ਸਾਬਤ-ਸੂਰਤ ਨੂੰ ‘ਨਕਾਰਨ’ ਵਾਲਿਆਂ ਤੋਂ ਅਕਾਲ ਤਖ਼ਤ ਸਾਹਿਬ ਲਵੇ ਜਵਾਬ! ਕਾਲਕਾ-ਕਾਹਲੋਂ-ਚੱਡਾ ਨਾਲ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਵੀ ਕੀਤੇ ਜਾਣ ਤਲਬ: ਸੰਤ ਮੀਤ ਸਿੰਘ

ਨੈਸ਼ਨਲ ਪੰਜਾਬ

ਨਵੀਂ ਦਿੱਲੀ 16 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਐੱਸ.ਓ.ਆਈ. ਦੇ ਚੋਣ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਦੇ ਮਾਮਲੇ ਵਿੱਚ ਦਿੱਲੀ ਹਾਈਕੋਰਟ ਵੱਲੋਂ ਉਮੀਦਵਾਰਾਂ ਨੂੰ ਰਾਹਤ ਮਿਲਣ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਸੀ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ 16 ਸਤੰਬਰ ਨੂੰ ਜਾਰੀ ਪੱਤਰ ਵਿੱਚ ਗ੍ਰੰਥੀ ਸਿੰਘ ਦੀ ਰਿਪੋਰਟ ਦੇ ਆਧਾਰ ’ਤੇ ਸਬੰਧਤ ਚੋਣ ਉਮੀਦਵਾਰ ਨੂੰ ਸਾਬਤ-ਸੂਰਤ ਦੱਸਿਆ ਗਿਆ ਹੈ। ਅਖ਼ਬਾਰੀ ਰਿਪੋਰਟ ਅਨੁਸਾਰ ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ ਦੇ ਮਾਮਲੇ ਵਿੱਚ ਵਿਦਿਆਰਥੀਆਂ ਦੇ ਹੱਕ ਵਿੱਚ ਫ਼ੈਸਲਾ ਦਿੰਦਿਆਂ ਉਨ੍ਹਾਂ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਕਪੁਰੀ ਵਾਰਡ ਨੰਬਰ 32 ਤੋਂ ਚੋਣ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਕਾਲਜ ਚੇਅਰਮੈਨ ਐੱਮ.ਪੀ.ਐੱਸ. ਚੱਡਾ ਦੀ ਕਾਰਵਾਈ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਸਿੱਖ ਨੌਜਵਾਨ ਦੀ ਸਾਬਤ-ਸੂਰਤ ਪਛਾਣ ’ਤੇ ਸਵਾਲ ਖੜ੍ਹੇ ਕਰਕੇ ਉਸ ਦੀ ਨਾਮਜ਼ਦਗੀ ਰੱਦ ਕਰਨ ਦਾ ਰਾਹ ਪੱਧਰਾ ਕੀਤਾ, ਉਨ੍ਹਾਂ ਨੂੰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ, ਕਿਉਂਕਿ ਹੈੱਡ ਗ੍ਰੰਥੀ ਵੱਲੋਂ ਉਮੀਦਵਾਰ ਨੂੰ ਸਾਬਤ-ਸੂਰਤ ਦੱਸਣ ਤੋਂ ਇਨਕਾਰ ਕਰਨਾ ਗੰਭੀਰ ਮਾਮਲਾ ਹੈ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਰਿਪੋਰਟ ਦੇ ਆਧਾਰ ’ਤੇ ਉਸੇ ਵਿਅਕਤੀ ਨੂੰ ਸਾਬਤ-ਸੂਰਤ ਦੱਸਿਆ ਜਾ ਰਿਹਾ ਹੈ ਤਾਂ ਪਹਿਲਾਂ ਉਸ ਦੀ ਸਿੱਖ ਪਛਾਣ ਨੂੰ ਨਕਾਰਨ ਵਾਲੀ ਕਾਰਵਾਈ ਕਰਨ ਵਾਲਿਆਂ ਦੀ ਜਵਾਬਦੇਹੀ ਕਿਉਂ ਨਾ ਤੈਅ ਕੀਤੀ ਜਾਵੇ? ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਚੋਣ ਉਮੀਦਵਾਰ ਦੀ ਨਾਮਜ਼ਦਗੀ ਦਾ ਮਾਮਲਾ ਨਹੀਂ, ਸਗੋਂ ਸਿੱਖ ਸੰਸਥਾਵਾਂ ਵਿੱਚ ਸਿੱਖ ਪਛਾਣ ਅਤੇ ਧਾਰਮਿਕ ਅਧਿਕਾਰਾਂ ਨਾਲ ਜੁੜਿਆ ਗੰਭੀਰ ਸਵਾਲ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।