ਚੰਡੀਗੜ੍ਹ, 17 ਨਵੰਬਰ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੰਜੇ ਟੰਡਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮੁੜ ਵਸੇਬਾ ਯੋਜਨਾ ਦੇ ਲਾਭਪਾਤਰੀਆਂ ਅਤੇ ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ ਮਕਾਨਾਂ ਵਿੱਚ ਰਹਿਣ ਵਾਲਿਆਂ ਨੂੰ ਮਾਲਕੀ ਹੱਕ ਦੇਣ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਇਸ ਨੂੰ ਚੰਡੀਗੜ੍ਹ ਦੇ ਲੋਕਾਂ ਲਈ ਦੀਵਾਲੀ ਦਾ ਇਤਿਹਾਸਕ ਤੋਹਫ਼ਾ ਦੱਸਿਆ।
ਇਸ ਫੈਸਲੇ ਦਾ ਸਵਾਗਤ ਕਰਦਿਆਂ ਟੰਡਨ ਨੇ ਕਿਹਾ ਕਿ “ਚੰਡੀਗੜ੍ਹ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦਾ ਫੈਸਲਾ ਇਤਿਹਾਸਕ ਹੈ। ਇਹ ਚੰਡੀਗੜ੍ਹ ਦੇ ਲੋਕਾਂ ਲਈ ਮਾਣ ਅਤੇ ਖੁਸ਼ੀ ਦਾ ਬੇਹੱਦ ਖ਼ਾਸ ਪਲ ਹੈ। ਮੁੜ ਵਸੇਬਾ ਯੋਜਨਾ ਦੇ ਲਾਭਪਾਤਰੀਆਂ ਅਤੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਮਕਾਨਾਂ ਵਿੱਚ ਰਹਿਣ ਵਾਲਿਆਂ ਨੂੰ ਮਾਲਕੀ ਹੱਕ ਦੇਣ ਦਾ ਫੈਸਲਾ ਹਜ਼ਾਰਾਂ ਪਰਿਵਾਰਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇੱਛਾ ਨੂੰ ਪੂਰਾ ਕਰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੇ ਆਪਣੇ ਵਾਅਦੇ ਮੁਤਾਬਕ ਚੰਡੀਗੜ੍ਹ ਨੂੰ ਦੀਵਾਲੀ ਦਾ ਵਿਸ਼ੇਸ਼ ਤੋਹਫ਼ਾ ਦਿੱਤਾ ਹੈ।”
ਟੰਡਨ ਨੇ ਲੰਬੇ ਸਮੇਂ ਤੋਂ ਲਟਕ ਰਹੇ ਇਸ ਫੈਸਲੇ ਨੂੰ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦਾ ਦਿਲੋਂ ਧੰਨਵਾਦ ਕੀਤਾ।
ਇਸ ਫੈਸਲੇ ਤਹਿਤ ਮੁੜ ਵਸੇਬਾ ਯੋਜਨਾ ਅਧੀਨ ਮਕਾਨ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਬਕਾਇਆ ਮੂਲ ਕਿਰਾਇਆ (ਜੇਕਰ ਕੋਈ ਹੋਵੇ) ਅਤੇ ਲਾਗੂ ਕੁਲੈਕਟਰ ਰੇਟ ਦਾ ਪੰਜ ਫੀਸਦੀ ਭੁਗਤਾਨ ਕਰਕੇ ਆਪਣੇ ਨਾਂ ’ਤੇ ਮਾਲਕੀ ਹੱਕ ਹਾਸਲ ਕਰ ਸਕਣਗੇ। ਖ਼ਾਸ ਗੱਲ ਇਹ ਹੈ ਕਿ ਬਕਾਇਆ ਕਿਰਾਏ ’ਤੇ ਲਗਾਇਆ ਗਿਆ ਪੂਰਾ ਵਿਆਜ ਅਤੇ ਜੁਰਮਾਨਾ ਮੁਆਫ਼ ਕਰ ਦਿੱਤਾ ਗਿਆ ਹੈ। ਇਸ ਨਾਲ ਲਾਭਪਾਤਰੀਆਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।
