। ਅਕਾਲੀ ਦਲ ਦੇ ਵਰਕਰਾਂ ਵਿੱਚ ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।












