ਹੁਸ਼ਿਆਰਪੁਰ 13 ਸਤੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੰਤਰੀਆਂ ਦੇ ਦਫਤਰਾਂ, ਘਰਾਂ ਦੇ ਘਿਰਾਉ ਦੇ ਸੱਦੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਦੇ ਕਨਵੀਨਰ ਕਮ ਕੋਆਰਡੀਨੇਟਰ ਸਤੀਸ਼ ਰਾਣਾ, ਸ਼ਿਵ ਕੁਮਾਰ ਤਿਵਾੜੀ, ਮੱਖਣ ਸਿੰਘ ਵਾਹਿਦਪੁਰੀ, ਅਮਰੀਕ ਸਿੰਘ, ਕੁਲਵਰਨ ਸਿੰਘ, ਸੁਰਿੰਦਰ ਕੁਮਾਰ ਪੁਆਰੀ, ਅਨੁਰਿਧ ਮੋਦਗਿਲ, ਜੈਲ ਸਿੰਘ, ਸੰਜੀਵ ਕੁਮਾਰ, ਜਸਵੀਰ ਤਲਵਾੜਾ, ਸੁਖਦੇਵ ਡਾਨਸੀਵਾਲ, ਨਿਰਮਲ ਸਿੰਘ ਹੁਸ਼ਿਆਰਪੁਰ, ਕਮਲਜੀਤ ਕੌਰ, ਸ਼ਕੁੰਤਲਾ ਦੇਵੀ ਦੀ ਅਗਵਾਈ ਹੇਠ ਬੱਸ ਸਟੈਂਡ ਗੜ੍ਹਸ਼ੰਕਰ ਵਿੱਚ ਵਿਸ਼ਾਲ ਇੱਕਠ ਉਪਰੰਤ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਰਿਹਾਇਸ਼ ਵੱਲ ਨੂੰ ਰੋਸ ਮਾਰਚ ਅਤੇ ਮੁਜ਼ਾਹਰਾ ਕੀਤਾ ਗਿਆ। ਰੋਸ ਮਾਰਚ ਅਤੇ ਮੁਜ਼ਾਹਰੇ ਵਿੱਚ ਸ਼ਾਮਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਦਾ ਪ੍ਰਗਟਾਵਾ ਕਰਨ ਲਈ ਕਾਲੇ ਝੰਡੇ ਵੀ ਚੁੱਕੇ ਹੋਏ ਸਨ। ਰੋਸ ਮਾਰਚ ਦੌਰਾਨ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਤਾਲਮੇਲ ਕਮੇਟੀ ਦੇ ਆਗੂਆਂ ਕੁਲਦੀਪ ਸਿੰਘ ਦੌੜਕਾ, ਕੁਲਵਿੰਦਰ ਸਿੰਘ ਅਟਵਾਲ ਆਦਿ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਅਤੇ ਹਾਈ ਕੋਰਟ ਦੇ ਫੈਸਲੇ ਅਨੁਸਾਰ ਰਹਿੰਦੇ 18 ਫ਼ੀਸਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਮਾਣ-ਭੱਤਾ ਇਨਸੈਂਟਿਵ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਏ ਸੀ ਪੀ ਸਕੀਮ ਬਹਾਲ ਕੀਤੀ ਜਾਵੇ, ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ ਰੱਦ ਕੀਤੇ ਜਾਣ, ਪੈਨਸ਼ਨਰਾਂ ਦਾ ਬੱਝਵਾਂ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ। ਉਨ੍ਹਾਂ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਮ ਐੱਫ ਆਈ ਆਰ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਆਪਣੇ ਘਰ ਸਾਹਮਣੇ ਲੱਗੇ ਰੋਸ ਧਰਨੇ ਵਿੱਚ ਪੁੱਜ ਕੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ਬਲਵੀਰ ਸਿੰਘ ਖਾਨ ਪੁਰੀ, ਸੱਤਪਾਲ ਸਲੋਹ, ਜਸਵਿੰਦਰ ਸਿੰਘ, ਮਨਜੀਤ ਸਿੰਘ ਦਸੂਹਾ, ਕਮਲਦੇਵ, ਜੁਝਾਰ ਸਹੂੰਗੜਾ, ਨੰਦ ਲਾਲ ਭੰਗਲ, ਇੰਦਰਜੀਤ ਕੌਰ, ਰਾਜਵਿੰਦਰ ਕੌਰ ਨਾਗਰਾ, ਰਸ਼ਪਾਲ ਕੌਰ, ਕਿਸਾਨ ਆਗੂ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਹਰਮੇਸ਼ ਢੇਸੀ, ਕੁਲਵਿੰਦਰ ਚਾਹਲ ਕੁਲਭੂਸ਼ਨ ਕੁਮਾਰ, ਰਾਮਜੀ ਚੌਹਾਨ, ਬਲਵੰਤ ਰਾਮ, ਮਹਾਂ ਸਿੰਘ ਰੋੜੀ ਆਦਿ ਹਾਜ਼ਰ ਸਨ।












