ਵੱਖ-ਵੱਖ ਵਿਭਾਗਾਂ ਨੂੰ ਇੱਕ-ਦੋ ਦਿਨਾਂ ਵਿੱਚ ਬਾਕੀ ਕੰਮ ਮੁਕੰਮਲ ਕਰਨ ਦੇ ਨਿਰਦੇਸ਼; ਸਾਰੇ ਮੈਚਾਂ ਲਈ ਦਰਸ਼ਕਾਂ ਦੀ ਐਂਟਰੀ ਬਿਲਕੁਲ ਮੁਫ਼ਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਕਤੂਬਰ ,ਬੋਲੇ ਪੰਜਾਬ ਬਿਉਰੋ:
ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਸੈਮੀਫਾਈਨਲ, ਤੀਜੇ ਸਥਾਨ ਅਤੇ ਫਾਈਨਲ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਮੋਹਾਲੀ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ ਲਈ ਪੰਜਾਬ ਦੇ ਖੇਡ ਸਕੱਤਰ ਸ੍ਰੀ ਵਰੁਣ ਰੂਜਮ ਨੇ ਅੱਜ ਫੇਜ਼-9 ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਦਾ ਦੌਰਾ ਕੀਤਾ।
ਉਨ੍ਹਾਂ ਦੇ ਨਾਲ ਵਿਸ਼ੇਸ਼ ਸਕੱਤਰ ਡਾ. ਐੱਸ. ਪੀ. ਆਨੰਦ ਕੁਮਾਰ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਅਭਿਜੀਤ ਕਪਲਿਸ਼ ਵੀ ਮੌਜੂਦ ਸਨ। ਇਸ ਮੌਕੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਸੰਦੀਪ ਰਿਸ਼ੀ, ਨਗਰ ਨਿਗਮ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਗੜ੍ਹਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ, ਐੱਸ.ਡੀ.ਐੱਮ. ਮੋਹਾਲੀ ਸ੍ਰੀਮਤੀ ਦਮਨਦੀਪ ਕੌਰ, ਆਈ.ਏ.ਐੱਸ. (ਸਿਖਲਾਈ ਅਧੀਨ) ਸ੍ਰੀਮਤੀ ਲਿੰਧੀਆ ਏ. ਐੱਨ. ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸਟੇਡੀਅਮ ਵਿੱਚ ਮੁਰੰਮਤ ਅਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਖੇਡ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਬਾਕੀ ਰਹਿੰਦੇ ਕੰਮਾਂ ਨੂੰ ਅਗਲੇ ਇੱਕ-ਦੋ ਦਿਨਾਂ ਵਿੱਚ ਮੁਕੰਮਲ ਕਰਕੇ ਅੰਤਿਮ ਛੋਹਾਂ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਕੌਮਾਂਤਰੀ ਪੱਧਰ ਦੇ ਇਸ ਖੇਡ ਮੁਕਾਬਲੇ ਦੌਰਾਨ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ 4 ਨਵੰਬਰ ਨੂੰ ਮੋਹਾਲੀ ਵਿਖੇ ਤਿੰਨ ਮੈਚ ਖੇਡੇ ਜਾਣਗੇ, ਜਦਕਿ 5 ਨਵੰਬਰ ਨੂੰ ਤੀਜੇ ਸਥਾਨ ਲਈ ਮੁਕਾਬਲੇ ਦੇ ਨਾਲ-ਨਾਲ ਖ਼ਿਤਾਬੀ ਫਾਈਨਲ ਵੀ ਹੋਵੇਗਾ। ਇਨ੍ਹਾਂ ਮੁਕਾਬਲਿਆਂ ਰਾਹੀਂ ਹਾਕੀ ਪ੍ਰੇਮੀਆਂ ਨੂੰ ਕੌਮਾਂਤਰੀ ਪੱਧਰ ਦੀ ਹਾਕੀ ਦੇ ਰੋਮਾਂਚਕ ਮੁਕਾਬਲੇ ਨੇੜਿਓਂ ਦੇਖਣ ਦਾ ਮੌਕਾ ਮਿਲੇਗਾ।
ਪੰਜਾਬ ਸਰਕਾਰ ਦੀ ਖੇਡਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਵਰੁਣ ਰੂਜਮ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੋਹਾਲੀ ਅਤੇ ਜਲੰਧਰ ਵਿਖੇ ਹੋਣ ਵਾਲੇ ਸਾਰੇ ਮੈਚਾਂ ਨੂੰ ਦੇਖਣ ਲਈ ਦਰਸ਼ਕਾਂ ਦੀ ਐਂਟਰੀ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ। ਹਾਕੀ ਪ੍ਰੇਮੀਆਂ ਨੂੰ ਕੌਮਾਂਤਰੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਆਨੰਦ ਲੈਣ ਲਈ ਕੋਈ ਟਿਕਟ ਨਹੀਂ ਖਰੀਦਣੀ ਪਵੇਗੀ।
ਉਨ੍ਹਾਂ ਕਿਹਾ ਕਿ ਦਰਸ਼ਕਾਂ ਦੀ ਸਹੂਲਤ, ਸੁਚੱਜੇ ਪ੍ਰਬੰਧਾਂ ਅਤੇ ਯਾਦਗਾਰੀ ਖੇਡ ਅਨੁਭਵ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦੀਆਂ ਸਹੂਲਤਾਂ ਨੂੰ ਨਿਰਧਾਰਤ ਸਮੇਂ ਅੰਦਰ ਤਿਆਰ ਕਰਨਾ ਯਕੀਨੀ ਬਣਾਇਆ ਜਾਵੇ।
ਜ਼ਿਕਰਯੋਗ ਹੈ ਕਿ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਅਹਿਮ ਮੁਕਾਬਲਿਆਂ ਦੀ ਮੇਜ਼ਬਾਨੀ ਨਾਲ ਮੋਹਾਲੀ ਨੂੰ ਕੌਮਾਂਤਰੀ ਹਾਕੀ ਦੇ ਪ੍ਰਮੁੱਖ ਕੇਂਦਰ ਵਜੋਂ ਉਭਰਨ ਦਾ ਮੌਕਾ ਮਿਲੇਗਾ ਅਤੇ ਖੇਡ ਪ੍ਰੇਮੀਆਂ ਨੂੰ ਬਿਨਾਂ ਕਿਸੇ ਟਿਕਟ ਖ਼ਰਚੇ ਦੇ ਉੱਚ ਪੱਧਰੀ ਹਾਕੀ ਮੁਕਾਬਲੇ ਦੇਖਣ ਦਾ ਮੌਕਾ ਪ੍ਰਾਪਤ ਹੋਵੇਗਾ।












