ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ਰਾਹੀਂ ਪੰਜਾਬ ਵਿੱਚੋਂ ਵੀ ‘ਆਪ’ ਦਾ ਕਰਾਂਗੇ ਸਫ਼ਾਇਆ: ਨਿਤਿਨ ਨਬੀਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 22 ਨਵੰਬਰ ,ਬੋਲੇ ਪੰਜਾਬ ਬਿਊਰੋ;

ਚੰਡੀਗੜ੍ਹ ਵਿੱਚ ਦਸੰਬਰ ਮਹੀਨੇ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸ਼ਹਿਰ ਪਹੁੰਚੇ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ। ਇਸ ਦੇ ਨਾਲ ਹੀ ਨਿਤਿਨ ਨਬੀਨ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉੱਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਦਿੱਲੀ ਵਿੱਚੋਂ ਸਫ਼ਾਇਆ ਕਰ ਦਿੱਤਾ ਹੈ ਅਤੇ ਹੁਣ ਚੰਡੀਗੜ੍ਹ ਰਾਹੀਂ ਪੰਜਾਬ ਵਿੱਚੋਂ ਵੀ ‘ਆਪ’ ਦਾ ਸਫ਼ਾਇਆ ਕੀਤਾ ਜਾਵੇਗਾ।

ਭਾਜਪਾ ਦੇ ਕੌਮੀ ਪ੍ਰਧਾਨ ਨੇ ਕਾਂਗਰਸੀ ਆਗੂਆਂ ’ਤੇ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਕਿੱਥੇ ਰਹਿੰਦੇ ਹਨ, ਉਨ੍ਹਾਂ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੁੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਲੋਕ ਸਭਾ ਵਿੱਚ ਵਿਚਾਰ-ਚਰਚਾ ਕਰਨ ਤੋਂ ਡਰਦੇ ਹਨ, ਇਸ ਲਈ ਲੋਕ ਸਭਾ ਵਿੱਚ ਆਉਂਦੇ ਹਨ ਅਤੇ ਬਿਆਨ ਦੇ ਕੇ ਚਲੇ ਜਾਂਦੇ ਹਨ, ਜਦਕਿ ਲੋਕ ਸਭਾ ਦੇ ਬਾਹਰ ਵੱਖ-ਵੱਖ ਵਿਸ਼ਿਆਂ ਉੱਤੇ ਚਰਚਾ ਕਰਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਸਾਲ 2014 ਤੋਂ ਤਰੱਕੀ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਕੋਈ ਸਮਾਂ ਸੀ ਜਦੋਂ ਭਾਰਤ ਦੇਸ਼ ਨੂੰ ਹਰ ਖੇਤਰ ਵਿੱਚ ਦੂਜੇ ਦੇਸ਼ਾਂ ਉੱਤੇ ਨਿਰਭਰ ਰਹਿਣਾ ਪੈਂਦਾ ਸੀ, ਪਰ ਅੱਜ ਭਾਰਤ ਮੋਬਾਈਲ ਬਣਾਉਣ ਤੋਂ ਲੈ ਕੇ ਹੋਰ ਆਧੁਨਿਕ ਤਕਨੀਕਾਂ ਦੇ ਮਾਮਲੇ ਵਿੱਚ ਮੋਹਰੀ ਬਣ ਰਿਹਾ ਹੈ।ਨਿਤਿਨ ਨਬੀਨ ਨੇ ਕਿਹਾ ਕਿ ਭਾਜਪਾ ਵੱਲੋਂ ਔਰਤਾਂ ਨੂੰ ਸਨਮਾਨ ਦੇਣ ਲਈ ਵਧੇਰੇ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਇੰਨਾ ਹੀ ਨਹੀਂ, ਭਾਜਪਾ ਨਾਰੀ ਸ਼ਕਤੀ ਵੰਦਨ ਬਿੱਲ ਰਾਹੀਂ ਔਰਤਾਂ ਨੂੰ ਸਿਆਸਤ ਵਿੱਚ ਵਿਸ਼ੇਸ਼ ਰਾਖਵਾਂਕਰਨ ਦੇਣ ਦੀ ਵੀ ਕੋਸ਼ਿਸ਼ ਵਿੱਚ ਹੈ ਅਤੇ ਇਸ ਨੂੰ ਕਿਸੇ ਵੀ ਹਾਲ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਹੇਠ ਚੰਡੀਗੜ੍ਹ ਦਾ ਚੌਤਰਫ਼ਾ ਵਿਕਾਸ ਹੋਇਆ ਹੈ। ਉਨ੍ਹਾਂ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ 12 ਸਾਲਾਂ ਦਾ ਰਿਪੋਰਟ ਕਾਰਡ ਲੈ ਕੇ ਲੋਕਾਂ ਵਿੱਚ ਜਾਣ ਅਤੇ ਵੋਟਾਂ ਮੰਗਣ। ਉਨ੍ਹਾਂ ਨੇ ਚੰਡੀਗੜ੍ਹੀਆਂ ਨੂੰ ਵੀ ਅਪੀਲ ਕੀਤੀ ਕਿ ਸਾਲ 2024 ਵਿੱਚ ਲੋਕਾਂ ਨੂੰ ਜੋ ਦਰਦ ਮਿਲਿਆ ਹੈ, ਉਸ ਦਾ ਸੂਦ ਸਮੇਤ ਜਵਾਬ ਦਿੱਤਾ ਜਾਵੇ।

Latest News

Latest News