ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ;
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕੌਮੀ ਕਮਿਸ਼ਨ ਨੇ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਮਿਲੇ ਅਧਿਕਾਰਾਂ ਤਹਿਤ ਮਜ਼ਦੂਰ ਦੀ ਖ਼ੁਦਕੁਸ਼ੀ ਦੇ ਮਾਮਲੇ ਦੀ ਜਾਂਚ ਕਰਨ ਦਾ ਫ਼ੈਸਲਾ ਕੀਤਾ ਹੈ।
ਕੌਮੀ ਕਮਿਸ਼ਨ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲੀਸ ਨੂੰ ਨੋਟਿਸ ਜਾਰੀ ਕਰਕੇ 5 ਦਿਨਾਂ ਦੇ ਅੰਦਰ-ਅੰਦਰ ਇਸ ਮਾਮਲੇ ਦੇ ਤੱਥਾਂ ਅਤੇ ਇਸ ਸਬੰਧੀ ਕੀਤੀ ਕਾਰਵਾਈ ਦੀ ਵਿਸਥਾਰਤ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।
ਭਾਜਪਾ ਐੱਸ.ਸੀ. ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਕੌਮੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ’ਤੇ ਕਾਰਵਾਈ ਕਰਦਿਆਂ ਕੌਮੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਦੇ ਪੱਤਰ ਅਨੁਸਾਰ ਮਜ਼ਦੂਰ ਗੁਲਜ਼ਾਰ ਸਿੰਘ ਨੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸਾਹਮਣੇ ਸੂਬੇ ਵਿੱਚ ਫੈਲੇ ਨਸ਼ਿਆਂ ਦਾ ਮੁੱਦਾ ਚੁੱਕਿਆ ਸੀ। ਆਪਣੀ ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਉਸ ਨੇ ਮੰਤਰੀ ਅਤੇ ਪਿੰਡ ਦੀ ਪੰਚਾਇਤ ਦੇ ਕੁੱਝ ਮੈਂਬਰਾਂ ਵੱਲੋਂ ਪਾਏ ਜਾ ਰਹੇ ਦਬਾਅ ਕਾਰਨ ਜ਼ਹਿਰ ਖਾਣ ਦਾ ਦਾਅਵਾ ਕੀਤਾ ਸੀ।
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਇਸ ਘਟਨਾ ਨੂੰ ਬੇਹੱਦ ਗੰਭੀਰ ਅਤੇ ਸੰਵੇਦਨਸ਼ੀਲ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਤ ਤੋਂ ਪਹਿਲਾਂ ਇੱਕ ਵਿਅਕਤੀ ਵੱਲੋਂ ਵੀਡੀਓ ਰਾਹੀਂ ਮੰਤਰੀ ਅਤੇ ਪੰਚਾਇਤ ਮੈਂਬਰਾਂ ’ਤੇ ਨਾਮਜ਼ਦ ਗੰਭੀਰ ਦੋਸ਼ ਲਗਾਉਣਾ ਅਤਿ ਸੰਵੇਦਨਸ਼ੀਲ ਮੁੱਦਾ ਹੈ, ਜਿਸ ਦੀ ਨਿਰਪੱਖ, ਆਜ਼ਾਦ ਅਤੇ ਉੱਚ ਪੱਧਰੀ ਜਾਂਚ ਹੋਣੀ ਲਾਜ਼ਮੀ ਹੈ।
ਕੌਮੀ ਚੇਅਰਮੈਨ ਨੇ ਐਲਾਨ ਕੀਤਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਦੋਸ਼ਾਂ ਦੀ ਅਸਲ ਸਚਾਈ ਦਾ ਪਤਾ ਲਗਾਉਣ ਲਈ ਉਹ ਖ਼ੁਦ 10 ਸਤੰਬਰ ਨੂੰ ਸੰਗਰੂਰ ਦਾ ਦੌਰਾ ਕਰਨਗੇ। ਕਮਿਸ਼ਨ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਚੇਤੇ ਰਹੇ ਕਿ ਅੱਜ ਪਿੰਡ ਤੂਰਬੰਜਾਰਾ ’ਚ ਮਜ਼ਦੂਰ ਦਾ ਸਸਕਾਰ ਵੀ ਨਾਅਰੇਬਾਜ਼ੀ ਅਤੇ ਤਕਰਾਰ ਦੌਰਾਨ ਹੀ ਹੋਇਆ ਹੈ।












