ਸੰਗਰੂਰ ’ਚ ਨਸ਼ਾ ਤਸਕਰਾਂ ਦੀ ਵੀਡੀਓ ਬਣਾਉਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ, ਸਰਪੰਚ ’ਤੇ ਧਮਕਾਉਣ ਦੇ ਇਲਜ਼ਾਮ

ਚੰਡੀਗੜ੍ਹ ਪੰਜਾਬ

ਸੰਗਰੂਰ 21 ਸਤੰਬਰ ,ਬੋਲੇ ਪੰਜਾਬ ਬਿਊਰੋ;

ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਦੇ ਮੁਕੱਦਮੇ ਅਤੇ ਪ੍ਰਸ਼ਾਸਨਿਕ ਅਣਦੇਖੀ ਤੋਂ ਤੰਗ ਆ ਕੇ ਇੱਕ ਹੋਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪਿੰਡ ਨਮੋਲ ਦੇ ਰਹਿਣ ਵਾਲੇ ਜਗਸੀਰ ਸਿੰਘ ਉਰਫ਼ ਜੱਗਾ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਸੰਗਰੂਰ ਦੇ ਬਾਹਰ ਜ਼ਹਿਰੀਲੀ ਵਸਤੂ ਨਿਗਲ ਲਈ। ਪੀੜਤ ਦਾ ਦੋਸ਼ ਹੈ ਕਿ ਪਿੰਡ ਵਿੱਚ ਚਿੱਟੇ (ਸਿੰਥੈਟਿਕ ਨਸ਼ੇ) ਦੀ ਸਪਲਾਈ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਤੋਂ ਬਾਅਦ ਪਿੰਡ ਦੇ ਸਰਪੰਚ ਵੱਲੋਂ ਉਸ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਐਤਵਾਰ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਜੱਗਾ ਨੂੰ ਪਹਿਲਾਂ ਸੰਗਰੂਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਹਾ ਹੈ।

ਜੱਗਾ ਸਿੰਘ ਨੇ ਇੱਕ ਵੀਡੀਓ ਰਾਹੀਂ ਦਾਅਵਾ ਕੀਤਾ ਕਿ ਉਸ ਨੇ ਆਪਣੇ ਪਿੰਡ ਨਮੋਲ ’ਚ ਹੋ ਰਹੀ ਸ਼ਰੇਆਮ ਨਸ਼ਾ ਤਸਕਰੀ ਦੀ ਵੀਡੀਓ ਇੰਟਰਨੈੱਟ ‘ਤੇ ਪਾਈ ਸੀ, ਜਿਸ ਤੋਂ ਬਾਅਦ ਪਿੰਡ ਦੇ ਸਰਪੰਚ ਨੇ ਉਸ ਨੂੰ ਡਰਾ-ਧਮਕਾ ਕੇ ਵੀਡੀਓ ਡਿਲੀਟ ਕਰਨ ਲਈ ਮਜ਼ਬੂਰ ਕੀਤਾ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਘਰ ’ਚ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਗਏ ਅਤੇ ਪੁਲੀਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਉਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲੀਸ ਮੁਤਾਬਕ ਜੱਗਾ ਸਿੰਘ ਵੱਲੋਂ ਜ਼ਹਿਰ ਨਿਗਲਣ ਦੇ ਮਾਮਲੇ ’ਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਇਹ ਘਟਨਾ ਸੰਗਰੂਰ ’ਚ ਹੀ 7 ਸਤੰਬਰ ਨੂੰ ਇੱਕ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਤੋਂ ਕੁਝ ਹੀ ਦਿਨਾਂ ਬਾਅਦ ਵਾਪਰੀ ਹੈ। ਗੁਲਜ਼ਾਰ ਦੇ ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਦਿੜ੍ਹਬਾ ’ਚ ਇੱਕ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਨਸ਼ਿਆਂ ਦੀ ਸਪਲਾਈ ਬਾਰੇ ਸਵਾਲ ਪੁੱਛਣ ’ਤੇ ਉਸ ਨੂੰ ਜ਼ਲੀਲ ਕੀਤਾ ਗਿਆ ਸੀ।ਇਸ ਘਟਨਾ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਨਿਸ਼ਾਨੇ ਸੇਧੇ। ਭਾਜਪਾ ਦੇ ਸੰਸਦ ਮੈਂਬਰ ਤਰੁਣ ਚੁੱਘ ਨੇ ‘ਐਕਸ’ ’ਤੇ ਲਿਖਿਆ ਕਿ ਜੱਗਾ ਸਿੰਘ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਸ ਨੇ ਨਸ਼ਾ ਮਾਫ਼ੀਆ ਵਿਰੁੱਧ ਆਵਾਜ਼ ਬੁਲੰਦ ਕੀਤੀ। ਪੁਲੀਸ ਮਦਦ ਕਰਨ ਦੀ ਬਜਾਏ ਗਾਇਬ ਰਹੀ ਅਤੇ ਸਰਪੰਚ ਨੇ ਉਸ ਦਾ ਜੀਣਾ ਹਰਾਮ ਕਰ ਦਿੱਤਾ। ਚੁੱਘ ਨੇ ਮੁੱਖ ਮੰਤਰੀ ਨੂੰ ਘੇਰਦਿਆਂ ਕਿਹਾ ਕਿ ਜੇਕਰ ਉਹ ਨਸ਼ਾ ਮਾਫ਼ੀਆ ਨੂੰ ਨਹੀਂ ਰੋਕ ਸਕਦੇ ਤਾਂ ਉਨ੍ਹਾਂ ਨੂੰ ਪਦ ਤੇ ਰਹਿਣ ਦਾ ਕੋਈ ਹੱਕ ਨਹੀਂ।

ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ’ਚ ਅਜਿਹੀ ਘਟਨਾ ਦਾ ਵਾਪਰਨਾ ਬਹੁਤ ਚਿੰਤਾਜਨਕ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਾ ਨੌਜਵਾਨ ਖ਼ੁਦ ਨੂੰ ਇੰਨਾ ਬੇਵੱਸ ਮਹਿਸੂਸ ਕਰੇ ਕਿ ਉਸ ਨੂੰ ਆਪਣੀ ਜਾਨ ਦੇਣ ਦੀ ਨੌਬਤ ਆ ਜਾਵੇ, ਤਾਂ ਸਰਕਾਰ ਦੇ ‘ਰੰਗਲਾ ਪੰਜਾਬ’ ਅਤੇ ‘ਨਸ਼ਾ ਮੁਕਤ ਪੰਜਾਬ’ ਦੇ ਦਾਅਵਿਆਂ ਦੀ ਕੀ ਅਸਲੀਅਤ ਰਹਿ ਜਾਂਦੀ ਹੈ?

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।