ਸੂਬਾ ਸਰਕਾਰ ਦੇ ਕਿਸਾਨ ਅਤੇ ਮਜ਼ਦੂਰ ਵਿਰੋਧੀ ਰਵੱਈਏ ਕਾਰਨ ਚੰਡੀਗੜ੍ਹ ’ਚ ਪੱਕਾ ਮੋਰਚਾ ਲਗਾਏਗਾ ਕੇ ਐੱਮ ਐੱਮ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਕਿਸਾਨ ਮਜ਼ਦੂਰ ਮੋਰਚੇ (ਕੇ ਐੱਮ ਐੱਮ) ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਮੰਗਾਂ ਨੂੂੰ 15 ਅਕਤੂਬਰ ਤੱਕ ਪੂਰਾ ਕਰਨ ਦਾ ਵਾਅਦਾ ਕਰ ਕੇ ਪਿੱਛੇ ਹਟਣ ਦੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਮੋਰਚੇ (ਕੇ ਐੱਮ ਐੱਮ) ਨੇ ਸੂਬਾ ਸਰਕਾਰ ਦੇ ਕਿਸਾਨ ਅਤੇ ਮਜ਼ਦੂਰ ਵਿਰੋਧੀ ਰਵੱਈਏ ਕਾਰਨ 7 ਦਸੰਬਰ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ।

ਇਹ ਐਲਾਨ ਅੱਜ ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਵਰਿਆਮ ਨੰਗਲ, ਬਲਵੰਤ ਸਿੰਘ ਬਹਿਰਾਮਕੇ, ਬਲਦੇਵ ਸਿੰਘ ਜ਼ੀਰਾ, ਲਖਬੀਰ ਸਿੰਘ ਅਤੇ ਬਲਕਾਰ ਸਿੰਘ ਬੈਂਸ ਸਣੇ ਹੋਰਨਾਂ ਆਗੂਆਂ ਨੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਦੇ ਬਾਵਜੂਦ ਲਾਗੂ ਨਹੀਂ ਕੀਤਾ ਹੈ। ਇਸੇ ਲਈ ਮੋਰਚੇ ਵੱਲੋਂ ਸੂਬਾ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ। ਸੂਬਾ ਸਰਕਾਰ ਹਾਲੇ ਵੀ 7 ਦਸੰਬਰ ਤੋਂ ਪਹਿਲਾਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਨਿਬੇੜਾ ਕਰ ਕੇ ਹੱਲ ਕੱਢ ਸਕਦੀ ਹੈ।ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸਾਨਾਂ ਦੀਆਂ ਸਾਰੀਆਂ 23 ਫ਼ਸਲਾਂ ਦੀ ਐੱਮ ਐੱਸ ਪੀ ’ਤੇ ਖ਼ਰੀਦਣ ਦਾ ਭਰੋਸਾ ਦਿੱਤਾ ਸੀ, ਪਰ ਅੱਜ ਤੱਕ ਉਹ ਐਲਾਨ ਪੂਰੀ ਨਹੀਂ ਹੋ ਸਕਿਆ ਹੈ।ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਾਸਮਤੀ, ਮੂੰਗੀ, ਮੱਕੀ, ਸਰ੍ਹੋਂ ਅਤੇ ਆਲੂ ਸਮੇਤ ਪੰਜ ਫ਼ਸਲਾਂ ਦੀ ਮੰਡੀਆਂ ਵਿੱਚ ਐੱਮ ਐੱਸ ਪੀ ’ਤੇ ਯਕੀਨੀ ਖ਼ਰੀਦ ਦੀ ਗਾਰੰਟੀ ਦੇਵੇ ਅਤੇ ਸਵਾਮੀਨਾਥਨ ਕਮਿਸ਼ਨ ਅਨੁਸਾਰ ਫ਼ਸਲਾਂ ਦਾ ਭਾਅ ਤੈਅ ਕੀਤਾ ਜਾਵੇ। ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ। ਜਦੋਂ ਤੱਕ ਕਰਜ਼ਾ ਮੁਆਫ਼ ਨਹੀਂ ਹੁੰਦਾ, ਉਦੋਂ ਤੱਕ ਕੋਆਪਰੇਟਿਵ ਬੈਂਕਾਂ ਅਤੇ ਲੈਂਡ ਮੌਰਗੇਜ ਬੈਂਕਾਂ ਸਮੇਤ ਸਾਰੇ ਸਬੰਧਤ ਕਰਜ਼ਿਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇ। ਇਸ ਤੋਂ ਇਲਾਵਾ ਕਰਜ਼ੇ ਕਰਕੇ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ। ਪਰਾਲੀ ਸਾੜਨ ਸਮੇਤ ਕਿਸਾਨਾਂ ਅਤੇ ਕਿਸਾਨ ਆਗੂਆਂ ਵਿਰੁੱਧ ਦਰਜ ਸਾਰੇ ਕੇਸ ਵਾਪਸ ਲਏ ਜਾਣ। ਸ਼ੰਭੂ ਅਤੇ ਖਨੌਰੀ ਮੋਰਚਿਆਂ ਨਾਲ ਸਬੰਧਤ ਮਸਲਿਆਂ ਦਾ ਪੂਰਨ ਨਿਬੇੜਾ ਕੀਤਾ ਜਾਵੇ। ਇਸ ਮੌਕੇ ਜੰਗ ਸਿੰਘ ਪਟੇੜੀ, ਗੁਰਧਿਆਨ ਸਿੰਘ, ਮਲਕੀਤ ਸਿੰਘ ਗੁਲਾਮੀ ਵਾਲਾ, ਗੁਰਅਮਨੀਤ ਸਿੰਘ ਮਾਂਗਟ, ਦਿਲਬਾਗ ਸਿੰਘ ਹਰੀਗੜ੍ਹ, ਰਾਜ ਸਿੰਘ, ਕਿਰਪਾਲ ਸਿੰਘ ਅਤੇ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਮੌਜੂਦ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।