ਬਰਨਾਲਾ 8 ਨਵੰਬਰ ,ਬੋਲੇ ਪੰਜਾਬ ਬਿਊਰੋ;
ਬਰਨਾਲਾ ਜ਼ਿਲ੍ਹੇ ਦੇ ਕਾਲੇਕੇ ਪਿੰਡ ਵਿੱਚ ਨਸ਼ਾ ਵਿਰੋਧੀ ਕਮੇਟੀ ਦੇ 27 ਸਾਲਾ ਮੈਂਬਰ ਅਮਨਦੀਪ ਸਿੰਘ ’ਤੇ ਕੁਝ ਵਿਅਕਤੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਉਹ ਜ਼ਖ਼ਮੀ ਹੋ ਗਿਆ। ਪੁਲੀਸ ਨੇ ਐਤਵਾਰ ਨੂੰ ਦੱਸਿਆ ਕਿ ਘਟਨਾ ਸ਼ਨਿਚਰਵਾਰ ਨੂੰ ਵਾਪਰੀ। ਜ਼ਖ਼ਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹੈ।
ਡੀਐੱਸਪੀ ਰਜਿੰਦਰ ਪਾਲ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਅਮਨਦੀਪ ਸਿੰਘ ਦੇ ਘਰ ਪਹੁੰਚ ਕੇ ਗੋਲੀਆਂ ਚਲਾਈਆਂ। ਇਸ ਦੌਰਾਨ ਇੱਕ ਗੋਲੀ ਉਸ ਦੇ ਪੱਟ ਵਿੱਚ ਲੱਗੀ। ਪੁਲੀਸ ਨੇ ਇਸ ਮਾਮਲੇ ਵਿੱਚ ਚਾਰ ਸਥਾਨਕ ਵਿਅਕਤੀਆਂ ਦੀ ਪਛਾਣ ਕਰ ਲਈ ਹੈ।ਨਸ਼ਾ ਤਸਕਰਾਂ ਨਾਲ ਪੁਰਾਣੀ ਰੰਜਿਸ਼ ਦੇ ਪਹਿਲੂ ਦੀ ਵੀ ਜਾਂਚਧਨੌਲਾ ਥਾਣੇ ਦੇ ਐੱਸਐੱਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵਾਰਦਾਤ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਮਨਦੀਪ ਸਿੰਘ ਨਸ਼ਾ ਵਿਰੋਧੀ ਕਮੇਟੀ ਦਾ ਮੈਂਬਰ ਸੀ ਅਤੇ ਪਹਿਲਾਂ ਵੀ ਉਸ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਇਸ ਸਬੰਧੀ ਚਰਚਾ ਸੀ ਕਿ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਪੁਲੀਸ ਨੂੰ ਜਾਣਕਾਰੀ ਦੇਣ ਕਾਰਨ ਉਸ ਨਾਲ ਰੰਜਿਸ਼ ਰੱਖੀ ਜਾ ਰਹੀ ਸੀ। ਹਾਲਾਂਕਿ ਐੱਸਐੱਚਓ ਨੇ ਕਿਹਾ ਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਕਿ ਹਮਲੇ ਪਿੱਛੇ ਨਿੱਜੀ ਰੰਜਿਸ਼ ਸੀ ਜਾਂ ਕੋਈ ਹੋਰ ਕਾਰਨ। ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।












