ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਜਲਦ ਤੋਂ ਜਲਦ ਕਾਰਵਾਈ ਦਾ ਦਿੱਤਾ ਭਰੋਸਾ


ਐਸ.ਏ.ਐਸ. ਨਗਰ (ਮੋਹਾਲੀ), 7 ਸਤੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਅਤੇ ਸਮੂਹ ਦਰਜਾ ਤਿੰਨ ਕਰਮਚਾਰੀਆਂ ਵੱਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰੈਸ ਸਕੱਤਰ ਹਰੀਸ਼ ਪ੍ਰਸਾਦ, ਕੈਸ਼ੀਅਰ ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਗਿੱਲ ਸਮੇਤ ਸਮੂਹ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਅਤੇ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਚੇਅਰਮੈਨ ਨੂੰ ਜਾਣੂ ਕਰਵਾਇਆ ਗਿਆ ਅਤੇ ਇਨ੍ਹਾਂ ਦੇ ਜਲਦ ਨਿਪਟਾਰੇ ਦੀ ਮੰਗ ਕੀਤੀ ਗਈ।
ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਐਗਰੋ ਤੋਂ ਮਰਜ ਹੋਏ ਕਰਮਚਾਰੀਆਂ ਦੀਆਂ ਸੇਵਾ ਸ਼ਰਤਾਂ ਅਤੇ ਉਹਨਾਂ ਵੱਲੋਂ ਆਪਣੀ ਸੀਨੀਆਰਤਾ ਸਬੰਧੀ ਦਾਇਰ ਕੀਤੇ ਗਏ ਕੇਸਾਂ ਦਾ ਮੁੱਦਾ ਵੀ ਉਠਾਇਆ ਗਿਆ। ਯੂਨੀਅਨ ਦੇ ਆਗੂਆਂ ਨੇ ਚੇਅਰਮੈਨ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਮੰਡੀ ਬੋਰਡ ਵਿੱਚ ਮਰਜ਼ ਹੋਏ ਪੰਜਾਬ ਐਗਰੋ ਦੇ ਕਰਮਚਾਰੀਆਂ ਦੇ ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਸੀ ਕਿ ਇਨ੍ਹਾਂ ਕਰਮਚਾਰੀਆਂ ਦੀ ਸੀਨੀਆਰਤਾ ਪੰਜਾਬ ਮੰਡੀ ਬੋਰਡ ਵਿੱਚ ਮਰਜ ਹੋਣ ਦੀ ਮਿਤੀ ਤੋਂ ਮੰਨੀ ਜਾਵੇਗੀ ਅਤੇ ਪੰਜਾਬ ਮੰਡੀ ਬੋਰਡ ਵਿੱਚ ਪਹਿਲਾਂ ਨਿਯੁਕਤ ਹੋਏ ਕਲਰਕਾਂ ਦੀ ਸੀਨੀਆਰਤਾ ਤੋਂ ਹੇਠਾਂ ਫਿਕਸ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਮੰਡੀ ਬੋਰਡ ਵਿੱਚ ਡੈਪੂਟੇਸ਼ਨ ’ਤੇ ਕੰਮ ਕਰ ਰਹੇ ਪੰਜਾਬ ਐਗਰੋ ਦੇ ਮੁਲਾਜ਼ਮਾਂ ਨੂੰ ਉਹਨਾਂ ਦੇ ਮੂਲ ਵਿਭਾਗ ਵਿੱਚ ਤੁਰੰਤ ਵਾਪਸ ਭੇਜਿਆ ਜਾਵੇ। ਯੂਨੀਅਨ ਆਗੂਆਂ ਨੇ ਇਹ ਵੀ ਮੰਗ ਰੱਖੀ ਕਿ ਭਵਿੱਖ ਵਿੱਚ ਕਿਸੇ ਵੀ ਹੋਰ ਵਿਭਾਗ ਜਾਂ ਕਾਰਪੋਰੇਸ਼ਨ ਦੇ ਕਰਮਚਾਰੀਆਂ ਨੂੰ ਡੈਪੂਟੇਸ਼ਨ ’ਤੇ ਲੈਣ ਜਾਂ ਮਰਜ ਕਰਨ ’ਤੇ ਮੁਕੰਮਲ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਮੰਡੀ ਬੋਰਡ ਦੇ ਮੌਜੂਦਾ ਕਰਮਚਾਰੀਆਂ ਦੀਆਂ ਤਰੱਕੀਆਂ, ਸੀਨੀਆਰਤਾ ਅਤੇ ਸੇਵਾ ਨਾਲ ਸਬੰਧਤ ਹੋਰ ਮਾਮਲਿਆਂ ਵਿੱਚ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਸਮੇਂ ਸਿਰ ਨਿਪਟਾਰੇ ਨਾਲ ਜਿੱਥੇ ਕਰਮਚਾਰੀਆਂ ਵਿੱਚ ਸੰਤੁਸ਼ਟੀ ਪੈਦਾ ਹੋਵੇਗੀ, ਉੱਥੇ ਹੀ ਵਿਭਾਗ ਦੇ ਕੰਮਕਾਜ ਵਿੱਚ ਵੀ ਹੋਰ ਬਿਹਤਰੀ ਆਵੇਗੀ। ਇਸ ਮੌਕੇ ਯੂਨੀਅਨ ਵੱਲੋਂ ਚੇਅਰਮੈਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਇਨ੍ਹਾਂ ਮੰਗਾਂ ’ਤੇ ਹਮਦਰਦੀਪੂਰਵਕ ਵਿਚਾਰ ਕਰਦਿਆਂ ਜਲਦ ਤੋਂ ਜਲਦ ਯੋਗ ਕਾਰਵਾਈ ਕੀਤੀ ਜਾਵੇਗੀ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਵਚਨਬੱਧ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।