ਚੰਡੀਗੜ੍ਹ 13 ਨਵੰਬਰ ,ਬੋਲੇ ਪੰਜਾਬ ਬਿਊਰੋ;
ਭਾਜਪਾ ਆਗੂ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੀ ਧਮਕੀ ਦੀ ਸ਼ਿਕਾਇਤ ਮੋਹਾਲੀ ਪੁਲੀਸ ਕੋਲ ਦਰਜ ਕਰਵਾਉਣ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਹੋਣ ਦੇ ਨਾਤੇ ਕੇਜਰੀਵਾਲ ਨੂੰ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਐੱਨ ਆਈ ਏ (NIA) ਜਾਂਚ ਦੀ ਮੰਗ ਕਰਨੀ ਚਾਹੀਦੀ ਸੀ।
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਜਾਖੜ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੂੰ ਮਿਲੀ ਧਮਕੀ ਦਿੱਲੀ ਦੇ ਇੱਕ ਵਿਧਾਇਕ ਨੂੰ ਦਿੱਲੀ ਵਿੱਚ ਹੀ ਮਿਲੀ ਸੀ, ਪਰ ਫਿਰ ਵੀ ਇਸਦੀ ਸ਼ਿਕਾਇਤ ਮੋਹਾਲੀ ਵਿੱਚ ਦਰਜ ਕਰਵਾਈ ਗਈ ਹੈ। ਭਾਜਪਾ ਆਗੂ ਨੇ ਕਿਹਾ ਕਿ ਮੋਹਾਲੀ ਪੁਲੀਸ ਕੋਲ ਜਾਣ ਦਾ ਫ਼ੈਸਲਾ ਪੂਰੇ ਮਾਮਲੇ ‘ਤੇ ਸ਼ੱਕ ਪੈਦਾ ਕਰਦਾ ਹੈ।ਜਾਖੜ ਨੇ ਕਿਹਾ ਕਿ ਕੇਜਰੀਵਾਲ ਇੱਕ ਸਾਬਕਾ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਨੂੰ ਇਹ ਸ਼ਿਕਾਇਤ ਦਿੱਲੀ ਵਿੱਚ ਹੀ ਦਰਜ ਕਰਵਾਉਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਅਮਿਤ ਸ਼ਾਹ ਨਾਲ ਮਿਲ ਕੇ ਕੌਮੀ ਜਾਂਚ ਏਜੰਸੀ (ਐੱਨ ਆਈ ਏ) ਤੋਂ ਜਾਂਚ ਦੀ ਮੰਗ ਕਰਨੀ ਚਾਹੀਦੀ ਸੀ ਤਾਂ ਜੋ ਇਹ ਪਤਾ ਲੱਗ ਸਕੇ ਕਿ ਧਮਕੀ ਅਸਲੀ ਸੀ ਜਾਂ ਨਹੀਂ।ਜ਼ਿਕਰਯੋਗ ਹੈ ਕਿ ਕੇਜਰੀਵਾਲ ਅਤੇ ਉਨ੍ਹਾਂ ਦੀ ਬੇਟੀ ਹਰਸ਼ਿਤਾ ਨੂੰ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਵਿਅਕਤੀ ਦੱਸਣ ਵਾਲੇ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਅਤੇ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਪੁਲੀਸ ਨੇ ਮਾਮਲਾ ਦਰਜ ਕੀਤਾ ਹੈ। ਦਿੱਲੀ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੇ ਮੋਹਾਲੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ‘ਤੇ ਪੁਲੀਸ ਨੇ 7 ਨਵੰਬਰ ਨੂੰ ਬੀ ਐੱਨ ਐੱਸ (BNS) ਅਤੇ ਇਨਫੋਰਮੇਸ਼ਨ ਐਂਡ ਟੈਕਨਾਲੋਜੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
ਆਪਣੀ ਸ਼ਿਕਾਇਤ ਵਿੱਚ ਜਰਨੈਲ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ 6 ਨਵੰਬਰ ਨੂੰ ਵਟਸਐਪ ‘ਤੇ ਇੱਕ ਵਿਅਕਤੀ ਵੱਲੋਂ ਕਾਲ ਅਤੇ ਮੈਸੇਜ ਆਇਆ ਸੀ, ਜਿਸ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਸੀ। ਐੱਫ ਆਈ ਆਰ ਦਾ ਹਿੱਸਾ ਬਣੀ ਇਸ ਸ਼ਿਕਾਇਤ ਮੁਤਾਬਕ, ਫੋਨ ਕਰਨ ਵਾਲੇ ਨੇ ਕੇਜਰੀਵਾਲ ਤੋਂ 7 ਕਰੋੜ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ‘ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਬੇਟੀ ਹਰਸ਼ਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।












