ਅਮਿਤ ਸ਼ਾਹ ਦਾ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਖੋਖਲਾ: ਬਲਬੀਰ ਸਿੱਧੂ


ਚੰਡੀਗੜ੍ਹ ਪੰਜਾਬ

ਭਾਜਪਾ-ਬਾਦਲ ਗਠਜੋੜ ਨੇ ਪੰਜਾਬ ਦੀ ਜਵਾਨੀ ਵਿੱਚ ਘੋਲਿਆ ਸੀ ‘ਚਿੱਟਾ’

ਮੋਹਾਲੀ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਫੇਰੀ ਦੌਰਾਨ ਸੂਬੇ ਵਿੱਚੋਂ 31 ਦਸੰਬਰ 2029 ਤੱਕ ਨਸ਼ਾ ਖ਼ਤਮ ਕਰਨ ਦੇ ਕੀਤੇ ਗਏ ਦਾਅਵੇ ਨੂੰ ਸਿਆਸੀ ਪਖੰਡ ਕਰਾਰ ਦਿੰਦਿਆਂ ਭਾਜਪਾ ਨੂੰ ਸੂਬੇ ਵਿਚ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਿਚ ਬਰਾਬਰ ਦੀ ਜ਼ਿੰਮੇਵਾਰ ਕਿਹਾ ਹੈ।

ਸਿੱਧੂ ਨੇ ਕਿਹਾ ਕਿ ਅਮਿਤ ਸ਼ਾਹ ਦਾ ਇਹ ਦਾਅਵਾ ਪੂਰੀ ਤਰ੍ਹਾਂ ਖੋਖਲਾ ਹੈ ਕਿਉਂਕਿ ਪੰਜਾਬ ਸਿਰ ‘ਚਿੱਟੇ’ ਦਾ ਕਲੰਕ ਲਾਉਣ ਵਾਲੀ ਅਤੇ ਨਸ਼ਾ ਮਾਫੀਆ ਨੂੰ ਪੂਰੀ ਸਰਪ੍ਰਸਤੀ ਦੇਣ ਵਾਲੀ ਪਿਛਲੀ ਬਾਦਲ ਸਰਕਾਰ ਸੀ।  ਜਿਸ ਵਿਚ ਭਾਜਪਾ ਖ਼ੁਦ ਵੀ ਭਾਈਵਾਲ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਾ ਕੇ ਮੌਤ ਦੇ ਮੂੰਹ ਵਿਚ ਧੱਕਣ ਦੇ ਪਾਪ ਵਿੱਚ ਭਾਜਪਾ ਬਰਾਬਰ ਦੀ ਹਿੱਸੇਦਾਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਅੱਜ ਨਸ਼ਾ ਮੁਕਤ ਪੰਜਾਬ ਬਣਾਉਣ ਦੀਆਂ ਗੱਲਾਂ ਕਰਨਾ ਭਾਜਪਾ ਦਾ ਦੋਗਲਾਪਣ ਸਾਬਤ ਕਰਦੀਆਂ ਹਨ।

ਸਿੱਧੂ ਨੇ ਅਮਿਤ ਸ਼ਾਹ ਨੂੰ ਸਵਾਲ ਕੀਤਾ ਕਿ ਪੰਜਾਬ ਆ ਕੇ ਨਸ਼ਿਆਂ ਦੀ ਗੱਲ ਕਰਨ ਵਾਲੇ ਗ੍ਰਹਿ ਮੰਤਰੀ ਨੇ ਦੇਸ਼ ਵਿੱਚ ਮਹਿੰਗਾਈ ਅਤੇ ਆਮ ਪਰਿਵਾਰਾਂ ’ਤੇ ਵਧ ਰਹੇ ਆਰਥਿਕ ਦਬਾਅ ਬਾਰੇ ਕਿਉਂ ਨਹੀਂ ਬੋਲਿਆ? ਅਗਸਤ 2026 ਵਿੱਚ ਭਾਰਤ ਦੀ ਰਿਟੇਲ ਮਹਿੰਗਾਈ 4.82 ਫ਼ੀਸਦੀ ਰਹੀ, ਜਦਕਿ ਖੁਰਾਕੀ ਮਹਿੰਗਾਈ 5.95 ਫ਼ੀਸਦੀ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਜਨਤਾ ਦੀ ਰਸੋਈ ਦਾ ਬਜਟ ਵਧ ਰਿਹਾ ਹੈ। ਉਹ ਇਨ੍ਹਾਂ ਗੱਲਾਂ ਨੂੰ ਕਿਉਂ ਅਣਗੌਲਿਆ ਕਰ ਰਹੇ ਹਨ?

