ਵਿਦਿਆਰਥੀਆਂ ਨੂੰ ਜੀਵਨ ਦੇ ਉਦੇਸ਼, ਕਿੱਤਾ ਚੋਣ, ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਕੀਤਾ ਜਾਗਰੂਕ
ਰਾਜਪੁਰਾ, 19 ਨਵੰਬਰ ,ਬੋਲੇ ਪੰਜਾਬ ਬਿਊਰੋ;
ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਖੁਰਾਣਾ ਸੇਠੀ ਦੀ ਅਗਵਾਈ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਬਲਾਕ ਰਾਜਪੁਰਾ-1 ਦੇ ਸਰਕਾਰੀ ਹਾਈ ਸਕੂਲ ਉਗਾਣੀ ਅਤੇ ਸਰਕਾਰੀ ਹਾਈ ਸਕੂਲ ਉਪਲਹੇੜੀ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ ਕੀਤੇ ਗਏ।
ਇਸ ਮੌਕੇ ਬਲਾਕ ਗਾਈਡੈਂਸ ਕਾਊਂਸਲਰ ਚੰਦਨ ਜੈਨ, ਲੈਕਚਰਾਰ ਅੰਗਰੇਜ਼ੀ ਅਤੇ ਰਾਜਿੰਦਰ ਸਿੰਘ ਚਾਨੀ ਨੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਪੱਸ਼ਟ ਉਦੇਸ਼ ਨਿਰਧਾਰਤ ਕਰਨ, ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਭਵਿੱਖ ਦੇ ਕਿੱਤੇ ਦੀ ਚੋਣ ਕਰਨ ਅਤੇ ਉੱਚ ਸਿੱਖਿਆ ਦੇ ਵੱਖ-ਵੱਖ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਦਸਵੀਂ ਅਤੇ ਬਾਰ੍ਹਵੀਂ ਤੋਂ ਬਾਅਦ ਉਪਲਬਧ ਅਕਾਦਮਿਕ ਅਤੇ ਕਿੱਤਾ ਮੁਖੀ ਸਿੱਖਿਆ ਦੇ ਕੋਰਸਾਂ, ਵੱਖ-ਵੱਖ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਨੌਕਰੀਆਂ ਦੀਆਂ ਸੰਭਾਵਨਾਵਾਂ, ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਦਿੱਤੀ ਜਾਂਦੀ ਕੌਸ਼ਲ ਵਿਕਾਸ ਸਿਖਲਾਈ ਅਤੇ ਵਿੱਤੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਨਸ਼ਾ ਮੁਕਤ ਜੀਵਨ ਅਪਣਾਉਣ, ਮਾਨਸਿਕ ਤੌਰ ‘ਤੇ ਮਜ਼ਬੂਤ ਰਹਿਣ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਰਕਾਰੀ ਹਾਈ ਸਕੂਲ ਉਗਾਣੀ ਵਿਖੇ ਹੈੱਡ ਮਾਸਟਰ ਬੇਅੰਤ ਸਿੰਘ ਅਤੇ ਸੰਦੀਪ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਜੀਵਨ ਵਿੱਚ ਆਪਣੇ ਟੀਚੇ ਨਿਰਧਾਰਤ ਕਰਨ ਦੀ ਪ੍ਰੇਰਣਾ ਦਿੱਤੀ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਉਪਲਹੇੜੀ ਵਿਖੇ ਗੁਰਪ੍ਰੀਤ ਸਿੰਘ, ਅੰਗਰੇਜ਼ੀ ਮਾਸਟਰ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੀ ਮਹੱਤਤਾ ਅਤੇ ਭਵਿੱਖ ਦੀ ਸਹੀ ਯੋਜਨਾਬੰਦੀ ਬਾਰੇ ਜਾਣਕਾਰੀ ਦਿੰਦਿਆਂ ਉਪਲਬਧ ਮੌਕਿਆਂ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ।
ਬਲਾਕ ਗਾਈਡੈਂਸ ਕਾਊਂਸਲਰ ਚੰਦਨ ਜੈਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਹੀ ਸਮੇਂ ‘ਤੇ ਕਰੀਅਰ ਸਬੰਧੀ ਜਾਣਕਾਰੀ ਅਤੇ ਮਾਰਗਦਰਸ਼ਨ ਦੇਣਾ ਸਮੇਂ ਦੀ ਮੁੱਖ ਲੋੜ ਹੈ। ਇਸ ਉਦੇਸ਼ ਦੀ ਪੂਰਤੀ ਲਈ ਜ਼ਿਲ੍ਹਾ ਅਤੇ ਬਲਾਕ ਗਾਈਡੈਂਸ ਕਾਊਂਸਲਰ ਲਗਾਤਾਰ ਯਤਨਸ਼ੀਲ ਹਨ। ਉਹਨਾਂ ਕਿਹਾ ਕਿ ਮਾਸ ਕਾਊਂਸਲਿੰਗ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਕੂਲ ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਅਤੇ ਸਕੂਲ ਗਾਈਡੈਂਸ ਕਾਊਂਸਲਰਾਂ ਵੱਲੋਂ ਮਹੱਤਵਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਰਾਜਿੰਦਰ ਸਿੰਘ ਚਾਨੀ ਐੱਸ.ਐੱਸ ਮਾਸਟਰ ਕਮ ਸਕੂਲ ਕਾਊਂਸਲਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰੁਚੀ, ਸਮਰੱਥਾ ਅਤੇ ਉਪਲਬਧ ਮੌਕਿਆਂ ਨੂੰ ਧਿਆਨ ਵਿੱਚ ਰੱਖ ਕੇ ਭਵਿੱਖ ਦੀ ਯੋਜਨਾ ਬਣਾਉਣ। ਵਿਦਿਆਰਥੀ ਤਣਾਅ ਮੁਕਤ ਰਹਿ ਕੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਖੁਦ ਨੂੰ ਨਸ਼ਿਆਂ ਦੀ ਭੈੜੀ ਆਦਤ ਤੋਂ ਵੀ ਦੂਰ ਰੱਖਣ ਤਾਂ ਜੋ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਵਡਮੁੱਲਾ ਯੋਗਦਾਨ ਪਾ ਸਕਣ।












