ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਦਖ਼ਲ ਦੇਣ; ਲੋਕਾਂ ਦੇ ਟੈਕਸ ਦੇ ਪੈਸੇ ਦੀ ਬਰਬਾਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਮੋਹਾਲੀ, 20 ਨਵੰਬਰ ,ਬੋਲੇ ਪੰਜਾਬ ਬਿਊਰੋ;
ਸੰਭਾਲਕੀ ਪਿੰਡ, ਮੋਹਾਲੀ ਵਿੱਚ ਨਵੀਂ ਬਣਾਈ ਜਾ ਰਹੀ ਸੜਕ ਦੇ ਨਿਰਮਾਣ ਕਾਰਜ ਵਿੱਚ ਘਟੀਆ ਮਟੀਰੀਅਲ ਦੀ ਵਰਤੋਂ ਹੋਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਲਾਕਾ ਨਿਵਾਸੀਆਂ ਵੱਲੋਂ ਸ਼ਿਕਾਇਤ ਮਿਲਣ ’ਤੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਦੀ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਅਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਸ੍ਰੀ ਹਰਦੇਵ ਸਿੰਘ ਉੱਭਾ ਨੇ ਮੌਕੇ ’ਤੇ ਪਹੁੰਚ ਕੇ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ।
ਮੌਕੇ ’ਤੇ ਸੜਕ ਦੀ ਹਾਲਤ ਦੇਖ ਕੇ ਦੋਵਾਂ ਆਗੂਆਂ ਨੇ ਡੂੰਘੀ ਚਿੰਤਾ ਅਤੇ ਨਾਰਾਜ਼ਗੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਸੜਕ ਦੇ ਮਟੀਰੀਅਲ ਨੂੰ ਹੱਥਾਂ ਨਾਲ ਰਗੜਨ ’ਤੇ ਹੀ ਉਹ ਉਖੜ ਕੇ ਬਾਹਰ ਆ ਰਿਹਾ ਹੈ ਅਤੇ ਕੱਲ੍ਹ ਹੀ ਬਣਾਈ ਗਈ ਸੜਕ ਵਿੱਚ ਟੁੱਟ-ਫੁੱਟ ਸ਼ੁਰੂ ਹੋ ਗਈ ਹੈ। ਇਹ ਸਥਿਤੀ ਸੜਕ ਨਿਰਮਾਣ ਦੀ ਗੁਣਵੱਤਾ ਅਤੇ ਸਬੰਧਤ ਅਧਿਕਾਰੀਆਂ ਦੀ ਨਿਗਰਾਨੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਇਸ ਮੌਕੇ ਗੁਰਪ੍ਰੀਤ ਕੌਰ ਉੱਭਾ ਅਤੇ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ, ਭ੍ਰਿਸ਼ਟਾਚਾਰ ਜਾਂ ਘਟੀਆ ਮਟੀਰੀਅਲ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਰਕਾਰੀ ਪੈਸੇ ਨਾਲ ਬਣਨ ਵਾਲੀਆਂ ਸੜਕਾਂ ਦੀ ਉਮਰ ਅਤੇ ਗੁਣਵੱਤਾ ਯਕੀਨੀ ਬਣਾਉਣਾ ਸਬੰਧਤ ਵਿਭਾਗ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਅਤੇ ਮੋਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਸੜਕ ਦੇ ਨਿਰਮਾਣ ਵਿੱਚ ਵਰਤੇ ਗਏ ਮਟੀਰੀਅਲ ਦੇ ਨਮੂਨੇ ਲੈ ਕੇ ਸਰਕਾਰੀ ਲੈਬਾਰਟਰੀ ਤੋਂ ਜਾਂਚ ਕਰਵਾਈ ਜਾਵੇ ਅਤੇ ਨਿਰਮਾਣ ਕਾਰਜ ਦੀ ਤਕਨੀਕੀ ਜਾਂਚ ਵੀ ਕੀਤੀ ਜਾਵੇ।
ਉਨ੍ਹਾਂ ਅੱਗੇ ਮੰਗ ਕੀਤੀ ਕਿ ਜੇਕਰ ਜਾਂਚ ਦੌਰਾਨ ਘਟੀਆ ਮਟੀਰੀਅਲ ਦੀ ਵਰਤੋਂ, ਵਿੱਤੀ ਬੇਨਿਯਮੀਆਂ ਜਾਂ ਅਧਿਕਾਰੀਆਂ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਅਤੇ ਜ਼ਿੰਮੇਵਾਰ ਠੇਕੇਦਾਰ ਵਿਰੁੱਧ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸੜਕ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਦੁਬਾਰਾ ਬਣਾਉਣ ਦੇ ਹੁਕਮ ਜਾਰੀ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਵਿਕਾਸ ਸਿਰਫ਼ ਕਾਗਜ਼ਾਂ ਅਤੇ ਉਦਘਾਟਨੀ ਸਮਾਗਮਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਇਸ ਦਾ ਲਾਭ ਮਿਲਣਾ ਚਾਹੀਦਾ ਹੈ। ਜੇਕਰ ਨਵੀਂ ਬਣੀ ਸੜਕ ਕੁਝ ਹੀ ਸਮੇਂ ਵਿੱਚ ਟੁੱਟਣ ਲੱਗ ਪਵੇ ਤਾਂ ਇਸ ਦੀ ਜਵਾਬਦੇਹੀ ਤੈਅ ਹੋਣੀ ਲਾਜ਼ਮੀ ਹੈ।
ਗੁਰਪ੍ਰੀਤ ਕੌਰ ਉੱਭਾ ਅਤੇ ਹਰਦੇਵ ਸਿੰਘ ਉੱਭਾ ਨੇ ਸਪੱਸ਼ਟ ਕੀਤਾ ਕਿ ਸੰਭਾਲਕੀ ਪਿੰਡ ਸਮੇਤ ਮੋਹਾਲੀ ਦੇ ਲੋਕਾਂ ਦੇ ਬੁਨਿਆਦੀ ਹੱਕਾਂ ਅਤੇ ਜਨਤਕ ਪੈਸੇ ਦੀ ਰਾਖੀ ਲਈ ਉਹ ਲਗਾਤਾਰ ਆਵਾਜ਼ ਉਠਾਉਂਦੇ ਰਹਿਣਗੇ। ਜਨਤਾ ਨੂੰ ਘਟੀਆ ਕੰਮ ਨਹੀਂ, ਸਗੋਂ ਮਿਆਰੀ ਅਤੇ ਟਿਕਾਊ ਵਿਕਾਸ ਚਾਹੀਦਾ ਹੈ।












