ਪੰਜਾਬ ਸਰਕਾਰ ਹੜਤਾਲ ਦੇ ਮੁੱਦੇ ‘ਤੇ ਸਖ਼ਤ, ਗੈਰਹਾਜ਼ਰ ਮੁਲਾਜ਼ਮਾਂ ਦੀ ਰਿਪੋਰਟ ਤਲਬ
ਚੰਡੀਗੜ੍ਹ, 22 ਅਕਤੂਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਦੇਰ ਰਾਤ ਹੋਈ ਮੀਟਿੰਗ ਬਿਨਾਂ ਕਿਸੇ ਸਿੱਟੇ ਦੇ ਸਮਾਪਤ ਹੋ ਗਈ। ਮੀਟਿੰਗ ਦੌਰਾਨ ਅਧਿਕਾਰੀਆਂ ਦੇ ਰਵੱਈਏ ਤੋਂ ਨਾਰਾਜ਼ ਮੁਲਾਜ਼ਮਾਂ ਨੇ ਅੱਜ ਵੀ ਆਪਣੀ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਵਿਰੁੱਧ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ, ਉਨ੍ਹਾਂ ਨੇ 25 ਅਕਤੂਬਰ ਨੂੰ ਲੁਧਿਆਣਾ ਵਿਖੇ ‘ਸਾਂਝੀ ਤਾਲਮੇਲ ਕਮੇਟੀ’ ਦੀ ਮੀਟਿੰਗ ਸੱਦੀ ਹੈ।
ਇਸ ਦੌਰਾਨ, ਪੰਜਾਬ ਸਰਕਾਰ ਨੇ ਹੜਤਾਲ ਦੇ ਮੁੱਦੇ ‘ਤੇ ਸਖ਼ਤ ਰੁਖ਼ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਜਨਰਲ ਪ੍ਰਸ਼ਾਸਨ ਵਿਭਾਗ ਨੇ ਸਾਰੇ ਵਿਭਾਗਾਂ ਦੇ ਸਕੱਤਰਾਂ, ਡਾਇਰੈਕਟਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਮੁਲਾਜ਼ਮਾਂ ਦੀ ਸੂਚੀ ਤੁਰੰਤ ਸੌਂਪਣ ਜੋ ਬਿਨਾਂ ਮਨਜ਼ੂਰਸ਼ੁਦਾ ਛੁੱਟੀ ਦੇ ਗੈਰ-ਹਾਜ਼ਰ ਹਨ।
ਸਰਕਾਰ ਦੇ ਇਸ ਹੁਕਮ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ‘ਸਾਂਝੀ ਤਾਲਮੇਲ ਕਮੇਟੀ’ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਗੰਭੀਰ ਨਹੀਂ ਹੈ; ਉਨ੍ਹਾਂ ਨੇ ਸਾਰਿਆਂ ਨੂੰ ਅੱਜ ਦੀ ਹੜਤਾਲ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।












