ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਚੰਡੀਗੜ੍ਹ ਪੰਜਾਬ

25 ਅਕਤੂਬਰ ਤੋਂ 9 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ

ਅੰਮ੍ਰਿਤਸਰ, 9 ਨਵੰਬਰ ,ਬੋਲੇ ਪੰਜਾਬ ਬਿਊਰੋ;
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਹ 25 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ। ਕਥਾ ਸਮਾਪਤੀ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਿਛਲੇ 16 ਦਿਨਾਂ ਤੋਂ ਸ੍ਰੀ ਮੰਜੀ ਸਾਹਿਬ ਵਿਖੇ ਗੁਰਬਾਣੀ ਕਥਾ ਦੀ ਸੇਵਾ ਨਿਭਾਅ ਰਹੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਸ਼ਿ ਸਦਕਾ ਉਨ੍ਹਾਂ ਗੁਰਬਾਣੀ ਅਤੇ ਗੁਰ-ਇਤਿਹਾਸ ਦੀ ਵਿਚਾਰ ਸੰਗਤਾਂ ਤੱਕ ਪਹੁੰਚਾਉਣ ਦੀ ਵੱਡਮੁੱਲੀ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਤੋਂ ਗਿਆਨੀ ਸੰਤ ਸਿੰਘ ਜੀ ਮਸਕੀਨ ਨੇ ਲੰਮਾ ਸਮਾਂ ਕਥਾ ਵਿਚਾਰ ਦੀ ਸੇਵਾ ਨਿਭਾਈ ਅਤੇ ਹੁਣ ਭਾਈ ਪਿੰਦਰਪਾਲ ਸਿੰਘ ਜੀ ਵੱਲੋਂ ਨਿਰੰਤਰ ਇਸ ਪਰੰਪਰਾ ਨੂੰ ਅੱਗੇ ਵਧਾਉਣਾ ਸਮੁੱਚੇ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਸ਼ਹਿਰ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 48 ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦਾ ਉਦੇਸ਼ ਗੁਰਬਾਣੀ ਅਤੇ ਗੁਰੂ ਸਾਹਿਬ ਦੇ ਜੀਵਨ ਫਲਸਫੇ ਨਾਲ ਸੰਗਤਾਂ ਨੂੰ ਜੋੜਨਾ ਹੈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਥਾ ਦੀ ਸੇਵਾ ਦੇ ਨਾਲ ਨਾਲ ਭਾਈ ਪਿੰਦਰਪਾਲ ਸਿੰਘ ਨੇ ਇਨ੍ਹਾਂ ਸਮਾਗਮਾਂ ਵਿਚ ਵੀ ਹਾਜਰੀ ਭਰ ਕੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਕਿਰਪਾ ਕਰਨ ਕਿ ਭਾਈ ਸਾਹਿਬ ਜੀ ਇਸੇ ਤਰ੍ਹਾਂ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਸੇਵਾ ਕਰਦੇ ਰਹਿਣ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਬਾਣੀ ਦੀ ਵਿਚਾਰ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਸਮਾਜ ਨੂੰ ਬੁਰਾਈਆਂ ਤੋਂ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਉਪਦੇਸ਼ ਹਰ ਹਿਰਦੇ ਤੱਕ ਸਹਿਜ ਤੇ ਸਰਲ ਢੰਗ ਨਾਲ ਪਹੁੰਚਾਉਣ ਵਾਲੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਵਰਗੇ ਗੁਰਮੁੱਖ ਵਿਦਵਾਨਾਂ ਦਾ ਪੰਥ ਅੰਦਰ ਵਿਸ਼ੇਸ਼ ਸਥਾਨ ਹੈ।
ਉਨ੍ਹਾਂ ਕਿਹਾ ਕਿ ਅੱਜ ਕੌਮ ਸਾਹਮਣੇ ਨਸ਼ਿਆਂ ਸਮੇਤ ਜਿਹੜੀਆਂ ਗੰਭੀਰ ਚੁਣੌਤੀਆਂ ਹਨ, ਉਨ੍ਹਾਂ ਦਾ ਸਥਾਈ ਹੱਲ ਗੁਰੂ ਨਾਲ ਜੁੜਨ ਅਤੇ ਗੁਰਬਾਣੀ ਅਨੁਸਾਰ ਜੀਵਨ ਜਿਊਣ ਵਿੱਚ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਨਿਤ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਤੇ ਨਸ਼ੇ ਦਾ ਵਿਰੋਧ ਕਰਨ ਵਾਲਿਆਂ ’ਤੇ ਹਮਲੇ ਹੋ ਰਹੇ ਹਨ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਦਾ ਮਾਨਸਾ ਦੀ ਧਰਤੀ ’ਤੇ ਸਿਵਾ ਬਲਣਾ ਸਮੁੱਚੇ ਪੰਜਾਬ ਲਈ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਬੱਚਿਆਂ ਨੂੰ ਗੁਰਬਾਣੀ ਅਤੇ ਗੁਰੂ ਘਰਾਂ ਨਾਲ ਜੋੜਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪੁੱਜੀਆਂ ਸ਼ਖਸੀਅਤਾਂ ਦਾ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਈ ਪਿੰਦਰਪਾਲ ਸਿੰਘ ਵੱਲੋਂ ਸੰਗਤਾਂ ਨੂੰ ਗੁਰਬਾਣੀ ਕਥਾ ਰਾਹੀਂ ਗੁਰੂ ਸਾਹਿਬ ਦੀ ਪਾਵਨ ਬਾਣੀ, ਗੁਰਮਤਿ ਸਿਧਾਂਤਾਂ ਅਤੇ ਸਿੱਖ ਜੀਵਨ ਜਾਂਚ ਨਾਲ ਜੋੜਨ ਦਾ ਉਪਰਾਲਾ ਬੇਹੱਦ ਪ੍ਰੇਰਨਾਦਾਇਕ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਜਰਨੈਲ ਸਿੰਘ ਡੋਗਰਾਂਵਾਲਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਵਿੰਦਰ ਸਿੰਘ ਜੱਸੀ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਡਾ. ਧਰਮਵੀਰ ਸਿੰਘ ਕਾਰਸੇਵਾ ਬਾਬਾ ਅਟੱਲ ਰਾਏ ਸਾਹਿਬ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਭਾਈ ਜਸਵੰਤ ਸਿੰਘ ਰਾਗੀ, ਭਾਈ ਪਿੰਦਰਪਾਲ ਸਿੰਘ ਦੀ ਸੁਪਤਨੀ ਬੀਬੀ ਦਲਜੀਤ ਕੌਰ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ. ਸੁਰਜੀਤ ਸਿੰਘ ਭਲਵਾਨ, ਸੁਪ੍ਰਿੰਟਿੰਡੈਂਟ ਸ. ਨਿਸ਼ਾਨ ਸਿੰਘ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸ. ਮੇਜਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਸਤਨਾਮ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਹਰਵਿੰਦਰ ਸਿੰਘ, ਹੈੱਡ ਪ੍ਰਚਾਰਕ ਸ. ਸਰਬਜੀਤ ਸਿੰਘ ਢੋਟੀਆਂ, ਕਥਾਵਾਚਕ ਭਾਈ ਕਿਸ਼ਨ ਸਿੰਘ, ਭਾਈ ਨਰਿੰਦਰਪਾਲ ਸਿੰਘ ਪਾਲੀ, ਭਾਈ ਸੁਰਜੀਤ ਸਿੰਘ, ਪ੍ਰਚਾਰਕ ਭਾਈ ਸਤਵੰਤ ਸਿੰਘ ਆਦਿ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।