ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਨੇ ਠੋਸ ਉਪਰਾਲੇ: ਕੁਲਵੰਤ ਸਿੰਘ
ਬੈਡਮਿੰਟਨ ਕੋਰਟ ਦੀ ਉਸਾਰੀ ਖਿਡਾਰੀਆਂ ਅਤੇ ਨੌਜਵਾਨਾਂ ਲਈ ਵਰਦਾਨ: ਡਾ. ਸਨੀ ਆਹਲੂਵਾਲੀਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ ,ਬੋਲੇ ਪੰਜਾਬ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਖੇਡ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੂਬੇ ਵਿੱਚ 3100 ਦੇ ਕਰੀਬ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਜਦਕਿ ਵਿਧਾਨ ਸਭਾ ਹਲਕਾ ਐੱਸ.ਏ.ਐੱਸ. ਨਗਰ ਵਿੱਚ 32 ਖੇਡ ਸਟੇਡੀਅਮ ਨਿਰਮਾਣ ਅਧੀਨ ਹਨ, ਜਿਨ੍ਹਾਂ ਵਿੱਚੋਂ ਕਈ ਮੁਕੰਮਲ ਹੋ ਚੁੱਕੇ ਹਨ।
ਇਹ ਪ੍ਰਗਟਾਵਾ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਵਾਰਡ ਨੰਬਰ 6 ਵਿਖੇ ਮੋਹਾਲੀ ਨਗਰ ਨਿਗਮ ਵੱਲੋਂ ਲਗਭਗ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਬੈਡਮਿੰਟਨ ਕੋਰਟ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਹ ਪ੍ਰਾਜੈਕਟ ਵਾਰਡ ਵਾਸੀਆਂ ਦੀ ਮੰਗ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਤੇ ਕੌਂਸਲਰ ਡਾ. ਸਨੀ ਆਹਲੂਵਾਲੀਆ ਦੇ ਯਤਨਾਂ ਸਦਕਾ ਨੇਪਰੇ ਚੜ੍ਹਿਆ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਖੇਡ ਸਹੂਲਤਾਂ ਵਿੱਚ ਵਾਧੇ ਨਾਲ ਨੌਜਵਾਨ ਨਾ ਸਿਰਫ਼ ਤੰਦਰੁਸਤ ਰਹਿਣਗੇ, ਸਗੋਂ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਯੋਗਸ਼ਾਲਾ’ ਤਹਿਤ ਯੋਗਾ ਕਲਾਸਾਂ ਵੀ ਚਲਾਈਆਂ ਜਾ ਰਹੀਆਂ ਹਨ ਅਤੇ ਖੇਡ ਪ੍ਰਬੰਧਕਾਂ ਵੱਲੋਂ ਵੱਖ-ਵੱਖ ਪੱਧਰਾਂ ’ਤੇ ਖੇਡ ਮੇਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਤਰਜੀਹ ਕਾਰਨ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧੀ ਹੈ ਅਤੇ ਇਹ ਇੱਕ ਸਿਹਤਮੰਦ ਤੇ ਬਿਹਤਰ ਸਮਾਜ ਦੀ ਸਿਰਜਣਾ ਵੱਲ ਮਹੱਤਵਪੂਰਨ ਕਦਮ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕੌਂਸਲਰ ਡਾ. ਸਨੀ ਆਹਲੂਵਾਲੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਣ ਲਈ ਲਗਾਤਾਰ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਾਰਡ ਵਿੱਚ ਬੈਡਮਿੰਟਨ ਕੋਰਟ ਦੀ ਸਹੂਲਤ ਉਪਲਬਧ ਹੋਣ ਨਾਲ ਇਲਾਕੇ ਦੇ ਖਿਡਾਰੀਆਂ, ਖਾਸ ਕਰਕੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ।
ਇਸ ਮੌਕੇ ਡਾ. ਸਨੀ ਆਹਲੂਵਾਲੀਆ ਨੇ ਕਿਹਾ ਕਿ ਵਾਰਡ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਬੈਡਮਿੰਟਨ ਕੋਰਟ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਇਲਾਕੇ ਦੇ ਖਿਡਾਰੀਆਂ ਲਈ ਵਰਦਾਨ ਸਾਬਤ ਹੋਵੇਗੀ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਸ. ਗੁਰਪ੍ਰੀਤ ਸਿੰਘ ਜੀ.ਪੀ., ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੌਂਸਲਰ ਡਾ. ਸਨੀ ਆਹਲੂਵਾਲੀਆ, ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਪ੍ਰਸਿੱਧ ਸਮਾਜ ਸੇਵੀ ਗੁਰਦੀਪ ਸਿੰਘ ਰਾਜਾ ਆਹਲੂਵਾਲੀਆ, ਜਸਵੀਰ ਸਿੰਘ, ਸਵਰਨ ਚੌਧਰੀ, ਡਾ. ਚੰਡੋਕ, ਜਨਕ ਰਾਜ, ਨਛੱਤਰ ਸਿੰਘ ਭੰਗੂ, ਤੇਜਿੰਦਰ ਕੌਰ, ਵਿਸ਼ਵਾ ਮਿੱਤਰ ਵਧਵਾ, ਕੁਲਵਿੰਦਰਜੀਤ ਕੌਰ (ਵਾਰਡ ਇੰਚਾਰਜ ਨੰਬਰ 7), ਹਰਿੰਦਰ ਸਿੰਘ, ਕੁਲਬੀਰ ਸਿੰਘ, ਨਿਰਵੈਰ ਸਿੰਘ, ਹਰਪ੍ਰੀਤ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ












