ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦਾ ਬਾਹਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 20 ਨਵੰਬਰ ,ਬੋਲੇ ਪੰਜਾਬ ਬਿਊਰੋ;

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਅਦਾਲਤ ਵੱਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਉਹ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।

ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਕਰੀਬ 15 ਕਿਲੋਮੀਟਰ ਦੂਰ ਸਥਿਤ ਹਵਾਈ ਅੱਡੇ ਤੱਕ ਸੱਤ ਵਾਹਨਾਂ ਦੇ ਕਾਫ਼ਲੇ ਵਿੱਚ ਲਿਆਂਦਾ ਗਿਆ। ਉੱਥੋਂ ਹਵਾਈ ਜਹਾਜ਼ ਰਾਹੀਂ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਲਿਆਂਦਾ ਗਿਆ।ਅੰਮ੍ਰਿਤਪਾਲ ਸਿੰਘ ਦੇ ਵਕੀਲ ਜਸਬੀਰ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ 22 ਨਵੰਬਰ ਨੂੰ ਵਾਪਸ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਆਂਦਾ ਜਾਵੇਗਾ।ਜਸਬੀਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਜ ਸਖ਼ਤ ਸੁਰੱਖਿਆ ਹੇਠ ਦਿੱਲੀ ਲਿਆਂਦਾ ਗਿਆ ਹੈ ਅਤੇ ਉਹ ਭਲਕੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੰਜਾਬ ਜਾਣਗੇ। ਤੈਅ ਪ੍ਰਬੰਧਾਂ ਅਨੁਸਾਰ ਉਨ੍ਹਾਂ ਨੂੰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਰਿਵਾਰ ਲੰਮੇ ਸਮੇਂ ਤੋਂ ਉਡੀਕ ਕਰ ਰਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣ। ਉਨ੍ਹਾਂ ਦੀ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ।

ਉਨ੍ਹਾਂ ਦੀ ਹਿਰਾਸਤੀ ਪੈਰੋਲ ਪੰਜਾਬ ਦੀ ਅਦਾਲਤ ਵੱਲੋਂ 17 ਨਵੰਬਰ ਨੂੰ ਜਾਰੀ ਕੀਤੇ ਗਏ ਨਵੇਂ ਹੁਕਮਾਂ ਤਹਿਤ ਲਾਗੂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 14 ਨਵੰਬਰ ਨੂੰ ਉਨ੍ਹਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਵਿਚਾਲੇ ਢੁਕਵੀਆਂ ਹਵਾਈ ਉਡਾਣਾਂ ਅਤੇ ਆਵਾਜਾਈ ਦੇ ਸਾਧਨ ਉਪਲਬਧ ਨਾ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ ਸੀ।

Latest News

Latest News