ਟੰਡਨ ਨੇ ਕਿਹਾ ਕਿ ਇਸ ਫੈਸਲੇ ਤਹਿਤ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਲਗਭਗ 38 ਹਜ਼ਾਰ ਤੋਂ 39 ਹਜ਼ਾਰ ਮਕਾਨਾਂ ਵਿੱਚ ਰਹਿਣ ਵਾਲਿਆਂ ਨੂੰ ਵੀ ਮਾਲਕੀ ਹੱਕ ਮਿਲੇਗਾ। ਇਸ ਦਾ ਲਾਭ ਉਨ੍ਹਾਂ ਲੋਕਾਂ ਨੂੰ ਵੀ ਮਿਲੇਗਾ, ਜਿਨ੍ਹਾਂ ਨੇ ਪਾਵਰ ਆਫ ਅਟਾਰਨੀ (ਮੁਖ਼ਤਿਆਰਨਾਮੇ) ਰਾਹੀਂ ਇਹ ਮਕਾਨ ਖਰੀਦੇ ਹਨ। ਉਹ ਮੌਜੂਦਾ ਪਾਵਰ ਆਫ ਅਟਾਰਨੀ ਰਾਹੀਂ ਜਾਇਦਾਦ ਆਪਣੇ ਨਾਂ ’ਤੇ ਤਬਦੀਲ ਕਰਵਾ ਸਕਣਗੇ। ਟੰਡਨ ਨੇ ਕਿਹਾ ਕਿ ਕੁੱਲ ਮਿਲਾ ਕੇ ਇਸ ਫੈਸਲੇ ਨਾਲ ਲਗਭਗ 50 ਹਜ਼ਾਰ ਪਰਿਵਾਰਾਂ ਅਤੇ ਚੰਡੀਗੜ੍ਹ ਦੇ ਕਰੀਬ ਦੋ ਲੱਖ ਵਸਨੀਕਾਂ ਨੂੰ ਲਾਭ ਮਿਲਣ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ “ਇਹ ਫੈਸਲਾ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਸੁਰੱਖਿਆ, ਸਨਮਾਨ ਅਤੇ ਪੱਕੇ ਮਾਲਕੀ ਹੱਕ ਦਾ ਅਹਿਸਾਸ ਕਰਵਾਏਗਾ, ਜੋ ਦਹਾਕਿਆਂ ਤੋਂ ਇਨ੍ਹਾਂ ਮਕਾਨਾਂ ਵਿੱਚ ਰਹਿ ਰਹੇ ਹਨ। ਇਹ ਸਿਰਫ਼ ਇੱਕ ਨੀਤੀਗਤ ਫੈਸਲਾ ਨਹੀਂ ਹੈ, ਸਗੋਂ ਆਮ ਨਾਗਰਿਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਵੱਡੀ ਤਬਦੀਲੀ ਲਿਆਉਣ ਵਾਲਾ ਕਦਮ ਹੈ।”
ਟੰਡਨ ਨੇ ਅੱਗੇ ਕਿਹਾ ਕਿ ਇਹ ਫੈਸਲਾ ਮੋਦੀ ਸਰਕਾਰ ਦੀ ਨਾਗਰਿਕਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ, “ਚੰਡੀਗੜ੍ਹ ਦੇ ਲੋਕਾਂ ਵੱਲੋਂ ਮੈਂ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਅਤੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਜੀ ਦਾ ਇਸ ਇਤਿਹਾਸਕ ਫੈਸਲੇ ਲਈ ਦਿਲੋਂ ਧੰਨਵਾਦ ਕਰਦਾ ਹਾਂ। ਇਹ ਪਹਿਲ ਹਜ਼ਾਰਾਂ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕਰਨ ਅਤੇ ਸ਼ਹਿਰ ਨਾਲ ਉਨ੍ਹਾਂ ਦੇ ਜੁੜਾਅ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।”