ਉਨ੍ਹਾਂ ਅੱਗੇ ਕਿਹਾ ਕਿ ਸ਼ੇਅਰ ਬਾਜ਼ਾਰ ਵਿੱਚ ਆ ਰਹੀ ਗਿਰਾਵਟ ਅਤੇ ਨਿਵੇਸ਼ਕਾਂ ਦੀ ਚਿੰਤਾ ਬਾਰੇ ਵੀ ਕੇਂਦਰੀ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਸਤੰਬਰ 2026 ਵਿੱਚ ਨਿਫਟੀ 50 ਵਿੱਚ 6.1 ਫ਼ੀਸਦੀ ਅਤੇ ਸੈਂਸੈਕਸ ਵਿੱਚ 5.8 ਫ਼ੀਸਦੀ ਦੀ ਮਹੀਨਾਵਾਰ ਗਿਰਾਵਟ ਦਰਜ ਕੀਤੀ ਗਈ ਅਤੇ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਭਾਰਤੀ ਇਕਵਿਟੀਜ਼ ਵਿੱਚੋਂ ਲਗਭਗ 2.7 ਬਿਲੀਅਨ ਡਾਲਰ ਕੱਢੇ ਗਏ। ਸਿੱਧੂ ਨੇ ਸਵਾਲ ਕੀਤਾ ਕਿ ਜਦੋਂ ਦੇਸ਼ ਦੀ ਅਰਥਵਿਵਸਥਾ ਨਾਲ ਜੁੜੇ ਇਹ ਮੁੱਦੇ ਲੋਕਾਂ ਦੀ ਚਿੰਤਾ ਦਾ ਕਾਰਨ ਬਣ ਰਹੇ ਹਨ ਤਾਂ ਪੰਜਾਬ ਦੀ ਧਰਤੀ ’ਤੇ ਇਨ੍ਹਾਂ ਬਾਰੇ ਚਰਚਾ ਕਿਉਂ ਨਹੀਂ ਹੋਈ?

ਕਿਸਾਨੀ ਮੁੱਦੇ ’ਤੇ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਦਾ ਸੰਘਰਸ਼ ਅੱਜ ਵੀ ਯਾਦ ਹੈ। ਕੇਂਦਰ ਸਰਕਾਰ ਨੇ ਨਵੰਬਰ 2021 ਵਿੱਚ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਬਾਅਦ ਵਿੱਚ ਸੰਸਦ ਨੇ ਉਨ੍ਹਾਂ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੂੰ ਪੰਜਾਬ ਆ ਕੇ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ, MSP ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨੀ ਨਾਲ ਜੁੜੇ ਹੋਰ ਮੁੱਦਿਆਂ ’ਤੇ ਵੀ ਸਪੱਸ਼ਟ ਜਵਾਬ ਦੇਣਾ ਚਾਹੀਦਾ ਸੀ।

ਸਿੱਧੂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ ਹੈ ਅਤੇ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਿਰਫ਼ ਚੋਣੀ ਭਾਸ਼ਣਾਂ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ।

ਸਿੱਧੂ ਨੇ ਕਿਹਾ ਕਿ ਪੰਜਾਬ ਆਉਣ ਵਾਲੇ ਕੇਂਦਰੀ ਆਗੂਆਂ ਨੂੰ ਸੂਬੇ ਦੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ—ਨਸ਼ੇ, ਮਹਿੰਗਾਈ, ਕਿਸਾਨੀ, MSP, ਰੁਜ਼ਗਾਰ ਅਤੇ ਪੰਜਾਬ ਦੇ ਆਰਥਿਕ ਹਿੱਤਾਂ ਬਾਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਰਫ਼ ਨਾਅਰੇ ਨਹੀਂ, ਸਗੋਂ ਠੋਸ ਨੀਤੀ, ਜਵਾਬਦੇਹੀ ਅਤੇ ਜ਼ਮੀਨੀ ਕਾਰਵਾਈ ਦੀ ਉਮੀਦ ਰੱਖਦੇ ਹਨ।

