ਪਰਵਿੰਦਰ ਸਿੰਘ ਝੋਟੇ ਕੇਸ ‘ਚ ਜਥੇਬੰਦੀਆਂ ਵੱਲੋਂ ‘ਆਪ’ ਵਿਧਾਇਕਾਂ ਨੂੰ ਦਿੱਤੇ ਜਾਣਗੇ ‘ਲਾਹਣਤ ਪੱਤਰ

ਚੰਡੀਗੜ੍ਹ ਪੰਜਾਬ

ਮਾਨਸਾ 18 ਅਕਤੂਬਰ ,ਬੋਲੇ ਪੰਜਾਬ ਬਿਉਰੋ;

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਹੋਏ ਕਤਲ ‘ਤੇ ਰੋਸ ਜ਼ਾਹਰ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੀ ਬਣੀ ਐਕਸ਼ਨ ਕਮੇਟੀ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੂੰ ‘ਲਾਹਣਤ ਪੱਤਰ’ ਸੌਂਪਣ ਦਾ ਐਲਾਨ ਕੀਤਾ ਹੈ।

ਇਸ ਦੌਰਾਨ ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਰਿਹਾਇਸ਼ (ਪਿੰਡ ਬੀੜ) ਅਤੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਦੇ ਦਫ਼ਤਰ (ਕਰਤਾਰਪੁਰ) ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ, ਜਿੱਥੇ ਉਨ੍ਹਾਂ ਨੂੰ ‘ਲਾਹਣਤ ਪੱਤਰ’ ਸੌਂਪੇ ਜਾਣਗੇ।ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਸਮੇਤ ਕਈ ਹੋਰ ਜਥੇਬੰਦੀਆਂ ਸ਼ਾਮਲ ਹਨ।ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ, “ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟੇ ਦਾ ਕਤਲ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਇਸ ਘਟਨਾ ਨੇ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਝੋਟੇ ਨੂੰ ਨਸ਼ਾ ਤਸਕਰ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਹੈ। ਸਾਡੀ ਐਕਸ਼ਨ ਕਮੇਟੀ ਪੰਜਾਬ ਦੇ ਮੁੱਖ ਮੰਤਰੀ ਦੇ ਅਸਤੀਫ਼ੇ ਅਤੇ ਪੰਜਾਬ ਦੇ ਡੀ ਜੀ ਪੀ (DGP) ਦੀ ਬਰਖਾਸਤਗੀ ਦੀ ਮੰਗ ਕਰਦੀ ਹੈ। ਅਸੀਂ ਇਸ ਕਤਲ ਦੀ ਸੀ ਬੀ ਆਈ (CBI) ਜਾਂਚ, ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕਣ ਅਤੇ ਨਸ਼ਾ ਤਸਕਰਾਂ, ਪੁਲੀਸ ਤੇ ਸਿਆਸਤਦਾਨਾਂ ਦੇ ਗਠਜੋੜ ਖ਼ਿਲਾਫ਼ ਸਖ਼ਤ ਕਾਰਵਾਈ ਦੀ ਵੀ ਮੰਗ ਕਰਦੇ ਹਾਂ।”

ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸੰਤੋਖ ਸਿੰਘ ਸੰਧੂ, ਨੌਜਵਾਨ ਭਾਰਤ ਸਭਾ ਦੇ ਸੂਬਾ ਮੀਤ ਪ੍ਰਧਾਨ ਮੰਗਲਜੀਤ ਪੰਡੋਰੀ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਮਨਦੀਪ ਕੌਰ ਨੇ ਸਾਂਝੇ ਬਿਆਨ ਵਿੱਚ ਕਿਹਾ, “ਨਸ਼ਿਆਂ ਦੇ ਮੁੱਦੇ ‘ਤੇ ਇੱਕ-ਦੂਜੇ ‘ਤੇ ਜ਼ਿੰਮੇਵਾਰੀ ਸੁੱਟਣ ਦੀ ਬਜਾਏ, ਪੰਜਾਬ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਆਪਣੀ ਜਵਾਬਦੇਹੀ ਕਬੂਲ ਕਰਨੀ ਚਾਹੀਦੀ ਹੈ। ਗੁਜਰਾਤ ਦੀਆਂ ਬੰਦਰਗਾਹਾਂ ‘ਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਫੜੇ ਗਏ ਸਨ, ਉਨ੍ਹਾਂ ਮਾਮਲਿਆਂ ਵਿੱਚ ਵੱਡੇ ਤਸਕਰਾਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਖ਼ਿਲਾਫ਼ ਕੋਈ ਠੋਸ ਕਾਰਵਾਈ ਕਿਉਂ ਨਹੀਂ ਕੀਤੀ ਗਈ? ਪੰਜਾਬ ਵਿੱਚ ਨਸ਼ਾ ਤਸਕਰੀ ਦੇ ਗਠਜੋੜ ਵਿੱਚ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕਥਿਤ ਸ਼ਮੂਲੀਅਤ ਦੀ ਵੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।”

ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਮੁੱਖ ਮੰਤਰੀ ਵੱਲੋਂ ਜ਼ਿਲ੍ਹਾ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨਾਲ ਕੀਤੀਆਂ ਮੀਟਿੰਗਾਂ ਉਦੋਂ ਤੱਕ ਬੇਅਸਰ ਰਹਿਣਗੀਆਂ ਜਦੋਂ ਤੱਕ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਜ਼ਮੀਨੀ ਪੱਧਰ ‘ਤੇ ਗੰਭੀਰ ਯਤਨ ਨਹੀਂ ਕੀਤੇ ਜਾਂਦੇ। ਇਸ ਗ਼ੈਰ-ਕਾਨੂੰਨੀ ਧੰਦੇ ਨੂੰ ਸਰਪ੍ਰਸਤੀ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਬਿਨਾਂ ਕਿਸੇ ਡਰ ਤੋਂ ਕੰਮ ਕਰ ਰਹੇ ਹਨ ਅਤੇ ਨਸ਼ਿਆਂ ਦੇ ਕੋਹੜ ਖ਼ਿਲਾਫ਼ ਲੜਨ ਵਾਲਿਆਂ ਦੀ ਜਾਨ ਖ਼ਤਰੇ ਵਿੱਚ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।