ਸ੍ਰੀ ਆਨੰਦਪੁਰ ਸਾਹਿਬ ਮਾਮਲੇ ਦੀ ਜਾਂਚ ਰਿਪੋਰਟ ਭਲਕੇ 12 ਵਜੇ ਹੋਵੇਗੀ ਜਨਤਕ

ਚੰਡੀਗੜ੍ਹ ਪੰਜਾਬ

ਅਮ੍ਰਿਤਸਰ 5 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਰਿਪੋਰਟ ਭਲਕੇ 12 ਵਜੇ ਜਨਤਕ ਕੀਤੀ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸਾਂਝੀ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ ਇਸ ਕਰਕੇ ਜਾਂਚ ਕਮੇਟੀ ਨੂੰ ਸਮਾਂਬੱਧ ਤਰੀਕੇ ਨਾਲ ਕੰਮ ਕਰਦਿਆਂ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਕਮੇਟੀ ਨੇ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਘੋਖ ਕਰਨ ਤੋਂ ਬਾਅਦ ਆਪਣੀ ਰਿਪੋਰਟ ਤਿਆਰ ਕੀਤੀ ਹੈ। ਇਸ ਰਿਪੋਰਟ ਦੇ ਆਧਾਰ ’ਤੇ ਜੋ ਵੀ ਤੱਥ ਅਤੇ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਲੋਕਾਂ ਅਤੇ ਮੀਡੀਆ ਸਾਹਮਣੇ ਰੱਖਿਆ ਜਾਵੇਗਾ।ਜਾਣਕਾਰੀ ਅਨੁਸਾਰ ਬਹਿਰੀਨ ਵਾਲੀ ਬੀਬੀ ਵੱਲੋਂ ਲਾਏ ਗਏ ਦੋਸ਼ਾਂ ਦੇ ਮਾਮਲੇ  ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਪੰਜ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਜਾਂਚ ਰਿਪੋਰਟ ਭਲਕੇ ਛੇ ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ।

ਇਸ ਬੀਬੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ’ਤੇ ਗੰਭੀਰ ਦੋਸ਼ ਲਾਏ ਗਏ ਸਨ ਅਤੇ ਇਸ ਮਾਮਲੇ ਵਿੱਚ ਪੁਲੀਸ ਕੇਸ ਵੀ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਅਕਾਲ ਤਖਤ ਦੇ ਵਧੀਕ ਮੁੱਖ ਗ੍ਰੰਥੀ ਨੂੰ ਸੇਵਾਵਾਂ ਤੋਂ ਫਾਰਗ ਕੀਤਾ ਜਾ ਚੁੱਕਾ ਹੈ ਅਤੇ ਇੱਕ ਹੋਰ ਕਰਮਚਾਰੀ ਨੂੰ ਮੁਅੱਤਲ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਦਾ ਅਸਤੀਫਾ ਵੀ ਪ੍ਰਵਾਨ ਕੀਤਾ ਜਾ ਚੁੱਕਾ ਹੈ।

ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਜਾਂਚ ਕਮੇਟੀ ਦੇ ਕੋਆਰਡੀਨੇਟਰ ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਦਿੱਤੀ। ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ।

ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਕਮੇਟੀ ਵੱਲੋਂ ਸਬੰਧਤ ਤੱਥਾਂ, ਦਸਤਾਵੇਜ਼ਾਂ ਅਤੇ ਵੱਖ-ਵੱਖ ਪੱਖਾਂ ਨੂੰ ਗੰਭੀਰਤਾ ਨਾਲ ਘੋਖਦਿਆਂ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਉਦੇਸ਼ ਕਿਸੇ ਵਿਅਕਤੀ ਜਾਂ ਪੱਖ ਦੀ ਗੱਲ ਕਰਨਾ ਨਹੀਂ, ਸਗੋਂ ਮਾਮਲੇ ਨਾਲ ਸਬੰਧਤ ਅਸਲ ਤੱਥ ਪੇਸ਼ ਕਰਨਾ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਹਿਲਾਂ ਹੀ ਕਿਸੇ ਤਰ੍ਹਾਂ ਦਾ ਨਤੀਜਾ ਕੱਢਣਾ, ਇਕਪਾਸੜ ਧਾਰਨਾ ਬਣਾਉਣਾ ਜਾਂ ਬਿਨਾਂ ਤੱਥਾਂ ਦੇ ਬਿਆਨਬਾਜ਼ੀ ਕਰਨਾ ਨਾ ਤਾਂ ਉਚਿਤ ਹੈ ਅਤੇ ਨਾ ਹੀ ਕਿਸੇ ਗੰਭੀਰ ਮਾਮਲੇ ਦੀ ਜਾਂਚ ਪ੍ਰਕਿਰਿਆ ਦੇ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਸੱਚ ਸਾਹਮਣੇ ਆਉਣ ਤੋਂ ਪਹਿਲਾਂ ਕੀਤੀ ਜਾਣ ਵਾਲੀ ਬਿਆਨਬਾਜ਼ੀ ਨਾ ਸਿਰਫ਼ ਮਾਮਲੇ ਨੂੰ ਹੋਰ ਉਲਝਾਉਂਦੀ ਹੈ, ਸਗੋਂ ਸਿੱਖ ਸੰਸਥਾਵਾਂ, ਗੁਰੂ ਘਰ ਅਤੇ ਸਿੱਖ ਸ਼ਖ਼ਸੀਅਤਾਂ ਦੇ ਵਕਾਰ ਨੂੰ ਵੀ ਠੇਸ ਪਹੁੰਚਾਉਂਦੀ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਨੂੰ ਕਿਸੇ ਵੀ ਸੰਵੇਦਨਸ਼ੀਲ ਮਾਮਲੇ ਵਿਚ ਅਦਾਲਤ ਜਾਂ ਜਾਂਚ ਏਜੰਸੀ ਦਾ ਬਦਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਸਿੱਖ ਸ਼ਖ਼ਸੀਅਤਾਂ ਦੀ ਕਿਰਦਾਰਕੁਸ਼ੀ ਕਰਨਾ ਜਾਂ ਕਿਸੇ ਸੰਸਥਾ ਨੂੰ ਬਦਨਾਮ ਕਰਨ ਵਾਲਾ ਪ੍ਰਚਾਰ ਕਰਨਾ ਸਿੱਖ ਕੌਮ ਲਈ ਵੀ ਚੰਗਾ ਸੁਨੇਹਾ ਨਹੀਂ ਦਿੰਦਾ। ਅਜਿਹੀ ਬਿਆਨਬਾਜ਼ੀ ਨਾਲ ਮਾਮਲੇ ਦੀ ਸੱਚਾਈ ਸਾਹਮਣੇ ਆਉਣ ਦੀ ਬਜਾਏ ਬੇਲੋੜਾ ਵਿਵਾਦ ਅਤੇ ਭੰਬਲਭੂਸਾ ਪੈਦਾ ਹੁੰਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਹੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਕਮੇਟੀ ਆਪਣੀ ਜ਼ਿੰਮੇਵਾਰੀ ਅਨੁਸਾਰ ਤੱਥਾਂ ਦੀ ਪੜਤਾਲ ਕਰ ਰਹੀ ਹੈ। ਇਸ ਲਈ ਜਦੋਂ ਤੱਕ ਜਾਂਚ ਦੀ ਰਿਪੋਰਟ ਸਾਹਮਣੇ ਨਹੀਂ ਆ ਜਾਂਦੀ, ਉਦੋਂ ਤੱਕ ਸਾਰੀਆਂ ਧਿਰਾਂ ਨੂੰ ਸੰਜਮ ਵਰਤਦਿਆਂ ਕਿਸੇ ਵੀ ਤਰ੍ਹਾਂ ਦੀ ਇਕਪਾਸੜ ਜਾਂ ਤੱਥਾਂ ਤੋਂ ਰਹਿਤ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇਗੀ ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਭਲਕੇ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ। ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਜਨਤਕ ਕੀਤਾ ਜਾਵੇਗਾ।

ਇਹ ਮਾਮਲਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਘਟਨਾ ਅਤੇ ਬਹਿਰੀਨ ਤੋਂ ਆਈ ਇੱਕ ਬੀਬੀ ਵੱਲੋਂ ਲਾਏ ਗਏ ਦੋਸ਼ਾਂ ਨਾਲ ਸਬੰਧਤ ਹੈ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ ਸੀ ਅਤੇ ਉਸ ਨੂੰ 15 ਦਿਨਾਂ ਵਿੱਚ ਰਿਪੋਰਟ ਦੇਣ ਲਈ ਕਿਹਾ ਗਿਆ ਸੀ। ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਗਿਆਨੀ ਮਲਕੀਤ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਸਨ। ਕਮੇਟੀ ਵਿੱਚ ਬਲਦੇਵ ਸਿੰਘ ਕਾਇਮਪੁਰ, ਗੁਰਮੀਤ ਸਿੰਘ ਬੂਹ, ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸ਼ਾਮਲ ਕੀਤਾ ਗਿਆ ਸੀ, ਜਦੋਂਕਿ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਕੋਆਰਡੀਨੇਟਰ ਬਣਾਇਆ ਗਿਆ ਸੀ।ਇਸ ਮਾਮਲੇ ਵਿੱਚ ਪੁਲੀਸ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਆਨੰਦਪੁਰ ਸਾਹਿਬ ਪੁਲੀਸ ਨੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਜਾਂਚ ਦਾ ਦਾਇਰਾ ਵਧਾਉਂਦਿਆਂ ਕੁਝ ਹੋਰ ਵਿਅਕਤੀਆਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪਣ ਦੀ ਮੰਗ ਵੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਜੇ ਸਰਕਾਰ ਇਸ ਮੰਗ ਨੂੰ ਪ੍ਰਵਾਨ ਨਹੀਂ ਕਰਦੀ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਆਪਣਾ ਕੰਮ ਜਾਰੀ ਰੱਖੇਗੀ ਅਤੇ ਉਸ ਦੀ ਰਿਪੋਰਟ ਜਨਤਕ ਕੀਤੀ ਜਾਵੇਗੀ।

ਹੁਣ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਭਲਕੇ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਮੀਡੀਆ ਰਾਹੀਂ ਜਨਤਕ ਕੀਤਾ ਜਾਵੇਗਾ। ਇਸ ਨਾਲ ਮਾਮਲੇ ਨਾਲ ਜੁੜੇ ਕਈ ਸਵਾਲਾਂ ਦੇ ਜਵਾਬ ਸਾਹਮਣੇ ਆਉਣ ਦੀ ਉਮੀਦ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।