ਸਿੱਧੂ ਨੇ ਨੇ ਗ੍ਰਹਿ ਮੰਤਰੀ ਨੂੰ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਜੇਕਰ ਭਾਜਪਾ ਕੋਲ ਨਸ਼ਾ ਖ਼ਤਮ ਕਰਨ ਦਾ ਕੋਈ ਜਾਦੂਈ ਫਾਰਮੂਲਾ ਹੈ, ਤਾਂ ਉਹ ਆਪਣੀਆਂ ਸਰਕਾਰਾਂ ਵਾਲੇ ਸੂਬਿਆਂ ਖਾਸ ਕਰਕੇ ਗੋਆ ਅਤੇ ਗੁਜਰਾਤ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਵਿੱਚ ਕਿਉਂ ਬੁਰੀ ਤਰ੍ਹਾਂ ਨਾਕਾਮ ਰਹੀ ਹੈ? ਉਨ੍ਹਾਂ ਕਿਹਾ ਕਿ ਗੋਆ ਅੱਜ ਡਰੱਗ ਟੂਰਿਜ਼ਮ ਦਾ ਗੜ੍ਹ ਬਣ ਚੁੱਕਾ ਹੈ ਅਤੇ ਗੁਜਰਾਤ ਦੀਆਂ ਸਮੁੰਦਰੀ ਬੰਦਰਗਾਹਾਂ ਨਸ਼ਾ ਤਸਕਰੀ ਦੇ ਮੁੱਖ ਕੇਂਦਰ ਬਣ ਗਈਆਂ ਹਨ।

 ਸਿੱਧੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਵਿੱਚ ਵੀ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਦੇ ਹੁੰਦਿਆਂ ਅੰਤਰਰਾਸ਼ਟਰੀ ਸਰਹੱਦਾਂ ਰਾਹੀਂ ਨਸ਼ਾ ਦੇਸ਼ ਅੰਦਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਗੁਜਰਾਤ ਦੇ ਸਮੁੰਦਰੀ ਪੋਰਟ ਦੇਸ਼ ਵਿੱਚ ਨਸ਼ਾ ਸਮੱਗਲਿੰਗ ਦਾ ਸਭ ਤੋਂ ਵੱਡਾ ਜ਼ਰੀਆ ਅਤੇ ਪ੍ਰਾਇਮਰੀ ਸਰੋਤ ਬਣ ਚੁੱਕੇ ਹਨ, ਜਿੱਥੋਂ ਵੱਡੇ ਪੱਧਰ ਉੱਤੇ ਨਸ਼ੇ ਦੀਆਂ ਖੇਪਾਂ ਆ ਰਹੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਨੱਕ ਹੇਠ ਹੁੰਦੀ ਇਸ ਤਸਕਰੀ ਨੂੰ ਰੋਕਣ ਵਿੱਚ ਪੂਰੀ ਤਰਾਂ ਅਸਮਰੱਥ ਰਹੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਅਮਿਤ ਸ਼ਾਹ ਨੇ ਪੰਜਾਬ ਦੀ ਧਰਤੀ ‘ਤੇ ਆ ਕੇ ਸੂਬੇ ਦੇ ਭਖਦੇ ਮਸਲਿਆਂ ਅਤੇ ਸਿੱਖ ਕੌਮ ਦੀਆਂ ਚਿਰੋਕਣੀਆਂ ਮੰਗਾਂ, ਜਿਵੇਂ ਕਿ ਬੰਦੀ ਸਿੰਘਾਂ ਦੀ ਰਿਹਾਈ, ‘ਤੇ ਇੱਕ ਵੀ ਸ਼ਬਦ ਨਹੀਂ ਬੋਲਿਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੰਜਾਬ ਫੇਰੀ ਸਿਰਫ਼ ਸਿਆਸੀ ਰੋਟੀਆਂ ਸੇਕਣ ਤੱਕ ਸੀਮਤ ਰਹੀ। ਉਹਨਾਂ ਨਾਲ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਦੇ ਇਨ੍ਹਾਂ ਖੋਖਲੇ ਵਾਅਦਿਆਂ ਅਤੇ ਜੁਮਲਿਆਂ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ ਅਤੇ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।