ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਜਾਰੀ ਨਾ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਮੁੱਖ ਸਕੱਤਰ ਨੂੰ 10 ਦਿਨਾਂ ਦੇ ਅੰਦਰ ਜਵਾਬੀ ਹਲਫ਼ਨਾਮਾ ਦਾਖ਼ਲ ਕਰਕੇ ਇਹ ਦੱਸਣ ਦੇ ਹੁਕਮ ਦਿੱਤੇ ਹਨ ਕਿ 3 ਅਗਸਤ ਨੂੰ ਜਾਰੀ ਕੀਤੇ ਗਏ ਹਾਈ ਕੋਰਟ ਦੇ ਪਿਛਲੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਨਵੰਬਰ ਨੂੰ ਹੋਵੇਗੀ।
ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਇਹ ਨੋਟਿਸ ਜਾਰੀ ਕੀਤਾ। ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਖ਼ੁਦ ਅਦਾਲਤ ਵਿੱਚ ਹਾਜ਼ਰ ਸਨ। ਅਦਾਲਤ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਨਿਰਧਾਰਤ ਸਮੇਂ ਅੰਦਰ ਹਲਫ਼ਨਾਮਾ ਦਾਖ਼ਲ ਕਰਕੇ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਹੋਣ ਸਬੰਧੀ ਆਪਣਾ ਜਵਾਬ ਦੇਣ।ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਸ ਦੀ ਵਿਸ਼ੇਸ਼ ਇਜਾਜ਼ਤ ਪਟੀਸ਼ਨ (ਐੱਸਐੱਲਪੀ) ਦਾਖ਼ਲ ਕਰਨ ਦੀ ਤਿਆਰੀ ਪੂਰੀ ਹੋ ਚੁੱਕੀ ਹੈ ਅਤੇ ਇਸ ਵਿੱਚ ਰਹਿ ਗਈਆਂ ਸਾਰੀਆਂ ਤਕਨੀਕੀ ਖਾਮੀਆਂ ਦੂਰ ਕਰ ਦਿੱਤੀਆਂ ਗਈਆਂ ਹਨ। ਸਰਕਾਰ ਨੇ ਕਿਹਾ ਕਿ ਦੀਵਾਲੀ ਤੋਂ ਤੁਰੰਤ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਸੂਚੀਬੱਧ ਹੋਣ ਦੀ ਸੰਭਾਵਨਾ ਹੈ।ਦੂਜੇ ਪਾਸੇ, ਪਟੀਸ਼ਨਰਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਪੰਜਾਬ ਸਰਕਾਰ ਵਿੱਤੀ ਐਮਰਜੈਂਸੀ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਲੋਕਾਂ ਦੇ ਪੈਸੇ ਦੀ ਵਰਤੋਂ ਮੁਫ਼ਤ ਸਹੂਲਤਾਂ ਦੇਣ ਲਈ ਕਰਨ ਤੋਂ ਰੋਕਿਆ ਜਾਵੇ।
ਸੀਨੀਅਰ ਵਕੀਲ ਸੰਨੀ ਸਿੰਗਲਾ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ 3 ਅਗਸਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੇ ਜਾਣ ਮਗਰੋਂ ਇਹ ਮਾਮਲਾ ਮੁੜ ਹਾਈ ਕੋਰਟ ਵਿੱਚ ਪਹੁੰਚਿਆ ਹੈ। ਪਟੀਸ਼ਨਰਾਂ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਨਾ ਤਾਂ ਨਿਰਧਾਰਤ ਸਮੇਂ ਅੰਦਰ ਡੀਏ ਦੇ ਬਕਾਏ ਜਾਰੀ ਕੀਤੇ ਅਤੇ ਨਾ ਹੀ ਅਦਾਲਤ ਵੱਲੋਂ ਮੰਗੀ ਗਈ ਲਾਜ਼ਮੀ ਪਾਲਣਾ ਰਿਪੋਰਟ ਦਾਖ਼ਲ ਕੀਤੀ।












