ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ;
ਭਾਜਪਾ ਦਾ ਪੱਲਾ ਫੜਨ ਮਗਰੋਂ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਆਪਣੇ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜੌੜਾਮਾਜਰਾ ਨੇ ਲੰਘੇ ਕੱਲ੍ਹ ਹੀ ਆਪਣਾ ਅਸਤੀਫ਼ਾ ਈ-ਮੇਲ ਜ਼ਰੀਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਸੀ ਪਰ ਅੱਜ ਉਨ੍ਹਾਂ ਨੇ ਦਸਤਖਤਾਂ ਸਮੇਤ ਮੁੜ ਅਸਤੀਫ਼ੇ ਦੀ ਕਾਪੀ ਭੇਜੀ ਹੈ। ਚੇਤੇ ਰਹੇ ਕਿ ‘ਆਪ’ ਦੇ ਭਾਜਪਾ ’ਚ ਸ਼ਾਮਲ ਹੋਏ ਤਿੰਨ ਵਿਧਾਇਕਾਂ ਵਿਚੋਂ ਹਰਮੀਤ ਸਿੰਘ ਪਠਾਨਮਾਜਰਾ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਤਾਂ ਪਹਿਲਾਂ ਹੀ ਵਿਧਾਇਕੀ ਛੱਡ ਦਿੱਤੀ ਸੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਸੋਮਵਾਰ ਨੂੰ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ ਅਤੇ ਇਸ ਮਾਮਲੇ ਦੀ 5 ਨਵੰਬਰ ਨੂੰ ਸੁਣਵਾਈ ਰੱਖੀ ਹੈ। ਜੌੜਾਮਾਜਰਾ ਨੇ ਇਸ ਤੋਂ ਪਹਿਲਾਂ ਹੀ ਹੁਣ ਵਿਧਾਇਕ ਦਾ ਅਹੁਦਾ ਛੱਡ ਦਿੱਤਾ ਹੈ। ਇਸ ਤੋਂ ਪਹਿਲਾਂ ‘ਆਪ’ ਦੀ ਚੀਫ਼ ਵ੍ਹਿਪ ਬਲਜਿੰਦਰ ਕੌਰ ਨੇ ਵਿਧਾਨ ਸਭਾ ਦੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ ਜਿਸ ’ਚ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਦਸਵੇਂ ਸ਼ਡਿਊਲ ਦੇ ਹਵਾਲੇ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦਿੱਤੇ ਜਾਣ ਦੀ ਅਪੀਲ ਕੀਤੀ ਸੀ।ਜੌੜਾਮਾਜਰਾ ਵੱਲੋਂ ਅਸਤੀਫ਼ਾ ਦੇਣ ਮਗਰੋਂ ਹੁਣ ‘ਆਪ’ ਦੀ ਪਟੀਸ਼ਨ ਦੀ ਕਾਨੂੰਨੀ ਵਾਜਬਤਾ ਨਹੀਂ ਰਹਿ ਗਈ ਹੈ। ਅੰਮ੍ਰਿਤਸਰ ਉੱਤਰੀ ਅਤੇ ਸਨੌਰ ਸੀਟ ਮਗਰੋਂ ਹੁਣ ਹਲਕਾ ਸਮਾਣਾ ਦੀ ਸੀਟ ਕਿਸੇ ਵੇਲੇ ਵੀ ਖ਼ਾਲੀ ਘੋਸ਼ਿਤ ਕੀਤੀ ਜਾ ਸਕਦੀ ਹੈ।












