ਨਵੀਂ ਦਿੱਲੀ, 12 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):
ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਪੰਜਾਬ ਦਾ ਸਭ ਤੋਂ ਸਵੱਛ ਸ਼ਹਿਰ ਐਲਾਨਿਆ ਗਿਆ ਹੈ। ਇਸ ਪ੍ਰਾਪਤੀ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ ਨਵੀਂ ਦਿੱਲੀ ਵਿਖੇ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਾਸੋਂ ਰਾਸ਼ਟਰੀ ਸਨਮਾਨ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੌਰਾਨ ਪਵਿੱਤਰ ਨਗਰੀ ਵਿੱਚ ਕੀਤੀ ਗਈ ਸੇਵਾ ਦਾ ਫਲ ਹੈ ਅਤੇ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਸ੍ਰੀ ਅਨੰਦਪੁਰ ਸਾਹਿਬ ਨੂੰ ਇਹ ਮਾਣ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਅਤੇ ਮੰਤਰੀ ਵਜੋਂ ਉਹ ਇਸ ਇਤਿਹਾਸਕ ਤੇ ਧਾਰਮਿਕ ਨਗਰੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ। ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਦਾ ਸਿਹਰਾ ਸ੍ਰੀ ਅਨੰਦਪੁਰ ਸਾਹਿਬ ਦੇ ਹਰੇਕ ਵਸਨੀਕ, ਸਫ਼ਾਈ ਕਰਮਚਾਰੀਆਂ, ਨਗਰ ਕੌਂਸਲ ਦੇ ਅਧਿਕਾਰੀਆਂ, ਕੌਂਸਲਰਾਂ ਅਤੇ ਵਲੰਟੀਅਰਾਂ ਨੂੰ ਦਿੰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਸਫ਼ਾਈ ਮੁਹਿੰਮ ਲੋਕ ਲਹਿਰ ਬਣੀ ਹੈ। ਸਵੱਛ ਸਰਵੇਖਣ 2025-26 ਦੇ ਦਸਵੇਂ ਸੰਸਕਰਣ ਵਿੱਚ ਦੇਸ਼ ਦੀਆਂ 4,751 ਤੋਂ ਵੱਧ ਸ਼ਹਿਰੀ ਸਥਾਨਕ ਇਕਾਈਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚੋਂ 63 ਇਕਾਈਆਂ ਨੂੰ ਸਫ਼ਾਈ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਕਾਰਨ ਇੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸੈਲਾਨੀ ਨਤਮਸਤਕ ਹੋਣ ਲਈ ਪਹੁੰਚਦੇ ਹਨ, ਇਸ ਲਈ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਨਗਰ ਵਿੱਚ ਸੜਕਾਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫ਼ਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਨਮਾਨ ਨਗਰ ਕੌਂਸਲ ਦੀ ਟੀਮ ਅਤੇ ਦਿਨ-ਰਾਤ ਮਿਹਨਤ ਕਰਨ ਵਾਲੇ ਸਫ਼ਾਈ ਕਰਮਚਾਰੀਆਂ ਦੀ ਸਮਰਪਿਤ ਭਾਵਨਾ ਦਾ ਪ੍ਰਤੀਕ ਹੈ। ਇਸ ਰਾਸ਼ਟਰੀ ਮਾਨਤਾ ਨਾਲ ਸਫ਼ਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ, ਵਾਤਾਵਰਣ ਦੀ ਰਾਖੀ ਕਰਨ ਅਤੇ ਪਵਿੱਤਰ ਨਗਰੀ ਦੀ ਇਤਿਹਾਸਕ ਦਿੱਖ ਤੇ ਸੁੰਦਰਤਾ ਬਰਕਰਾਰ ਰੱਖਣ ਲਈ ਨਵੀਂ ਪ੍ਰੇਰਣਾ ਮਿਲੇਗੀ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਨੂੰ ਸਿਰਫ਼ ਸਰਕਾਰੀ ਮੁਹਿੰਮ ਨਾ ਸਮਝਣ, ਸਗੋਂ ਆਪਣੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਤਾਂ ਜੋ ਸ੍ਰੀ ਅਨੰਦਪੁਰ ਸਾਹਿਬ ਦਾ ਇਹ ਮਾਣਮੱਤਾ ਦਰਜਾ ਭਵਿੱਖ ਵਿੱਚ ਵੀ ਕਾਇਮ ਰਹਿ ਸਕੇ।












