ਪਾਰਟੀ ਦੀ ਮਜ਼ਬੂਤੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ
ਮੋਹਾਲੀ 22 ਅਕਤੂਬਰ,ਬੋਲੇ ਪੰਜਾਬ ਬਿਊਰੋ;
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਨੇਟਾ ਵਿਖੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਾਂਗਰਸ ਪਾਰਟੀ ਦੇ ਮਿਹਨਤੀ ਵਰਕਰਾਂ ਅਤੇ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪਾਰਟੀ ਦੀ ਮੌਜੂਦਾ ਸਥਿਤੀ, ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੇ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਨੂੰ ਸਫ਼ਲ ਬਣਾਉਣ ਲਈ ਸਮੂਹ ਵਰਕਰਾਂ ਅਤੇ ਸਾਥੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ, ਜੋ ਹਰ ਮੁਸ਼ਕਲ ਸਮੇਂ ਵਿੱਚ ਲੋਕਾਂ ਦੇ ਨਾਲ ਖੜ੍ਹਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀ ਭੂਮਿਕਾ ਬੇਹੱਦ ਅਹਿਮ ਹੈ।
ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮਸਲਿਆਂ, ਨੌਜਵਾਨਾਂ ਦੇ ਭਵਿੱਖ, ਰੁਜ਼ਗਾਰ ਅਤੇ ਸੂਬੇ ਦੀ ਬਿਹਤਰੀ ਲਈ ਲਗਾਤਾਰ ਆਵਾਜ਼ ਉਠਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਰੱਖਣ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ।
ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਦਾ ਕੋਹੜ ਪੰਜਾਬ ਦੀ ਜਵਾਨੀ ਅਤੇ ਸੂਬੇ ਦੇ ਭਵਿੱਖ ਲਈ ਵੱਡੀ ਚੁਣੌਤੀ ਹੈ। ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਦਾਅਵਿਆਂ ਨਾਲ ਨਹੀਂ, ਸਗੋਂ ਠੋਸ ਕਦਮਾਂ, ਪ੍ਰਭਾਵਸ਼ਾਲੀ ਕਾਰਵਾਈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਨੌਜਵਾਨਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਨਸ਼ਿਆਂ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ ਲਈ ਪ੍ਰੇਰਿਤ ਕੀਤਾ।
ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਰਕਰਾਂ ਦਾ ਪਾਰਟੀ ਪ੍ਰਤੀ ਪਿਆਰ, ਵਿਸ਼ਵਾਸ ਅਤੇ ਸਮਰਪਣ ਹੀ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਮਿਲ ਕੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ, ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਵਰਕਰਾਂ ਦੀ ਮਿਹਨਤ, ਲੋਕਾਂ ਦੇ ਸਹਿਯੋਗ ਅਤੇ ਸਾਂਝੇ ਯਤਨਾਂ ਨਾਲ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਇੱਕ ਮਜ਼ਬੂਤ ਲਹਿਰ ਖੜ੍ਹੀ ਕੀਤੀ ਜਾਵੇਗੀ।
ਇਸ ਮੌਕੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਖਰੜ, ਸ. ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ; ਮੋਹਾਲੀ ਦਿਹਾਤੀ ਬਲਾਕ ਪ੍ਰਧਾਨ ਸ. ਪ੍ਰਦੀਪ ਤੰਗੋਰੀ; ਲੇਬਰਫੈੱਡ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਟਲਾਣਾ; ਸਾਬਕਾ ਸਰਪੰਚ ਚੌਧਰੀ ਭਗਤ ਰਾਮ; ਚੌਧਰੀ ਰਿਸ਼ੀ ਪਾਲ; ਸਾਬਕਾ ਸਰਪੰਚ ਚੌਧਰੀ ਰਾਮ ਈਸ਼ਰ; ਚੌਧਰੀ ਹਰਨੇਕ ਸਿੰਘ ਨੇਕੀ; ਟਹਿਲ ਸਿੰਘ ਮਾਣਕਪੁਰ ਕਲਾਂ; ਸ਼ੇਰ ਸਿੰਘ ਦੈੜੀ; ਸਾਬਕਾ ਸਰਪੰਚ ਜਸਵਿੰਦਰ ਸਿੰਘ ਪੱਪਾ ਅਤੇ ਯੂਥ ਆਗੂ ਕਮਲ ਸਨੇਟਾ ਹਾਜ਼ਰ ਸਨ।












