ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਨਵੰਬਰ, ਬੋਲੇ ਪੰਜਾਬ ਬਿਊਰੋ;
ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਅੱਜ ਸਮੁੱਚੇ ਪੰਜਾਬ (ਸਮੇਤ ਨਗਰ ਨਿਗਮ ਖੇਤਰ ਅਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਵਿੱਚ ਸ਼ੁਰੂ ਹੋ ਗਈ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਆਪਣੇ ਪਰਿਵਾਰ ਸਮੇਤ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਡਿਜੀਟਲ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜਨਗਣਨਾ ਕਾਰਜਾਂ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਰੁਚੀ ਗੁਪਤਾ, ਚਾਰਜ ਅਫ਼ਸਰ ਸ੍ਰੀਮਤੀ ਪੂਨਮ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਸੁਨੀਲ ਕੁਮਾਰ, ਫੀਲਡ ਟ੍ਰੇਨਰ ਸ੍ਰੀਮਤੀ ਅੰਮ੍ਰਿਤਾ ਸਿੰਘ ਅਤੇ ਸ੍ਰੀ ਅਸ਼ਵਨੀ ਕੁਮਾਰ ਸਮੇਤ ਜਨਗਣਨਾ ਟੀਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਜਨਗਣਨਾ ਵਿੱਚ ਭਾਗ ਲੈਣ ਨੂੰ ਅਹਿਮ ਕੌਮੀ ਫ਼ਰਜ਼ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਦਾ ਪ੍ਰਗਟਾਵਾ ਦੱਸਿਆ। ਡਿਜੀਟਲ ਪ੍ਰਕਿਰਿਆ ਦੀ ਸੌਖ ਬਾਰੇ ਗੱਲ ਕਰਦਿਆਂ ਉਨ੍ਹਾਂ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਬੈਠੇ ਹੀ ਮੋਬਾਈਲ ਫ਼ੋਨ ਜਾਂ ਕੰਪਿਊਟਰ ਰਾਹੀਂ ਇਸ ਸਹੂਲਤ ਦਾ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਸਬੰਧਤ ਸਹੀ ਵੇਰਵੇ ਪਹਿਲਾਂ ਹੀ ਆਨਲਾਈਨ ਦਰਜ ਕਰਵਾਉਣ ਨਾਲ ਖੇਤਰੀ ਗਣਨਾਕਾਰਾਂ ਦੇ ਕੰਮ ਦਾ ਬੋਝ ਘਟੇਗਾ ਅਤੇ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਤੇ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਹੀ ਜਨਗਣਨਾ ਅੰਕੜੇ ਸਰਕਾਰ ਨੂੰ ਲੋਕ ਭਲਾਈ ਸਕੀਮਾਂ ਤਿਆਰ ਕਰਨ ਅਤੇ ਭਵਿੱਖ ਦੀਆਂ ਸ਼ਹਿਰੀ ਤੇ ਵਿਕਾਸ ਸਬੰਧੀ ਲੋੜਾਂ ਦੀ ਬਿਹਤਰ ਯੋਜਨਾਬੰਦੀ ਕਰਨ ਵਿੱਚ ਸਹਾਈ ਹੁੰਦੇ ਹਨ।
ਇਸ ਮੌਕੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਜਨਗਣਨਾ ਕਾਰਜਾਂ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਰੁਚੀ ਗੁਪਤਾ ਨੇ ਜਨਗਣਨਾ 2027 ਦੇ ਦੂਜੇ ਪੜਾਅ ਦੇ ਕਾਰਜਕ੍ਰਮ ਬਾਰੇ ਦੱਸਿਆ ਕਿ ਨਾਗਰਿਕ 16 ਨਵੰਬਰ ਤੋਂ 30 ਨਵੰਬਰ, 2026 ਤੱਕ ਅਧਿਕਾਰਤ ਸਵੈ-ਗਣਨਾ ਪੋਰਟਲ se.census.gov.in ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਇਸ ਤੋਂ ਬਾਅਦ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਨਿਯੁਕਤ ਗਣਨਾਕਾਰਾਂ ਵੱਲੋਂ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕੀਤੀ ਜਾਵੇਗੀ।
ਅਧਿਕਾਰੀਆਂ ਨੇ ਪੰਜਾਬ ਅਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਮੂਹ ਵਸਨੀਕਾਂ ਨੂੰ ਇਸ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ 30 ਨਵੰਬਰ ਤੱਕ ਆਪਣੀ ਸਵੈ-ਗਣਨਾ ਮੁਕੰਮਲ ਕਰਨ ਅਤੇ ਇਸ ਤੋਂ ਬਾਅਦ ਘਰ-ਘਰ ਆਉਣ ਵਾਲੇ ਗਣਨਾਕਾਰਾਂ ਨੂੰ ਪੂਰਾ ਸਹਿਯੋਗ ਦੇਣ।
ਆਨਲਾਈਨ ਪ੍ਰਸ਼ਨਾਵਲੀ ਭਰਨ ਸਮੇਂ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਜਾਂ ਜਾਣਕਾਰੀ ਲਈ ਨਾਗਰਿਕ ਜਨਗਣਨਾ ਦੇ ਟੋਲ-ਫ੍ਰੀ ਹੈਲਪਲਾਈਨ ਨੰਬਰ 1855 ‘ਤੇ ਸੰਪਰਕ ਕਰ ਸਕਦੇ ਹਨ।












