ਸਿੱਖਿਆ ਵਿਭਾਗ ਵੱਲੋਂ ਸਕੂਲ ਪ੍ਰਿੰਸੀਪਲ ਸਸਪੈਂਡ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 21 ਨਵੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਵਰਪਾਲ ਦੇ ਪ੍ਰਿੰਸੀਪਲ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪ੍ਰਿੰਸੀਪਲ ਵਿਰੁੱਧ ਸਕੂਲ ਦੀਆਂ ਸਰਕਾਰੀ ਗਰਾਂਟਾਂ ਵਿੱਚ ਕਥਿਤ ਗੜਬੜੀਆਂ, ਦਰੱਖਤਾਂ ਦੀ ਕਟਾਈ ਕਾਰਨ ਵਿੱਤੀ ਨੁਕਸਾਨ, ਵਿਦਿਆਰਥੀਆਂ ਨਾਲ ਛੇੜਛਾੜ ਦੀਆਂ ਘਟਨਾਵਾਂ ਅਤੇ ਮਿਡ-ਡੇ-ਮੀਲ ਨਾਲ ਜੁੜੇ ਕਈ ਗੰਭੀਰ ਦੋਸ਼ਾਂ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ।ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਿੰਸੀਪਲ ਜਸਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਕੂਲ ਵਿੱਚ ਗਰਾਂਟਾਂ ਦੀ ਵਰਤੋਂ ਸਬੰਧੀ ਬੇਨਿਯਮੀਆਂ ਹੋਣ ਦੇ ਦੋਸ਼ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਸਕੂਲ ਦੇ ਦਰੱਖਤਾਂ ਦੀ ਕਟਾਈ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਣ ਦਾ ਮਾਮਲਾ ਵੀ ਉਨ੍ਹਾਂ ਵਿਰੁੱਧ ਦਰਜ ਦੋਸ਼ਾਂ ਵਿੱਚ ਸ਼ਾਮਲ ਹੈ।

ਪੱਤਰ ਅਨੁਸਾਰ, ਸਕੂਲ ਵਿੱਚ ਬੱਚਿਆਂ ਨਾਲ ਛੇੜਛਾੜ ਦੀਆਂ ਘਟਨਾਵਾਂ ਅਤੇ ਮਿਡ-ਡੇ-ਮੀਲ ਵੇਚਣ ਸਬੰਧੀ ਇੱਕ ਵੀਡੀਓ ਵਾਇਰਲ ਹੋਣ ਦਾ ਮਾਮਲਾ ਵੀ ਵਿਭਾਗ ਦੇ ਧਿਆਨ ਵਿੱਚ ਆਇਆ ਹੈ। ਇਸ ਦੇ ਨਾਲ ਹੀ ਮਿਡ-ਡੇ-ਮੀਲ ਤਿਆਰ ਕਰਨ ਵਾਲੀਆਂ ਗ਼ਰੀਬ ਮਹਿਲਾ ਕਰਮਚਾਰੀਆਂ ਪ੍ਰਤੀ ਗ਼ਲਤ ਨਜ਼ਰ ਰੱਖਣ ਦੇ ਦੋਸ਼ ਵੀ ਲਗਾਏ ਗਏ ਹਨ।

ਵਿਭਾਗ ਵੱਲੋਂ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡੀ ਕਮੀ ਆਉਣ ਨੂੰ ਵੀ ਗੰਭੀਰਤਾ ਨਾਲ ਲਿਆ ਗਿਆ ਹੈ। ਇਨ੍ਹਾਂ ਸਾਰੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਨੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ, 1970 ਦੇ ਨਿਯਮ 4(1) ਤਹਿਤ ਪ੍ਰਿੰਸੀਪਲ ਜਸਪ੍ਰੀਤ ਸਿੰਘ ਨੂੰ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਮੁਅੱਤਲੀ ਦੇ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡਾਇਰੈਕਟਰ ਸਕੂਲ ਸਿੱਖਿਆ ਮੋਹਾਲੀ ਵਿਖੇ ਨਿਰਧਾਰਤ ਕੀਤਾ ਗਿਆ ਹੈ। ਇਥੇ ਸਪਸ਼ਟ ਕਰਨਾ ਬਣਦਾ ਹੈ ਕਿ, ਜਿਸ ਪ੍ਰਿੰਸੀਪਲ ਨੂੰ ਵਿਭਾਗ ਦੇ ਵੱਲੋਂ ਸਸਪੈਂਡ ਕੀਤਾ ਗਿਆ ਹੈ ਉਸ ਦਾ ਪੱਖ ਆਉਣਾ ਹਾਲੇ ਬਾਕੀ ਹੈ, ਜਿਵੇਂ ਹੀ ਉਹਨਾਂ ਦਾ ਪੱਖ ਸਾਹਮਣੇ ਆਉਂਦਾ ਹੈ, ਖਬਰ ਨੂੰ ਅਪਡੇਟ ਕਰ ਦਿੱਤਾ ਜਾਵੇਗਾ।

Latest News

Latest News