ਚੰਡੀਗੜ੍ਹ 11 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਤੋਂ ਬਾਅਦ ਮਾਨਸਾ ਦੇ ਦੋ ਜੱਜਾਂ ਨੂੰ ਮੁਅੱਤਲ ਕਰਨ ਅਤੇ ਸੈਸ਼ਨ ਜੱਜ ਮਾਨਸਾ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਬਠਿੰਡਾ ਲੇਬਰ ਕੋਰਟ ਵਿਖੇ ਤਾਇਨਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਮਾਨਸਾ ਅਦਾਲਤਾਂ ਦਾ ਨਿਰੀਖਣ ਕਰਨ ਲਈ ਹਾਈ ਕੋਰਟ ਦੇ ਜਸਟਿਸ ਵਰਿੰਦਰ ਅਗਰਵਾਲ ਆਏ ਸਨ, ਜਿਨ੍ਹਾਂ ਨੂੰ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਲਿਖਤੀ ਰੂਪ ਵਿੱਚ ਕੁਝ ਜੱਜਾਂ ਵੱਲੋਂ ਕਥਿਤ ਭ੍ਰਿਸ਼ਟਾਚਾਰ ਕਰਨ ਦੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਜਿਸ ਉਪਰੰਤ ਮਾਣਯੋਗ ਹਾਈ ਕੋਰਟ ਨੇ ਮਾਨਸਾ ਦੇ ਵਧੀਕ ਸੈਸ਼ਨ ਜੱਜ (ਫ਼ਾਸਟ ਟਰੈਕ) ਮਨਦੀਪ ਕੌਰ ਅਤੇ ਸਰਦੂਲਗੜ੍ਹ ਦੇ ਜੁਡੀਸ਼ੀਅਲ ਮੈਜਿਸਟਰੇਟ ਪੰਕਜ ਵਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ’ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਨੂੰ ਹਟਾ ਕੇ ਬਠਿੰਡਾ ਲੇਬਰ ਕੋਰਟ ਵਿਖੇ ਤਾਇਨਾਤ ਕਰ ਦਿੱਤਾ ਗਿਆ ਹੈ।ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਦੋਂ ਹਾਈ ਕੋਰਟ ਦੇ ਜਸਟਿਸ ਵਰਿੰਦਰ ਅਗਰਵਾਲ ਮਾਨਸਾ ਅਦਾਲਤਾਂ ਦਾ ਨਿਰੀਖਣ ਕਰਨ ਲਈ ਪਹੁੰਚੇ ਸਨ, ਤਾਂ ਉਨ੍ਹਾਂ ਨੂੰ ਉਕਤ ਜੱਜਾਂ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਮਾਣਯੋਗ ਹਾਈ ਕੋਰਟ ਨੇ ਇਨ੍ਹਾਂ ਜੱਜਾਂ ਨੂੰ ਮੁਅੱਤਲ ਅਤੇ ਸੈਸ਼ਨ ਜੱਜ ਮਾਨਸਾ ਨੂੰ ਬਦਲ ਕੇ ਬਠਿੰਡਾ ਇੰਡਸਟਰੀਅਲ ਟ੍ਰਿਬਿਊਨਲ ਵਿਖੇ ਤਾਇਨਾਤ ਕਰ ਦਿੱਤਾ ਹੈ। ਉਨ੍ਹਾਂ ਹਾਈ ਕੋਰਟ ਦੇ ਇਸ ਫ਼ੈਸਲੇ ਅਤੇ ਆਦੇਸ਼ਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ’ਤੇ ਹਾਈ ਕੋਰਟ ਨੇ ਇਹ ਇੱਕ ਦਰੁਸਤ ਫ਼ੈਸਲਾ ਅਤੇ ਆਦੇਸ਼ ਦਿੱਤੇ ਹਨ, ਜਿਸ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ।ਉੱਥੇ ਹੀ ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਬੀਰ ਦਵਿੰਦਰ ਸਿੰਘ ਸਿੱਧੂ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਚੰਡੀਗੜ੍ਹ ਤੋਂ ਜਸਟਿਸ ਬਰਿੰਦਰ ਅਗਰਵਾਲ ਆਏ ਸਨ ਜਿਨ੍ਹਾਂ ਸਾਹਮਣੇ ਮਾਨਸਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਸਾਰਾ ਮਾਮਲਾ ਰੱਖਿਆ ਗਿਆ। ਉਸ ਤੋਂ ਬਾਅਦ ਪੜਤਾਲ ਦੌਰਾਨ ਮੁਅੱਤਲ ਅਤੇ ਤਬਾਦਲੇ ਬਾਰੇ ਫੈਸਲਾ ਲਿਆ ਗਿਆ ਹੈ।













