ਲੁਧਿਆਣਾ 19 ਸਤੰਬਰ ,ਬੋਲੇ ਪੰਜਾਬ ਬਿਊਰੋ;
ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁਝ ਭਾਜਪਾ ਕਾਰਕੁੰਨਾਂ ਨੇ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਟਮਾਟਰ ਤੇ ਆਂਡੇ ਸੁੱਟੇ, ਜਿਸ ਮਗਰੋਂ ਪੁਲੀਸ ਨੇ ਬਿੱਟੂ ਸਮੇਤ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸਦਈਏ ਕਿ ਮੁੱਖ ਮੰਤਰੀ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਕਰਵਾਏ ਜਾ ਰਹੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ।

ਬਿੱਟੂ ਨੇ ਕਿਹਾ ਕਿ ਬੀਤੇ ਦਿਨੀਂ ਬਟਾਲਾ ਵਿੱਚ ‘ਆਪ’ ਵਰਕਰਾਂ ਨੇ ਉਨ੍ਹਾਂ ਦੀ ਗੱਡੀ ’ਤੇ ਟਮਾਟਰ ਅਤੇ ਆਂਡੇ ਸੁੱਟੇ ਸਨ, ਉਹ ਉਹੀ ‘ਭਾਜੀ’ ਮੋੜਨ ਆਏ ਹਨ। ਜ਼ਿਕਰਯੋਗ ਹੈ ਕਿ ਬਿੱਟੂ ਜਦੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਪਠਾਨਕੋਟ ਜਾ ਰਹੇ ਸਨ, ਤਾਂ ਬਟਾਲਾ ਨੇੜੇ ਉਨ੍ਹਾਂ ਦੇ ਕਾਫ਼ਲੇ ਦਾ ਵਿਰੋਧ ਕੀਤਾ ਗਿਆ ਸੀ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲੱਗੇ ਸਨ।ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਾਹੌਲ ਤਣਾਅਪੂਰਨ ਹੁੰਦਾ ਦੇਖ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਰਵਨੀਤ ਸਿੰਘ ਬਿੱਟੂ ਅਤੇ ਹੋਰ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।











