ਮੋਹਾਲੀ 24 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਪਹਿਲਾਂ ਹੀ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਹੇ ਕਿਸਾਨਾਂ ਲਈ ਕੁਦਰਤ ਦੀ ਮਾਰ ਨਵੀਂ ਮੁਸੀਬਤ ਬਣ ਕੇ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਸ਼ਨਿਚਰਵਾਰ ਸ਼ਾਮ ਨੂੰ ਅਜਨਾਲਾ ,ਅੰਮ੍ਰਿਤਸਰ ਤੇ ਭਿੱਖੀਵਿੰਡ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ ਜਿਸ ਕਾਰਨ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੌਸਮ ਦੀ ਇਸ ਅਚਾਨਕ ਤਬਦੀਲੀ ਨੇ ਉਨ੍ਹਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਸਾਲ ਭਰ ਦੀ ਮਿਹਨਤ ਅਤੇ ਫ਼ਸਲ ਉੱਤੇ ਲਾਇਆ ਪੈਸਾ ਦਾਅ ’ਤੇ ਲੱਗਿਆ ਹੋਇਆ ਹੈ, ਜਦਕਿ ਮੀਂਹ ਅਤੇ ਗੜਿਆਂ ਕਾਰਨ ਪੈਦਾ ਹੋਏ ਹਾਲਾਤ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਸੰਭਾਲ ਬਾਰੇ ਸੋਚਣ ਲਈ ਮਜਬੂਰ ਕਰ ਦਿੱਤਾ ਹੈ।ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅਤੇ ਇਸ ਦੇ ਆਸ-ਪਾਸ ਦੇ ਕਈ ਪਿੰਡਾਂ ਵਿੱਚ ਲੰਘੀ ਦੇਰ ਰਾਤ ਅਚਾਨਕ ਹੋਈ ਬੇਮੌਸਮੀ ਬਾਰਿਸ਼ ਅਤੇ ਤੇਜ਼ ਗੜ੍ਹੇਮਾਰੀ ਨੇ ਅੰਨਦਾਤੇ ਦੀਆਂ ਚਿੰਤਾਵਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ। ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਮੌਸਮ ਦੇ ਅਚਾਨਕ ਲਏ ਇਸ ਮੋੜ ਕਾਰਨ ਕਿਸਾਨਾਂ ਦੀ ਖੇਤਾਂ ਵਿੱਚ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਨੂੰ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ।
ਇਹ ਸਮਾਂ ਕਿਸਾਨਾਂ ਲਈ ਅਤਿਅੰਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ਵਿੱਚ ਝੋਨੇ ਦੀ ਫ਼ਸਲ ਦੀ ਵਾਢੀ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਤੋਂ ਇਲਾਵਾ, ਆਉਂਦੇ ਥੋੜ੍ਹੇ ਦਿਨਾਂ ਤੱਕ ਖੇਤਾਂ ਵਿੱਚ ਕਣਕ ਦੀ ਬਿਜਾਈ ਦਾ ਕੰਮ ਵੀ ਸ਼ੁਰੂ ਹੋਣ ਵਾਲਾ ਹੈ। ਅਜਿਹੇ ਅਹਿਮ ਸਮੇਂ ‘ਤੇ ਹੋਈ ਇਸ ਤੇਜ਼ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਈ ਥਾਵਾਂ ‘ਤੇ ਪੱਕੀ ਹੋਈ ਫ਼ਸਲ ਧਰਤੀ ‘ਤੇ ਵਿਛ ਗਈ ਹੈ। ਕਿਸਾਨਾਂ ਨੂੰ ਡਰ ਹੈ ਕਿ ਫ਼ਸਲ ਹੇਠਾਂ ਡਿੱਗਣ ਨਾਲ ਝੋਨੇ ਦੇ ਦਾਣਿਆਂ ਦੀ ਗੁਣਵੱਤਾ ਖ਼ਰਾਬ ਹੋ ਜਾਵੇਗੀ ਅਤੇ ਮੰਡੀਆਂ ਵਿੱਚ ਉਨ੍ਹਾਂ ਨੂੰ ਫ਼ਸਲ ਦਾ ਵਾਜਬ ਭਾਅ ਨਹੀਂ ਮਿਲੇਗਾ।












