ਚੰਡੀਗੜ੍ਹ 20 ਨਵੰਬਰ ,ਬੋਲੇ ਪੰਜਾਬ ਬਿਉਰੋ;
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਅਦਾਲਤ ਵੱਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਉਹ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ
ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਕਰੀਬ 15 ਕਿਲੋਮੀਟਰ ਦੂਰ ਸਥਿਤ ਹਵਾਈ ਅੱਡੇ ਤੱਕ ਸੱਤ ਵਾਹਨਾਂ ਦੇ ਕਾਫ਼ਲੇ ਵਿੱਚ ਲਿਆਂਦਾ ਗਿਆ। ਉੱਥੋਂ ਹਵਾਈ ਜਹਾਜ਼ ਰਾਹੀਂ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਲਿਆਂਦਾ ਗਿਆ।ਅੰਮ੍ਰਿਤਪਾਲ ਸਿੰਘ ਦੇ ਵਕੀਲ ਜਸਬੀਰ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ 22 ਨਵੰਬਰ ਨੂੰ ਵਾਪਸ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਆਂਦਾ ਜਾਵੇਗਾ।ਜਸਬੀਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਜ ਸਖ਼ਤ ਸੁਰੱਖਿਆ ਹੇਠ ਦਿੱਲੀ ਲਿਆਂਦਾ ਗਿਆ ਹੈ ਅਤੇ ਉਹ ਭਲਕੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੰਜਾਬ ਜਾਣਗੇ। ਤੈਅ ਪ੍ਰਬੰਧਾਂ ਅਨੁਸਾਰ ਉਨ੍ਹਾਂ ਨੂੰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਰਿਵਾਰ ਲੰਮੇ ਸਮੇਂ ਤੋਂ ਉਡੀਕ ਕਰ ਰਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣ। ਉਨ੍ਹਾਂ ਦੀ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ।ਉਨ੍ਹਾਂ ਦੀ ਹਿਰਾਸਤੀ ਪੈਰੋਲ ਪੰਜਾਬ ਦੀ ਅਦਾਲਤ ਵੱਲੋਂ 17 ਨਵੰਬਰ ਨੂੰ ਜਾਰੀ ਕੀਤੇ ਗਏ ਨਵੇਂ ਹੁਕਮਾਂ ਤਹਿਤ ਲਾਗੂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 14 ਨਵੰਬਰ ਨੂੰ ਉਨ੍ਹਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਵਿਚਾਲੇ ਢੁਕਵੀਆਂ ਹਵਾਈ ਉਡਾਣਾਂ ਅਤੇ ਆਵਾਜਾਈ ਦੇ ਸਾਧਨ ਉਪਲਬਧ ਨਾ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ ਸੀ
ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਹਾਜ਼ਰ ਰੱਖਿਆ ਜਾਵੇ। ਅਦਾਲਤ ਨੇ ਇਹ ਇਜਾਜ਼ਤ ਮਨੁੱਖੀ ਆਧਾਰ ’ਤੇ ਦਿੱਤੀ ਹੈ। ਨਾਲ ਹੀ ਸਪੱਸ਼ਟ ਕੀਤਾ ਹੈ ਕਿ ਇਸ ਸਮੇਂ ਦੌਰਾਨ ਉਹ ਪੁਲੀਸ ਹਿਰਾਸਤ ਵਿੱਚ ਹੀ ਰਹਿਣਗੇ।
ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਲਿਆਂਦਾ ਜਾਵੇਗਾ। ਉੱਥੋਂ ਪੁਲੀਸ ਸੁਰੱਖਿਆ ਹੇਠ ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਕਿੱਥੇ ਰੱਖਿਆ ਜਾਵੇਗਾ, ਇਸ ਬਾਰੇ ਪੁਲੀਸ ਵੱਲੋਂ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਲਗਪਗ ਤਿੰਨ ਸਾਲ ਸੱਤ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਵਿਚਕਾਰ ਪਹੁੰਚਣਗੇ। ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਅਦਾਲਤੀ ਹੁਕਮਾਂ ਅਨੁਸਾਰ ਉਹ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੁਲੀਸ ਹਿਰਾਸਤ ਵਿੱਚ ਰਹਿੰਦਿਆਂ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।












