ਮੋਹਾਲੀ 19 ਨਵੰਬਰ ,ਬੋਲੇ ਪੰਜਾਬ ਬਿਊਰੋ;
ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਹਮਾਇਤ ਕੀਤੀ ਜਾਵੇਗੀ। ਕਿਉਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਇੱਕੋ-ਇੱਕ ਅਜਿਹੇ ਲੀਡਰ ਹੋਏ ਹਨ, ਜਿਨ੍ਹਾਂ ਨੇ ਜਨਰਲ ਵਰਗ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਬੜੀ ਹੀ ਸੰਜੀਦਗੀ ਦੇ ਨਾਲ ਵਿਚਾਰਿਆ ਹੈ ਅਤੇ ਉਨ੍ਹਾਂ ਨੇ ਸਮੱਸਿਆਵਾਂ ਨੂੰ ਅਮਲੀ ਜਾਮਾ ਪਹਿਨਾਉਦਿਆਂ ਆਪਣੇ ਕਾਰਜਕਾਲ ਦੌਰਾਨ ਜਨਰਲ ਵਰਗ ਲਈ ਕਮਿਸ਼ਨ ਦਾ ਗਠਨ ਕੀਤਾ ਅਤੇ ਡਾ. ਨਵਜੋਤ ਦਹੀਆਂ ਨੂੰ ਇਸ ਕਮਿਸ਼ਨ ਦਾ ਚੇਅਰਮੈਨ ਲਾਇਆ। ਡਾ. ਨਵਜੋਤ ਦਹੀਆਂ ਦੇ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੀ ਮੌਜੂਦਾ ਸਰਕਾਰ ਨੇ 5 ਸਾਲਾਂ ਦਾ ਸਮਾਂ ਬੀਤਣ ਤੇ ਵੀ ਇਸ ਕਮਿਸ਼ਨ ਦਾ ਚੇਅਰਮੈਨ ਨਹੀ ਲਾਇਆ ਅਤੇ ਨਾ ਹੀ ਕੋਈ ਦਫਤਰੀ ਅਮਲਾ ਨਿਯੁਕਤ ਕੀਤਾ ਹੈ। ਜਦਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇਸ ਮੁੱਦੇ ਨੂੰ ਵਿਧਾਨ ਸਭਾ ਵਿੱਚ ਵੀ ਉਠਾ ਚੁੱਕੇ ਹਨ ਪਰ ਪੰਜਾਬ ਸਰਕਾਰ ਦੇ ਕੰਨਾਂ ਤੋਂ ਜੂੰਅ ਨਹੀ ਸਰਕੀ। ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਵੀ ਲਗਾਤਾਰ ਇਸ ਕਮਿਸ਼ਨ ਦਾ ਚੇਅਰਮੈਨ ਲਾਉਣ ਦੀ ਮੰਗ ਕਰਦੀ ਆ ਰਹੀ ਹੈ। ਚਰਨਜੀਤ ਸਿੰਘ ਚੰਨੀ ਨੇ ਫੈਡਰੇਸ਼ਨ ਦੇ ਆਗੂਆ ਨਾਲ ਵਾਅਦਾ ਕੀਤਾ ਹੈ ਕਿ ਕਾਂਗਰਸ ਦੀ ਸਰਕਾਰ ਬਣਨ ਤੇ ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਲਾ ਕੇ ਦਫਤਰੀ ਅਮਲਾ ਵੀ ਨਿਯੁਕਤ ਕੀਤਾ ਜਾਵੇਗਾ।
ਫੈਡਰੇਸ਼ਨ ਦੇ ਆਗੂਆਂ ਨੇ ਇਹ ਵੀ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਕਾਰਜ਼ਕਾਲ ਦੌਰਾਨ ਕਾਲਜਾਂ ਵਿੱਚ ਪੜਦੇ ਜਨਰਲ ਕੈਟਾਗਰੀ ਦੇ ਵਿੱਦਿਆਰਥੀਆਂ ਲਈ ਮੁੱਖ-ਮੰਤਰੀ ਵਜ਼ੀਫਾ ਯੋਜਨਾ ਵੀ ਸ਼ੁਰੂ ਕੀਤੀ ਸੀ ਪਰ ਪੰਜਾਬ ਸਰਕਾਰ ਨੇ ਉਸ ਸਕੀਮ ਨੂੰ ਠੰਡੇ ਬਸਤੇ ਚ’ ਪਾ ਰੱਖਿਆ ਹੈ। ਜਿਸ ਕਾਰਨ ਜਨਰਲ ਵਰਗ ਦੇ ਲੋਕਾਂ ਅਤੇ ਵਿੱਦਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਠਵੀਂ ਜਮਾਤ ਤੱਕ ਪੜਦੇ ਜਨਰਲ ਅਤੇ ਬੀ.ਸੀ ਵਰਗ ਦੇ ਮੁੰਡਿਆਂ ਨੂੰ ਵਰਦੀਆਂ ਦੇਣ ਦੀ ਸ਼ੁਰੂਆਤ ਵੀ ਚਰਨਜੀਤ ਸਿੰਘ ਚੰਨੀ ਨੇ ਹੀ ਕੀਤੀ ਸੀ।
ਜਨਰਲ ਕੈਟਾਗਰੀ ਫੈਡਰੇਸ਼ਨ ਦੇ ਆਗੂਆਂ ਸੁਖਬੀਰਇੰਦਰ ਸਿੰਘ, ਰਣਜੀਤ ਸਿੰਘ ਸਿੱਧੂ, ਪਰਦੀਪ ਸਿੰਘ ਰੰਧਾਵਾ, ਹਰਪਿੰਦਰਸਿੰਘ, ਅਮਨਦੀਪ ਸਿੰਘ ਔਜਲਾ, ਦਿਲਬਾਗ ਸਿੰਘ, ਹਰਚੰਦ ਸਿੰਘ, ਸੁਰਿੰਦਰ ਕੁਮਾਰ ਸੈਣੀ, ਕਪਿਲਦੇਵ ਪਰਾਸ਼ਰ ਅਤੇ ਜਸਵੀਰ ਸਿੰਘ ਗੜਾਂਗ ਨੇ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ ਚਰਨਜੀਤ ਸਿੰਘ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਪੂਰਨ ਤੌਰ ਤੇ ਹਮਾਇਤ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।












