ਪਿੰਡ ਰੁੜਕਾ ਵਿਖੇ ਬਾਬਾ ਦਰਸ਼ਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਨਾਲ ਮਨਾਈ

ਪੰਜਾਬ

ਮੋਹਾਲੀ 1 ਨਵੰਬਰ ,ਬੋਲੇ ਪੰਜਾਬ ਬਿਊਰੋ;

ਗੁਰਦੁਆਰਾ ਧੰਨਾ ਭਗਤ ਸਾਹਿਬ, ਪਿੰਡ ਰੁੜਕਾ ਵਿਖੇ ਸੱਚਖੰਡ ਵਾਸੀ ਬਾਬਾ ਦਰਸ਼ਨ ਸਿੰਘ ਜੀ ਦੀ ਤੀਜੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। 30, 31 ਅਕਤੂਬਰ ਅਤੇ 1 ਨਵੰਬਰ ਨੂੰ ਕਰਵਾਏ ਗਏ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵੱਖ-ਵੱਖ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਭਾਈ ਅਵਤਾਰ ਸਿੰਘ ਆਲਮਗੀਰ ਵਾਲਿਆਂ ਅਤੇ ਭਾਈ ਬਿਕਰਮ ਸਿੰਘ ਢੱਡਰੀਆਂ ਵਾਲਿਆਂ ਨੇ ਵੀ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ।

ਇਸ ਮੌਕੇ ਸ੍ਰੀ ਬਲਬੀਰ ਸਿੰਘ ਸਿੱਧੂ ਸਾਬਕਾ ਸਿਹਤ ਮੰਤਰੀ ਪੰਜਾਬ ਨੇ ਬਾਬਾ ਦਰਸ਼ਨ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਧਾਰਮਿਕ ਸ਼ਖ਼ਸੀਅਤਾਂ ਦਾ ਜੀਵਨ ਸਮਾਜ ਲਈ ਪ੍ਰੇਰਨਾ ਸਰੋਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਆਪਣੇ ਗੁਰੂਆਂ, ਸੰਤਾਂ ਅਤੇ ਮਹਾਂਪੁਰਖਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਮਨੁੱਖ ਨੂੰ ਹਮੇਸ਼ਾ ਲੋੜਵੰਦਾਂ ਦੀ ਮਦਦ ਅਤੇ ਮਨੁੱਖਤਾ ਦੀ ਸੇਵਾ ਲਈ ਤਤਪਰ ਰਹਿਣਾ ਚਾਹੀਦਾ ਹੈ।

ਇਸੇ ਦੌਰਾਨ ਅਮਰੀਕ ਸਿੰਘ, ਮੰਡਲ ਪ੍ਰਧਾਨ ਕਾਂਗਰਸ ਪਾਰਟੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਘਰ ਸਾਡੇ ਸਮਾਜ ਵਿੱਚ ਏਕਤਾ, ਸਾਂਝ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਅਹਿਮ ਕੇਂਦਰ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਸਾਨੂੰ ਸਾਰਿਆਂ ਨੂੰ ਅਜਿਹੇ ਉਪਰਾਲਿਆਂ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।

ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਡਾਕਟਰ ਜਸਮੇਰ ਸਿੰਘ, ਮੋਹਰ ਸਿੰਘ, ਬਹਾਲ ਸਿੰਘ ਅਤੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਸਮੂਹ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਈ ਹਰਦੀਪ ਸਿੰਘ ਅਤੇ ਬੀਬਾ ਗੁਰਸ਼ਰਨ ਕੌਰ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਨਿਭਾਈ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।