ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਐਸ.ਆਈ.ਆਰ.-2026 ਦੀ 99.37 ਫ਼ੀਸਦੀ ਪ੍ਰਕਿਰਿਆ ਮੁਕੰਮਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਕਤੂਬਰ ,ਬੋਲੇ ਪੰਜਾਬ ਬਿਉਰੋ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਨ ਸੁਧਾਈ (ਐਸ.ਆਈ.ਆਰ.) ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਹੁਣ ਤੱਕ 99.37 ਫ਼ੀਸਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ—52-ਖਰੜ, 53-ਐਸ.ਏ.ਐਸ. ਨਗਰ ਅਤੇ 112-ਡੇਰਾਬੱਸੀ—ਵਿੱਚ ਐਸ.ਆਈ.ਆਰ.-2026 ਦੀ 99.37 ਫ਼ੀਸਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਯਕੀਨੀ ਬਣਾਉਣ ਅਤੇ ਵੋਟਰਾਂ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਲਈ, ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਕਾਰਵਾਈ ਬਾਕੀ ਹੈ, ਉਨ੍ਹਾਂ ਮਾਮਲਿਆਂ ਵਿੱਚ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ.) ਖੁਦ ਵੋਟਰਾਂ ਨਾਲ ਸੰਪਰਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਉਨ੍ਹਾਂ ਤੋਂ ਸਿੱਧੇ ਤੌਰ ’ਤੇ ਪ੍ਰਾਪਤ ਕਰਨਗੇ। ਇਸ ਤਹਿਤ ਵੋਟਰਾਂ ਨੂੰ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਦਫ਼ਤਰਾਂ ਵਿੱਚ ਆਉਣ ਦੀ ਲੋੜ ਨਹੀਂ ਪਵੇਗੀ, ਜਿੱਥੇ ਵੀ ਇਹ ਪ੍ਰਕਿਰਿਆ ਲਾਗੂ ਹੁੰਦੀ ਹੈ।
ਸ੍ਰੀਮਤੀ ਮਿੱਤਲ ਨੇ ਕਿਹਾ ਕਿ ਇਸ ਵਿਵਸਥਾ ਨਾਲ ਵੋਟਰਾਂ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਵਿੱਚ ਨਿੱਜੀ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਖੁਦ ਜਾਣ ਦੀ ਪਰੇਸ਼ਾਨੀ ਤੋਂ ਰਾਹਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਉਨ੍ਹਾਂ ਦੇ ਸਵਾਲਾਂ ਤੇ ਚਿੰਤਾਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਹਾਇਤਾ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਜ਼ਿਲ੍ਹੇ ਦੇ ਤਿੰਨੋਂ ਈ.ਆਰ.ਓਜ਼ ਅਤੇ ਸਮੁੱਚੇ ਚੋਣ ਅਮਲੇ ਨਾਲ ਤਾਲਮੇਲ ਕਰਕੇ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਲਗਾਤਾਰ ਯਤਨ ਕਰ ਰਿਹਾ ਹੈ।
ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਜਿੱਥੇ ਵੀ ਲੋੜ ਹੋਵੇ, ਲੋੜੀਂਦੇ ਦਸਤਾਵੇਜ਼ ਅਤੇ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।












