ਸੰਗਰੂਰ 30 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਸੰਗਰੂਰ ਡੀ.ਸੀ ਦਫਤਰ ਦੇ ਬਾਹਰ ਪਿਛਲੇ 40 ਦਿਨਾਂ ਤੋਂ ਪੱਕੇ ਧਰਨੇ ਤੇ ਬੈਠੇ ਕੰਪਿਊਟਰ ਅਧਿਆਪਕਾਂ ਦੀ ਅਜੇ ਵੀ ਪੰਜਾਬ ਸਰਕਾਰ ਵੱਲੋ ਕੋਈ ਸਾਰ ਨਹੀਂ ਲਈ ਜਾ ਰਹੀ ਹੈ । ਜਿਸ ਕਰਕੇ ਮਜਬੂਰਨ ਜਥੇਬੰਦੀ ਦੇ ਆਗੂਆਂ ਨੇ ਆਰ-ਪਾਰ ਦੀ ਜੰਗ ਦਾ ਐਲਾਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅੱਜ 30 ਅਕਤੂਬਰ ਤੱਕ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਸਮੂਹ ਕੰਪਿਊਟਰ ਅਧਿਆਪਕਾਂ ਵੱਲੋਂ 01 ਨਵੰਬਰ ਨੂੰ ਸੰਗਰੂਰ ਵਿੱਤ ਮੰਤਰੀ ਦੀ ਰਿਹਾਇਸ ਤੋਂ ਲੈ ਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਤੱਕ ਵਿਸਾਲ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਫਿਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਕੇ ਦਿਨ ਰਾਤ ਦਾ ਪੱਕਾ ਮੋਰਚਾ ਉਥੇ ਹੀ ਚਲਾਇਆ ਜਾਵੇਗਾ, ਜਿਸ ਵਿੱਚ ਸਮੁੱਚੇ ਪੰਜਾਬ ਵਿੱਚੋਂ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ। ਕੰਪਿਊਟਰ ਟੀਚਰਜ਼ ਯੂਨੀਅਨ,ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ,ਪਟਿਆਲਾ ਦੇ ਸੂਬਾ/ਜਿਲ੍ਹਾ ਆਗੂ ਪਰਮਵੀਰ ਸਿੰਘ, ਰਣਜੀਤ ਸਿੰਘ, ਹਨੀ ਗਰਗ, ਬਲਜੀਤ ਸਿੰਘ, ਸੁਮਿਤ ਕੁਮਾਰ ਅਤੇ ਧਿਆਨ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਜਾਣਕਾਰੀ ਦਿੰਦੇ ਦੱਸਿਆ ਕਿ ਜੇ ਸਰਕਾਰ ਅਜੇ ਵੀ ਕੰਪਿਊਟਰ ਅਧਿਆਪਕਾਂ ਨੂੰ ਉਹਨਾਂ ਦੇ ਬਣਦੇ ਹੱਕ ਨਹੀਂ ਦੇਵੇਗੀ ਤਾਂ ਉਹ 01 ਨਵੰਬਰ ਦੀ ਰੈਲੀ ਵਿੱਚ ਪਟਿਆਲਾ ਜਿਲ੍ਹੇ ਵੱਲੋਂ ਭਰਵੀਂ ਗਿਣਤੀ ਵਿੱਚ ਸ਼ਾਮਿਲ ਹੋਣਗੇ ਅਤੇ 8 ਨਵੰਬਰ ਦੀਵਾਲ਼ੀ ਦੇ ਮੌਕੇ ਤੱਕ ਧੂਰੀ ਸੀ.ਐਮ. ਦੇ ਹਲਕੇ, ਦਿੜਬਾ ਵਿੱਤ ਮੰਤਰੀ ਦੇ ਹਲਕੇ , ਸੁਨਾਮ AAP ਪੰਜਾਬ ਪ੍ਰਧਾਨ ਦੇ ਹਲਕੇ ਅਤੇ ਸਿੱਖਿਆ ਮੰਤਰੀ ਦੇ ਅਨੰਦਪੁਰ ਸਾਹਿਬ ਹਲਕੇ ਵਿੱਚ ਲੜੀਵਾਰ ਐਕਸ਼ਨ ਉਲੀਕੇ ਜਾਣਗੇ ਤੇ ਸਿੱਖਿਆ ਮੰਤਰੀ ਦੇ 15 ਸਤੰਬਰ 2022 ਦੀ ਦੀਵਾਲੀ ਦਾ ਤੋਹਫਾ’ ਜੋ ਕਿ ਅੱਜ ਤੱਕ ਅਧੂਰਾ ਹੈ, ਲੈ ਕੇ ਹੀ ਸੰਘਰਸ਼ ਨੂੰ ਵਿਰਾਮ ਦਿੱਤਾ ਜਾਵੇਗਾ।
ਆਗੂਆਂ ਵੱਲੋ ਦੱਸਿਆ ਗਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (PICTES) ਦੇ ਨਾਂ ‘ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਜ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮੀਸ਼ਨ ਤਹਿਤ ਬਣਦਾ ਅਣਰਿਵਾਇਜਡ ਡੀਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ।
ਇਸ ਮੌਕੇ ਆਗੂ ਅਮਨਦੀਪ ਕੌਰ ਵਾਲੀਆ, ਸੁਖਵਿੰਦਰ ਸਿੰਘ ਸੇਹਰਾ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਰਾਜਪੁਰਾ, ਸੀਮਾ ਰਾਣੀ ਸਮਾਣਾ, ਉਧਮ ਸਿੰਘ, ਰਵਿੰਦਰ ਸਿੰਘ ਸੈਣੀ, ਸਿੰਦਰ ਪਾਲ, ਪਰਮਜੀਤ ਸਿੰਘ ਅਤੇ ਰਵਿੰਦਰ ਸਿੰਘ ਵੱਲੋ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 118 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ।












