ਮਾਨਸਾ, 22 ਨਵੰਬਰ ,ਬੋਲੇ ਪੰਜਾਬ ਬਿਊਰੋ;
ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੀ ਅਗਵਾਈ ਹੇਠ ਅੱਜ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਵੱਖ-ਵੱਖ ਪਿੰਡਾਂ ਦੇ ਮੇਟ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਮੇਟ ਵਰਕਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 4 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਏ.ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ ਅਤੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਰਿੰਦਰਪਾਲ ਸ਼ਰਮਾ ਨੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਦੀ ਥਾਂ ‘ਜੀ ਰਾਮ ਜੀ’ ਪ੍ਰਬੰਧ ਲਿਆਉਣਾ ਪੇਂਡੂ ਮਜ਼ਦੂਰਾਂ ਦੇ ਰੁਜ਼ਗਾਰ ਦੇ ਕਾਨੂੰਨੀ ਹੱਕ ਅਤੇ ਗਾਰੰਟੀ ‘ਤੇ ਸਿੱਧਾ ਡਾਕਾ ਹੈ। ਆਗੂਆਂ ਅਨੁਸਾਰ ਕੇਂਦਰ ਸਰਕਾਰ ਆਪਣੀ ਵਿੱਤੀ ਜ਼ਿੰਮੇਵਾਰੀ ਤੋਂ ਭੱਜ ਕੇ ਇਸ ਦਾ ਬੋਝ ਰਾਜਾਂ ਸਿਰ ਸੁੱਟ ਰਹੀ ਹੈ, ਜਿਸ ਨਾਲ ਪੇਂਡੂ ਮਜ਼ਦੂਰਾਂ ਦੀ ਰੁਜ਼ਗਾਰ ਸੁਰੱਖਿਆ ਨੂੰ ਪੂਰੀ ਤਰ੍ਹਾਂ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਮੋਦੀ ਸਰਕਾਰ ਦੀਆਂ ਇਨ੍ਹਾਂ ਲੋਕ ਮਾਰੂ ਨੀਤੀਆਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਮਜ਼ਦੂਰ ਮੁਕਤੀ ਮੋਰਚਾ ਦੀ ਆਗੂ ਮਨਜੀਤ ਕੌਰ ਅਕਲੀਆ ਨੇ ਮੰਗ ਕੀਤੀ ਕਿ ਮੇਟ ਵਰਕਰਾਂ ਦੀਆਂ ਬੰਦ ਪਈਆਂ ਆਈ.ਡੀਜ਼ ਤੁਰੰਤ ਚਾਲੂ ਕੀਤੀਆਂ ਜਾਣ, ਪਿੰਡਾਂ ਵਿੱਚ ਰੁਕੇ ਹੋਏ ਵਿਕਾਸ ਕਾਰਜ ਮੁੜ ਸ਼ੁਰੂ ਹੋਣ ਅਤੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੇਟਾਂ ਨੂੰ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ਜਥੇਬੰਦੀ ਨੇ ਮੰਗ ਕੀਤੀ ਕਿ ਮਨਰੇਗਾ ਦੀ ਕਾਨੂੰਨੀ ਗਾਰੰਟੀ ਬਹਾਲ ਕਰਕੇ ਹਰ ਪੇਂਡੂ ਪਰਿਵਾਰ ਨੂੰ ਸਾਲ ਵਿੱਚ ਘੱਟੋ-ਘੱਟ 200 ਦਿਨ ਕੰਮ ਦਿੱਤਾ ਜਾਵੇ ਅਤੇ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਦਿਹਾੜੀ ਵਧਾ ਕੇ 800 ਰੁਪਏ ਕੀਤੀ ਜਾਵੇ।
ਇਸ ਮੌਕੇ ਜਗਤਾਰ ਸਿੰਘ (ਕਿਸ਼ਨਗੜ੍ਹ ਫਰਵਾਹੀ), ਰਮੇਸ਼ ਸਿੰਘ (ਝੇਰਿਆ ਵਾਲੀ), ਸਿਮਰਜੀਤ ਕੌਰ (ਮੀਆਂ), ਗੁਰਪ੍ਰੀਤ ਸਿੰਘ (ਦੂਲੋਵਾਲ), ਗੁਰਜੀਤ ਕੌਰ (ਮਲਕਪੁਰ ਖਿਆਲਾ), ਅਮਨਦੀਪ ਕੌਰ (ਰੱਲਾ), ਸਰਬਜੀਤ ਕੌਰ (ਮੌਜੀਆ) ਅਤੇ ਕਰਮਜੀਤ ਕੌਰ (ਬੁਰਜ ਹਰੀ) ਸਮੇਤ ਵੱਡੀ ਗਿਣਤੀ ਵਿੱਚ ਮੇਟ ਵਰਕਰਾਂ ਨੇ 4 ਦਸੰਬਰ ਦੇ ਧਰਨੇ ਨੂੰ ਸਫ਼ਲ ਬਣਾਉਣ ਅਤੇ ਸੰਘਰਸ਼ ਤੇਜ਼ ਕਰਨ ਦਾ ਅਹਿਦ ਲਿਆ।












