350ਵੇਂ ਪ੍ਰਕਾਸ਼ ਪੁਰਬ ਦੀ ਤਰਜ਼ ’ਤੇ ਹੋਣਗੇ ਵਿਸ਼ਾਲ ਸਮਾਗਮ, ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸੱਦੇ, ਤਿੰਨ ਥਾਵਾਂ ’ਤੇ ਹੋਵੇਗੀ ਵਿਸ਼ੇਸ਼ ਲੰਗਰ ਸੇਵਾ
ਨਵੀਂ ਦਿੱਲੀ, 19 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। 13 ਤੋਂ 15 ਜਨਵਰੀ ਤੱਕ ਬਿਹਾਰ ਸਰਕਾਰ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਨੂੰ 350ਵੇਂ ਪ੍ਰਕਾਸ਼ ਪੁਰਬ ਦੀ ਤਰਜ਼ ’ਤੇ ਸ਼ਾਨਦਾਰ ਰੂਪ ਦੇਣ ਦੀ ਯੋਜਨਾ ਹੈ। ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ, ਸੰਤ-ਮਹਾਪੁਰਖਾਂ, ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਸਬੰਧੀ ਪ੍ਰਬੰਧਕ ਕਮੇਟੀ ਵੱਲੋਂ ਸੱਦਾ ਮੁਹਿੰਮ ਤੇਜ਼ ਕਰਦਿਆਂ ਸੰਤ ਸਮਾਜ ਅਤੇ ਲੰਗਰ ਸੇਵਾ ਨਾਲ ਜੁੜੀਆਂ ਸੰਪਰਦਾਵਾਂ ਨੂੰ ਵਿਸ਼ੇਸ਼ ਸੱਦੇ ਦਿੱਤੇ ਜਾ ਰਹੇ ਹਨ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੀਡੀਆ ਇੰਚਾਰਜ ਸਰਦਾਰ ਸੁਦੀਪ ਸਿੰਘ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਵੱਲੋਂ ਖੁਦ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨਾਲ ਮੁਲਾਕਾਤ ਕਰਕੇ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕਾਰ ਸੇਵਾ ਭੂਰੀ ਸੰਪਰਦਾ ਦੇ ਬਾਬਾ ਕਸ਼ਮੀਰਾ ਸਿੰਘ ਜੀ ਅਤੇ ਬਾਬਾ ਸੁਖਵਿੰਦਰ ਸਿੰਘ ਜੀ ਨੂੰ ਸੱਦਾ ਪੱਤਰ ਭੇਟ ਕੀਤਾ ਗਿਆ। ਸੰਪਰਦਾ ਵੱਲੋਂ ਕੰਗਣ ਘਾਟ, ਗੁਰੂ ਕਾ ਬਾਗ ਸਮੇਤ ਤਿੰਨ ਥਾਵਾਂ ’ਤੇ ਵਿਸ਼ਾਲ ਲੰਗਰ ਸੇਵਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬਾਬਾ ਸਤਨਾਮ ਸਿੰਘ ਜੀ, ਬਾਬਾ ਇੰਦਰਜੀਤ ਸਿੰਘ ਜੀ (ਯੂ.ਕੇ.), ਬਾਬਾ ਬਲਬੀਰ ਸਿੰਘ ਜੀ 96 ਕਰੋੜੀ, ਬਾਬਾ ਅਵਤਾਰ ਸਿੰਘ ਜੀ ਬੁੱਢਾ ਦਲ ਅਤੇ ਬੜੂ ਸਾਹਿਬ ਵਾਲੇ ਬਾਬਾ ਜੀ ਨੂੰ ਵੀ ਸੱਦਾ ਦਿੱਤਾ ਗਿਆ ਹੈ। ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਸਰਦਾਰ ਗੁਰਵਿੰਦਰ ਸਿੰਘ ਵੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਧਾਰਮਿਕ ਸ਼ਖ਼ਸੀਅਤਾਂ ਅਤੇ ਪਤਵੰਤੀਆਂ ਨੂੰ ਸੱਦੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਿਰਫ਼ ਧਾਰਮਿਕ ਸਮਾਗਮ ਤੱਕ ਸੀਮਤ ਨਾ ਰੱਖ ਕੇ ਗੁਰੂ ਸਾਹਿਬ ਦੇ ਤਿਆਗ, ਬਹਾਦਰੀ, ਮਨੁੱਖਤਾ, ਬਰਾਬਰੀ ਅਤੇ ਸਰਬ ਧਰਮ ਸਦਭਾਵਨਾ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚ ਕੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।












