ਚੰਡੀਗੜ੍ਹ 5 ਨਵੰਬਰ ,ਬੋਲੇ ਪੰਜਾਬ ਬਿਊਰੋ;
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਦੀਵਾਲੀ ਦੇ ਤੋਹਫ਼ੇ” ਵਜੋਂ ਐਲਾਨੇ ਤਿੰਨ ਫੀਸਦੀ ਡੀਏ (DA) ਵਾਧੇ ਨੂੰ ਰੱਦ ਕਰਦਿਆਂ, ਪੰਜਾਬ ਸਰਕਾਰ ਦੇ ਲਗਪਗ 4 ਲੱਖ ਮੁਲਾਜ਼ਮਾਂ ਅਤੇ 3.50 ਲੱਖ ਪੈਨਸ਼ਨਰਾਂ ਨੇ 13 ਨਵੰਬਰ ਤੋਂ ਮਹੀਨਾ ਭਰ ਚੱਲਣ ਵਾਲੇ ਅੰਦੋਲਨ ਦਾ ਐਲਾਨ ਕੀਤਾ ਹੈ। ਇਹ ਸੰਘਰਸ਼ 13 ਦਸੰਬਰ ਨੂੰ ਸ਼ੰਭੂ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾ ਕੇ ਸਮਾਪਤ ਹੋਵੇਗਾ।
ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਸੁਖਚੈਨ ਖਹਿਰਾ ਅਤੇ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਅੰਦੋਲਨ ਦੀ ਸ਼ੁਰੂਆਤ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਪੱਕੇ ਧਰਨੇ ਨਾਲ ਹੋਵੇਗੀ। 1 ਤੋਂ 5 ਦਸੰਬਰ ਤੱਕ ਮੁਲਾਜ਼ਮ ‘ਆਪ’ ਦੇ ਸਾਰੇ 91 ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਪੁਤਲੇ ਫੂਕਣਗੇ ਅਤੇ 6 ਦਸੰਬਰ ਨੂੰ ਇਨ੍ਹਾਂ ਦੀ ਸੁਆਹ ਬੁੱਢੇ ਨਾਲੇ ਵਿੱਚ ਜਲ-ਪ੍ਰਵਾਹ ਕੀਤੀ ਜਾਵੇਗੀ।ਇਹ ਐਲਾਨ ਸੀਐੱਮ ਮਾਨ ਵੱਲੋਂ 3 ਫੀਸਦੀ ਡੀਏ ਵਾਧੇ (ਕੁੱਲ 53%) ਦੇ ਐਲਾਨ ਤੋਂ ਇੱਕ ਦਿਨ ਬਾਅਦ ਆਇਆ ਹੈ, ਜਿਸ ਨਾਲ ਸਰਕਾਰ ’ਤੇ ਮਹੀਨਾਵਾਰ 90 ਕਰੋੜ ਰੁਪਏ ਦਾ ਵਾਧੂ ਖਰਚਾ ਆਵੇਗਾ। ਪਹਿਲਾਂ ਦਿੱਤੇ 8 ਫੀਸਦੀ ਵਾਧੇ ਸਮੇਤ ਕੁੱਲ ਸਲਾਨਾ ਬੋਝ 3,988 ਕਰੋੜ ਰੁਪਏ ਬਣਦਾ ਹੈ। ਹਾਲਾਂਕਿ, ਯੂਨੀਅਨਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਦੀਆਂ ਮੁੱਖ ਮੰਗਾਂ ਹੱਲ ਨਹੀਂ ਹੋਈਆਂ।ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ (OPS) ਲਾਗੂ ਕਰਨਾ, ਬਕਾਇਆ 10 ਫੀਸਦੀ ਡੀਏ ਜਾਰੀ ਕਰਨਾ, ਪੈਂਡਿੰਗ ਡੀਏ ਅਰੰਭਕ ਭੁਗਤਾਨ, ਛੇਵਾਂ ਤਨਖਾਹ ਕਮਿਸ਼ਨ, ਪੁਰਾਣੇ ਤਨਖਾਹ ਸਕੇਲ ਬਹਾਲ ਕਰਨਾ ਅਤੇ ਮਾਰੂ ਨੀਤੀਆਂ ਵਾਪਸ ਲੈਣਾ ਸ਼ਾਮਲ ਹੈ।
ਮੀਡੀਆ ਸਾਹਮਣੇ ਆਗੂਆਂ ਨੇ ਪੁਰਾਣੀਆਂ ਵੀਡੀਓ ਕਲਿੱਪਾਂ ਦਿਖਾ ਕੇ ਸਰਕਾਰ ਦੇ ਦਾਅਵਿਆਂ ਦਾ ਖੰਡਨ ਕੀਤਾ। ਸੁਖਚੈਨ ਖਹਿਰਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਸਰਕਾਰ ਵੇਲੇ ਸਿਰਫ਼ 7 ਫੀਸਦੀ ਡੀਏ ਬਕਾਇਆ ਸੀ ਅਤੇ ਅਕਾਲੀ-ਭਾਜਪਾ ਸਰਕਾਰ ਨੇ ਕੋਈ ਬਕਾਇਆ ਨਹੀਂ ਛੱਡਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤਨਖਾਹ ਕਮਿਸ਼ਨ ਦੇ ਬਕਾਏ ਨੂੰ ਡੀਏ ਨਿਪਟਾਰੇ ਵਜੋਂ ਪੇਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।












