ਨਵੀਂ ਦਿੱਲੀ, 10 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦੱਖਣੀ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਵੇਂ ਜੋੜਾ ਘਰ ਅਤੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਕਾਰ ਸੇਵਾ ਵਾਲੇ ਮਹਾਂਪੁਰਖ ਬਾਬਾ ਬਚਨ ਸਿੰਘ ਜੀ, ਬਾਬਾ ਸੁਰਿੰਦਰ ਸਿੰਘ ਜੀ ਅਤੇ ਉਨ੍ਹਾਂ ਦੀ ਸੰਪਰਦਾ ਦੇ ਸੇਵਾਦਾਰਾਂ ਵੱਲੋਂ ਇਹ ਨਵਾਂ ਜੋੜਾ ਘਰ ਅਤੇ ਦਫ਼ਤਰ ਬਹੁਤ ਹੀ ਸੁੰਦਰ ਢੰਗ ਨਾਲ ਤਿਆਰ ਕੀਤੇ ਗਏ ਹਨ। ਅਰਦਾਸ ਉਪਰੰਤ ਇਨ੍ਹਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੋਂ ਇਲਾਵਾ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਨਵੇਂ ਜੋੜਾ ਘਰ ਦੇ ਨਾਲ-ਨਾਲ ਨਵੇਂ ਦਫ਼ਤਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦਫ਼ਤਰ ਵਿੱਚ ਕਿਤਾਬਾਂ ਦੀ ਸੁਚੱਜੀ ਸਾਂਭ-ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕਰਨ ਦੇ ਨਾਲ-ਨਾਲ ਹੋਰ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਇਸੇ ਤਰ੍ਹਾਂ ਜੋੜਾ ਘਰ ਦੇ ਨੇੜੇ ਹੱਥ ਧੋਣ ਲਈ ਵਾਸ਼ਬੇਸਿਨ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਸੁਚੱਜੇ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੱਛਮੀ ਦਿੱਲੀ ਤੋਂ ਲੈ ਕੇ ਦੱਖਣੀ ਦਿੱਲੀ ਤੱਕ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਇਤਿਹਾਸਕ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਕਮੇਟੀ ਦਾ ਟੀਚਾ ਗੁਰਪੁਰਬ ਤੋਂ ਪਹਿਲਾਂ ਇਹ ਕੰਮ ਮੁਕੰਮਲ ਕਰਨ ਦਾ ਸੀ ਅਤੇ ਅਕਾਲ ਪੁਰਖ ਦੀ ਬਖ਼ਸ਼ਿਸ਼ ਸਦਕਾ ਇਹ ਕਾਰਜ ਸਮੇਂ ਸਿਰ ਸੰਪੂਰਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 12 ਸਤੰਬਰ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸੰਗਤਾਂ ਵੱਲੋਂ ਵੱਡੀ ਪੱਧਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੀਆਂ। ਇਸ ਮੌਕੇ ਦਿੱਲੀ ਕਮੇਟੀ ਦੇ ਮੈਂਬਰ ਸਰਦਾਰ ਗੁਰਮੀਤ ਸਿੰਘ ਭਾਟੀਆ, ਸਰਦਾਰ ਕੁਲਦੀਪ ਸਿੰਘ ਸਾਹਨੀ, ਸਰਦਾਰ ਹਰਜੀਤ ਸਿੰਘ ਬੇਦੀ, ਸਰਦਾਰ ਮਨਜੀਤ ਸਿੰਘ ਅਤੇ ਹੋਰ ਪਤਵੰਤੇ ਤੇ ਸੰਗਤਾਂ ਵੀ ਹਾਜ਼ਰ ਸਨ।












