ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਉੱਤੇ ਕੀਤੇ ਗਏ ਕਥਿਤ ਜਬਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਲੋਕਾਂ ‘ਤੇ ਜਬਰ ਢਾਹੁਣ ਅਤੇ ਗ੍ਰਿਫ਼ਤਾਰੀਆਂ ਦਾ ਦਮਨ ਚੱਕਰ ਬੰਦ ਕਰਕੇ, ਰੋਸ ਮੁਜ਼ਾਹਰੇ ਕਰਨ ਦੇ ਲੋਕਾਂ ਦੇ ਜਮਹੂਰੀ ਹੱਕ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ।ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਗਾਇਆ ਕਿ ਭਾਜਪਾ ਆਪਣੀਆਂ ਸਿਆਸੀ ਲੋੜਾਂ ਤਹਿਤ ਕੇਂਦਰ ਅਤੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਆਪਣੀਆਂ ਸਰਕਾਰਾਂ ਬਣਾਉਣ ਤੇ ਪੂਰੇ ਦੇਸ਼ ਦਾ ਮਾਲ-ਖ਼ਜ਼ਾਨਾ ਕਾਰਪੋਰੇਟਾਂ ਨੂੰ ਸੌਂਪਣ ਲਈ ਹਰ ਤਰ੍ਹਾਂ ਦੇ ਜਾਬਰ, ਫ਼ਿਰਕੂ ਅਤੇ ਸਿਆਸੀ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਧਰਮਾਂ ਅਤੇ ਹੋਰ ਤਬਕਿਆਂ ‘ਤੇ ਅੰਨ੍ਹਾ ਜਬਰ ਢਾਹਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਵੋਟਾਂ ਕੱਟ ਕੇ ਨਾਗਰਿਕਤਾ ਹੀ ਖ਼ਤਮ ਕੀਤੀ ਜਾ ਰਹੀ ਹੈ ਤਾਂ ਜੋ ਉਹ ਹਰ ਕੰਮ ਲਈ ਭਾਜਪਾ ਦੇ ਮੁਥਾਜ ਬਣ ਕੇ ਰਹਿ ਜਾਣ ਅਤੇ ਪਾਰਟੀ ਨੂੰ ਲੰਮਾ ਸਮਾਂ ਰਾਜ-ਗੱਦੀ ‘ਤੇ ਕਬਜ਼ਾ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਥੋਕ ਵਿੱਚ ਵੋਟਾਂ ਕੱਟਣ ਦੀ ਮੁਹਿੰਮ ਚਲਾ ਰਹੇ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਦੇਸ਼ ਅੰਦਰ ਜ਼ੋਰਦਾਰ ਰੋਸ ਉੱਠਿਆ ਹੋਇਆ ਹੈ ਅਤੇ ਜਦੋਂ ਉਸ ਦੇ ਅਸਤੀਫ਼ੇ ਨੂੰ ਲੈ ਕੇ ਦਿੱਲੀ ਅੰਦਰ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸੜਕਾਂ ‘ਤੇ ਨਿਕਲੇ ਤਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿੱਚ ਬਚੀ-ਖੁੱਚੀ ਖ਼ੁਦਮੁਖ਼ਤਿਆਰੀ ਨੂੰ ਵੀ ਪੈਰਾਂ ਹੇਠ ਰੋਲ ਕੇ ਪੂਰੀ ਤਰ੍ਹਾਂ ਆਪਣੇ ਮੁਕੰਮਲ ਕੰਟਰੋਲ ਹੇਠ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਡੇ ਸਰਮਾਏਦਾਰਾਂ ਅਤੇ ਸਾਮਰਾਜੀ ਕੰਪਨੀਆਂ ਦੀ ਸੇਵਾ ਵਿੱਚ ਜੁਟੀ ਹੋਈ ਮੋਦੀ ਸਰਕਾਰ ਲੋਕਾਂ ਦੇ ਸੰਘਰਸ਼ ਕਰਨ ਦੇ ਅਧਿਕਾਰਾਂ ਨੂੰ ਜਬਰ ਨਾਲ ਕੁਚਲ ਦੇਣਾ ਚਾਹੁੰਦੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।












