ਗੁਰੂ ਘਰ ਵਿੱਚ ਬੇਅਦਬੀ ਦੀ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ, ਦੋਸ਼ੀ ਨੂੰ ਮਿਸਾਲੀ ਸਜ਼ਾ ਦੇਣ ਦੇ ਨਾਲ ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ਦੀ ਵੀ ਤੈਅ ਹੋਵੇ ਜਵਾਬਦੇਹੀ: ਸੰਤ ਮੀਤ ਸਿੰਘ

ਨੈਸ਼ਨਲ ਪੰਜਾਬ

ਦੋ ਦਿਨ ਤੱਕ ਸੰਗਤ ਨੂੰ ਹਨੇਰੇ ਵਿੱਚ ਰੱਖਣਾ ਬੇਹੱਦ ਗੰਭੀਰ ਮਾਮਲਾ, ਗੁਰੂ ਘਰ ਦੀ ਮਰਿਆਦਾ ਨਾਲ ਜੁੜੀ ਘਟਨਾ ਨੂੰ ਦਬਾਉਣ ਦਾ ਹੱਕ ਕਿਸੇ ਨੂੰ ਨਹੀਂ

ਨਵੀਂ ਦਿੱਲੀ, 18 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜਨ ਦੀ ਵਾਪਰੀ ਮੰਦਭਾਗੀ ਘਟਨਾ ’ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਵਾਰਡ ਨੰਬਰ 32 ਜਨਕਪੁਰੀ ਤੋਂ ਚੋਣ ਉੱਮੀਦੁਆਰ ਸਰਦਾਰ ਸੰਤ ਮੀਤ ਸਿੰਘ ਨੇ ਡੂੰਘੇ ਰੋਸ ਅਤੇ ਸਖ਼ਤ ਨਾਰਾਜ਼ਗੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰੂ ਘਰ ਅੰਦਰ ਅਜਿਹੀ ਘਟਨਾ ਵਾਪਰਨਾ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ-ਜੋਤ ਗੁਰੂ ਹਨ ਅਤੇ ਗੁਰੂ ਸਾਹਿਬ ਦੀ ਬੇਅਦਬੀ ਦੀ ਕਿਸੇ ਵੀ ਕੋਸ਼ਿਸ਼ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਦੋਸ਼ੀ ਵਿਰੁੱਧ ਅਜਿਹੀ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਜੋ ਭਵਿੱਖ ਵਿੱਚ ਅਜਿਹੀ ਘਿਨਾਉਣੀ ਹਰਕਤ ਕਰਨ ਦੀ ਸੋਚ ਰੱਖਣ ਵਾਲਿਆਂ ਲਈ ਵੀ ਸਪੱਸ਼ਟ ਚਿਤਾਵਨੀ ਬਣੇ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਦਾ ਇੱਕ ਹੋਰ ਵੀ ਬੇਹੱਦ ਗੰਭੀਰ ਪਹਿਲੂ ਹੈ ਕਿ ਜਾਣਕਾਰੀ ਅਨੁਸਾਰ 15 ਨਵੰਬਰ ਨੂੰ ਵਾਪਰੀ ਬੇਅਦਬੀ ਦੀ ਘਟਨਾ ਨੂੰ 17 ਨਵੰਬਰ ਤੱਕ ਸੰਗਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੁਕਾ ਕੇ ਕਿਉਂ ਰੱਖਿਆ ਗਿਆ? ਜੇਕਰ ਘਟਨਾ ਵਾਪਰਨ ਤੋਂ ਤੁਰੰਤ ਬਾਅਦ ਪੁਲਿਸ ਪ੍ਰਸ਼ਾਸਨ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੰਗਤ ਨੂੰ ਸੂਚਿਤ ਕੀਤਾ ਜਾਂਦਾ ਤਾਂ ਮਾਮਲੇ ਦੀ ਜਾਂਚ ਸਮੇਂ ਸਿਰ ਸ਼ੁਰੂ ਹੋ ਸਕਦੀ ਸੀ ਅਤੇ ਗੁਰੂ ਘਰ ਦੀ ਸੁਰੱਖਿਆ ਸਬੰਧੀ ਲੋੜੀਂਦੇ ਕਦਮ ਵੀ ਚੁੱਕੇ ਜਾ ਸਕਦੇ ਸਨ। ਉਨ੍ਹਾਂ ਸਵਾਲ ਕੀਤਾ ਕਿ ਕੀ ਗੁਰਦੁਆਰਾ ਪ੍ਰਬੰਧਕਾਂ ਲਈ ਆਪਣੀ ਜਵਾਬਦੇਹੀ ਤੋਂ ਬਚਣਾ ਗੁਰੂ ਘਰ ਦੀ ਮਰਿਆਦਾ ਅਤੇ ਸੰਗਤ ਦੇ ਭਰੋਸੇ ਨਾਲੋਂ ਵੱਧ ਮਹੱਤਵਪੂਰਨ ਹੋ ਗਿਆ ਹੈ? ਉਨ੍ਹਾਂ ਮੰਗ ਕੀਤੀ ਕਿ 17 ਨਵੰਬਰ ਨੂੰ ਉਸੇ ਵਿਅਕਤੀ ਦੇ ਮੁੜ ਗੁਰਦੁਆਰਾ ਸਾਹਿਬ ਦੇ ਨੇੜੇ ਦਿਖਾਈ ਦੇਣ ਅਤੇ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਵੱਲੋਂ ਉਸ ਨੂੰ ਕਾਬੂ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਏ ਪੂਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਪੁਲਿਸ ਇਹ ਵੀ ਪਤਾ ਲਗਾਵੇ ਕਿ 15 ਨਵੰਬਰ ਨੂੰ ਘਟਨਾ ਵਾਪਰਨ ਤੋਂ ਬਾਅਦ ਕੀ ਕਾਰਵਾਈ ਕੀਤੀ ਗਈ ਅਤੇ ਸੰਗਤ ਨੂੰ ਜਾਣਕਾਰੀ ਦੇਣ ਵਿੱਚ ਦੇਰੀ ਕਿਉਂ ਹੋਈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਸਿਰਫ਼ ਮੁਲਜ਼ਮ ਤੱਕ ਸੀਮਤ ਨਾ ਰਹੇ, ਸਗੋਂ ਗੁਰਦੁਆਰਾ ਪ੍ਰਬੰਧਕਾਂ ਦੀ ਭੂਮਿਕਾ, ਸੁਰੱਖਿਆ ਪ੍ਰਬੰਧਾਂ ਅਤੇ ਸੰਭਾਵਿਤ ਅਣਗਹਿਲੀ ਦੀ ਵੀ ਪੜਤਾਲ ਹੋਵੇ। ਗੁਰੂ ਘਰ ਦੀ ਸੇਵਾ ਕਿਸੇ ਅਹੁਦੇ ਜਾਂ ਅਧਿਕਾਰ ਦਾ ਨਾਮ ਨਹੀਂ, ਸਗੋਂ ਗੁਰੂ ਸਾਹਿਬ ਅਤੇ ਸੰਗਤ ਪ੍ਰਤੀ ਵੱਡੀ ਜ਼ਿੰਮੇਵਾਰੀ ਹੈ। ਇਸ ਜ਼ਿੰਮੇਵਾਰੀ ਵਿੱਚ ਕੋਤਾਹੀ ਕਰਨ ਵਾਲਿਆਂ ਨੂੰ ਵੀ ਸਵਾਲਾਂ ਦੇ ਜਵਾਬ ਦੇਣੇ ਪੈਣਗੇ।

Latest News

Latest News