ਮੋਹਾਲੀ 16 ਨਵੰਬਰ ,ਬੋਲੇ ਪੰਜਾਬ ਬਿਊਰੋ :
ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਧਾਰਮਿਕ ਸਮਾਗਮ ਵਿੱਚ ਭਾਈ ਜਸਪ੍ਰੀਤ ਸਿੰਘ ਜੀ ਜੋਸ਼ ਦੇ ਇੰਟਰਨੈਸ਼ਲ ਢਾਡੀ ਜੱਥੇ ਨੇ ਬਾਬਾ ਦੀਪ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੁਆਰਾ ਸੀਸ ਤਲੀ ਤੇ ਧਰ ਕੇ ਆਪਣਾ ਪ੍ਰਣ ਨਿਭਾਉਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਪੂਰਵਕ ਜਾਣੂੰ ਕਰਾਇਆ। ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਣ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਨੇ ਬਿਰਧ ਅਵਸਥਾ ਵਿੱਚ ਹੁੰਦੇ ਹੋਏ ਵੀ ਜਾਲਮਾਂ ਵਿਰੁੱਧ ਉੱਠ ਖੜਨ ਅਤੇ ਮੁਗਲਾਂ ਦੇ ਜੁਲਮਾਂ ਦਾ ਟਾਕਰਾ ਕਰਨ ਲਈ ਬਾਬਾ ਜੀ ਵਿੱਚ ਅਥਾਹ ਜੋਸ਼ ਸੀ । ਇਸੇ ਜੋਸ਼ ਅਤੇ ਸ਼ਹੀਦੀ ਦੀ ਭਾਵਨਾ ਨਾਲ ਬਾਬਾ ਜੀ ਨੇ ਖਾਲਸੇ ਵਿੱਚ ਨਵਾਂ ਜੋਸ਼ ਭਰ ਦਿੱਤਾ । ਫਿਰ ਅੱਗੇ ਇਹੀ ਭਾਵਨਾ ਅਤੇ ਬਾਬਾ ਜੀ ਦੀ ਅਨਮੋਲ ਸ਼ਹਾਦਤ ਖਾਲਸਾ ਰਾਜ ਦੀ ਸਥਾਪਨਾ ਲਈ ਮੀਲ ਪੱਥਰ ਸਾਬਤ ਹੋਈ । ਇਸ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਦੀਪ ਸਿੰਘ ਲੁਧਿਆਣਾ, ਭਾਈ ਬਹਾਦਰ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਕੁਲਤਾਰ ਸਿੰਘ ਰਾਜਪੁਰਾ, ਭਾਈ ਧਰਮ ਸਿੰਘ ਮੋਰਿੰਡਾ, ਭਾਈ ਨਿਸ਼ਾਨ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਨਾਮ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ ।












