ਸਿੱਖਾਂ ਨੂੰ ਜਬਰ ਨਾਲ ਕੈਦ ਨਹੀਂ ਰੱਖਿਆ ਜਾ ਸਕਦਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਕਰਾਂਗੇ ਹੋਰ ਤੇਜ਼: ਸਿਮਰਨਜੀਤ ਸਿੰਘ ਮਾਨ

ਨੈਸ਼ਨਲ ਪੰਜਾਬ

ਸਿੱਖਾਂ ਨੂੰ ਜਬਰ ਨਾਲ ਕੈਦ ਨਹੀਂ ਰੱਖਿਆ ਜਾ ਸਕਦਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਕਰਾਂਗੇ ਹੋਰ ਤੇਜ਼: ਸਿਮਰਨਜੀਤ ਸਿੰਘ ਮਾਨ

ਨਵੀਂ ਦਿੱਲੀ, 05 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼ੇਰਾਂ ਨੂੰ ਪਿੰਜਰੇ ਵਿਚ ਜਬਰੀ ਡੱਕਣਾ ਜਿਵੇਂ ਅਣਮਨੁੱਖੀ ਅਤੇ ਨਿੰਦਣਯੋਗ ਹੈ, ਉਸੇ ਤਰ੍ਹਾਂ ਕਿਸੇ ਕੌਮ ਨੂੰ ਜਬਰ, ਡਰ ਅਤੇ ਬੇਇਨਸਾਫੀ ਰਾਹੀਂ ਦਬਾ ਕੇ ਰੱਖਣਾ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਤੋਂ ਲੈ ਕੇ ਦਸਵੇਂ ਪਾਤਸ਼ਾਹ ਤੱਕ ਸਿੱਖ ਨੂੰ ਅਣਖ, ਨਿਡਰਤਾ ਅਤੇ ਬਹਾਦਰੀ ਦੀ ਜੀਵਨ-ਜਾਚ ਮਿਲੀ ਹੈ। 1947 ਤੋਂ ਬਾਅਦ ਸਿੱਖਾਂ ਨਾਲ ਹੋਏ ਵਿਤਕਰੇ, ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਫੌਜੀ ਹਮਲੇ, 1984 ਦੇ ਕਤਲੇਆਮ ਅਤੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਨੇ ਕੌਮ ਦੇ ਮਨ ਵਿਚ ਡੂੰਘੇ ਜ਼ਖ਼ਮ ਛੱਡੇ ਹਨ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿਚ ਰੱਖਣਾ ਗੰਭੀਰ ਮਨੁੱਖੀ ਅਧਿਕਾਰਾਂ ਦਾ ਮਸਲਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਦੀਆਂ ਨੂੰ ਆਪਣੇ ਬਜ਼ੁਰਗ ਮਾਪਿਆਂ ਨਾਲ ਮਿਲਣ ਲਈ ਪੈਰੋਲ ਤੋਂ ਵਾਂਝਾ ਰੱਖਣਾ ਵੀ ਚਿੰਤਾਜਨਕ ਹੈ। ਮਾਨ ਨੇ ਕਿਹਾ ਕਿ ਇਕ ਪਾਸੇ ਭਾਰਤ ਸਰਕਾਰ ਵਿਦੇਸ਼ਾਂ ਵਿਚ ਆਪਣੇ ਆਪ ਨੂੰ ਦੁਨੀਆ ਦੀ ਵੱਡੀ ਜਮਹੂਰੀਅਤ ਵਜੋਂ ਪੇਸ਼ ਕਰਦੀ ਹੈ, ਜਦਕਿ ਦੂਜੇ ਪਾਸੇ ਸਿੱਖਾਂ ਦੇ ਹੱਕਾਂ ਨਾਲ ਹੋ ਰਹੇ ਕਥਿਤ ਵਿਤਕਰੇ ਅਤੇ ਬੰਦੀ ਸਿੰਘਾਂ ਦੇ ਮਾਮਲੇ ਇਸ ਦਾਅਵੇ ਉਤੇ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਨਾਲ ਹੋ ਰਹੀ ਬੇਇਨਸਾਫੀ ਨੂੰ ਅਣਮਿੱਥੇ ਸਮੇਂ ਤੱਕ ਸਹਿਣ ਲਈ ਤਿਆਰ ਨਹੀਂ ਅਤੇ ਇਨ੍ਹਾਂ ਮਾਮਲਿਆਂ ਨੂੰ ਕੌਮੀ ਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਦੇ ਧਿਆਨ ਵਿਚ ਲਿਆਂਦਾ ਜਾਂਦਾ ਰਿਹਾ ਹੈ। ਮਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਸਿੱਖਾਂ ਦੇ ਵਿਧਾਨਕ ਤੇ ਮਨੁੱਖੀ ਹੱਕਾਂ ਦੀ ਰਾਖੀ ਅਤੇ ਕੌਮ ਦੀ ਰਾਜਸੀ ਆਜ਼ਾਦੀ ਦੀ ਆਵਾਜ਼ ਨੂੰ ਜਬਰ ਨਾਲ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ੇਰਾਂ ਨੂੰ ਪਿੰਜਰੇ ਵਿਚ ਡੱਕ ਕੇ ਸਦੀਵੀ ਤੌਰ ’ਤੇ ਕੈਦ ਨਹੀਂ ਰੱਖਿਆ ਜਾ ਸਕਦਾ ਅਤੇ ਸਿੱਖ ਕੌਮ ਵੀ ਆਪਣੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।