ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ
ਮੋਹਾਲੀ, 14 ਅਕਤੂਬਰ ,ਬੋਲੇ ਪੰਜਾਬ ਬਿਉਰੋ;
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ ‘ਕਾਕਰੋਚ ਜਨਤਾ ਪਾਰਟੀ’ ਦੇ ਅਭਿਜੀਤ ਅਤੇ ਉਸ ਦੀ ਟੀਮ ਦੀ ਚੁੱਪ ’ਤੇ ਸਵਾਲ ਉਠਾਏ ਹਨ।
ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਮਾਰ ਝੱਲ ਰਹੀ ਹੈ ਅਤੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਤੇ ਇਨਸਾਫ਼ ਦੇ ਸਵਾਲ ਖੜ੍ਹੇ ਹੋ ਰਹੇ ਹਨ, ਤਾਂ ਇਹ ਟੀਮ ਚੁੱਪ ਕਿਉਂ ਹੈ? ਕੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਕਰਕੇ ਇਹ ਟੀਮ ਨਸ਼ਿਆਂ ਦੇ ਮੁੱਦੇ ’ਤੇ ਬੋਲਣ ਤੋਂ ਬਚ ਰਹੀ ਹੈ? ਕੀ ‘ਕਾਕਰੋਚ ਜਨਤਾ ਪਾਰਟੀ’ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ? ਉਨ੍ਹਾਂ ਕਿਹਾ ਕਿ ਇਸ ਬਾਰੇ ਸੰਬੰਧਿਤ ਆਗੂਆਂ ਨੂੰ ਆਪਣਾ ਪੱਖ ਜਨਤਕ ਤੌਰ ’ਤੇ ਸਪੱਸ਼ਟ ਕਰਨਾ ਚਾਹੀਦਾ ਹੈ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਆਸੀ ਸਹੂਲਤ ਦੇ ਆਧਾਰ ’ਤੇ ਨਹੀਂ ਲੜੀ ਜਾ ਸਕਦੀ। ਪੰਜਾਬ ਦੀ ਜਵਾਨੀ ਦਾ ਭਵਿੱਖ ਸਭ ਤੋਂ ਮਹੱਤਵਪੂਰਨ ਹੈ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਹਰ ਸਮਾਜ ਸੇਵੀ ਦੀ ਸੁਰੱਖਿਆ ਸਰਕਾਰ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੁਲਿਸ, ਸਿਹਤ ਵਿਭਾਗ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ, ਜਿੱਥੇ ਲਾਪਰਵਾਹੀ ਸਾਬਤ ਹੋਵੇ, ਉੱਥੇ ਜਵਾਬਦੇਹੀ ਤੈਅ ਕੀਤੀ ਜਾਵੇ।
ਉੱਭਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਐਲਾਨ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਦੀ ਲੋੜ ਹੈ। ਹਰ ਸਿਆਸੀ ਪਾਰਟੀ ਅਤੇ ਸਮਾਜਿਕ ਜਥੇਬੰਦੀ ਨੂੰ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਪੰਜਾਬ ਦੀ ਜਵਾਨੀ ਦੇ ਭਵਿੱਖ ਦੇ ਮਾਮਲੇ ਵਿੱਚ ਚੁੱਪੀ ਅਤੇ ਦੋਹਰੇ ਮਾਪਦੰਡ ਕਬੂਲ ਨਹੀਂ ਕੀਤੇ ਜਾ ਸਕਦੇ।












