ਹੁਸ਼ਿਆਰਪੁਰ, 29 ਸਤੰਬਰ, ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼ ਦੇ ਬਾਹਰ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਅਤੇ ਹੋਰ ਆਗੂ ਵੀ ਮੌਜੂਦ ਰਹੇ।
ਪ੍ਰਦਰਸ਼ਨ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਾਂ ਨੂੰ ਲੈ ਕੇ ਸਵਾਲ ਉਠਾਏ ਅਤੇ ਕਥਿਤ ਖਾਮੀਆਂ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ।
ਇਸ ਮੌਕੇ ਭੁਪਿੰਦਰ ਸਿੰਘ ਸੱਜਣ, ਤਰਸੇਮ ਸਿੰਘ ਅਤੇ ਹੋਰ ਬੁਲਾਰਿਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਨਾਲ ਜੁੜੇ ਮਾਮਲੇ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਮਾਮਲੇ ਬਾਰੇ ਵੀ ਆਪਣੀ ਗੱਲ ਰੱਖੀ। ਉਨ੍ਹਾਂ ਇਸ ਘਟਨਾ ਨੂੰ ਸਿੱਖ ਕੌਮ ਲਈ ਚਿੰਤਾਜਨਕ ਦੱਸਿਆ।
ਆਗੂਆਂ ਨੇ ਕਿਹਾ ਕਿ ਇਸ ਮਾਮਲੇ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਇਸ ਘਟਨਾ ਨਾਲ ਪੰਜਾਬੀਆਂ ਅਤੇ ਸਿੱਖਾਂ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ।
ਪ੍ਰਦਰਸ਼ਨ ਦੌਰਾਨ ਬਾਦਲ ਪਰਿਵਾਰ ’ਤੇ ਵੀ ਨਿਸ਼ਾਨਾ ਸਾਧਿਆ ਗਿਆ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਨੇ ਭਾਜਪਾ ਨਾਲ ਮਿਲ ਕੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕੀਤੀ ਹੈ।












