ਨਵੀਂ ਦਿੱਲੀ, 23 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਗੁਰੂ ਕਾ ਬਾਗ ਤੋਂ ਆਰੰਭ ਹੋ ਕੇ ਤਖ਼ਤ ਪਟਨਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇੱਥੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਪੰਜ ਪਿਆਰੇ ਸਾਹਿਬਾਨ ਅਤੇ ਸੰਗਤਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਉਪਰੰਤ ਭਾਈ ਨਿਸ਼ਾਨ ਸਿੰਘ ਜੀ ਧੁਬਾਲ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਤਖ਼ਤ ਸਾਹਿਬ ਦੇ ਹਜ਼ੂਰੀ ਕਥਾਵਾਚਕ ਗਿਆਨੀ ਦਲਜੀਤ ਸਿੰਘ ਜੀ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਕਥਾ ਕੀਤੀ ਗਈ। ਉਪਰੰਤ ਭਾਈ ਗੁਰਦੀਪ ਸਿੰਘ ਜੀ, ਰਾਗੀ ਜਥਾ ਜਮਸ਼ੇਦਪੁਰ, ਭਾਈ ਹਰਮੀਤ ਸਿੰਘ ਜੀ, ਰਾਗੀ ਜਥਾ ਜਮਸ਼ੇਦਪੁਰ ਅਤੇ ਭਾਈ ਗੁਰਮੇਲ ਸਿੰਘ ਜੀ ਬਰਨਾਲਾ, ਰਾਗੀ ਜਥਾ ਲੁਧਿਆਣਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਤੋਂ ਬਾਅਦ ਜਥੇਦਾਰ ਸਿੰਘ ਸਾਹਿਬ ਭਾਈ ਬਲਦੇਵ ਸਿੰਘ ਜੀ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਵੱਲੋਂ ਅਰਦਾਸ ਕੀਤੀ ਗਈ। ਸਟੇਜ ਸਕੱਤਰ ਦੀ ਸੇਵਾ ਗਿਆਨੀ ਗਗਨਦੀਪ ਸਿੰਘ ਜੀ, ਹਜ਼ੂਰੀ ਕਥਾਵਾਚਕ ਵੱਲੋਂ ਨਿਭਾਈ ਗਈ। ਦੀਵਾਨ ਵਿੱਚ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ, ਸਕੱਤਰ ਸਰਦਾਰ ਹਰਬੰਸ ਸਿੰਘ, ਮੀਤ ਪ੍ਰਧਾਨ ਸਰਦਾਰ ਗੁਰਵਿੰਦਰ ਸਿੰਘ, ਮੈਂਬਰ ਸਰਦਾਰ ਮਹਿੰਦਰਪਾਲ ਸਿੰਘ ਢਿੱਲੋਂ ਅਤੇ ਸਰਦਾਰ ਹਰਪਾਲ ਸਿੰਘ ਜੋਹਲ ਨੇ ਹਾਜ਼ਰੀ ਭਰ ਕੇ ਸੰਗਤਾਂ ਦੇ ਦਰਸ਼ਨ ਕੀਤੇ। ਸਰਦਾਰ ਜਗਜੋਤ ਸਿੰਘ ਸੋਹੀ ਅਤੇ ਸਰਦਾਰ ਇੰਦਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੰਸਾਰਕ ਹਨੇਰੇ ਵਿੱਚ ਘਿਰੀ ਮਨੁੱਖਤਾ ਨੂੰ ਸੱਚ ਦਾ ਮਾਰਗ ਵਿਖਾਇਆ। ਉਨ੍ਹਾਂ ਕਿਹਾ ਕਿ ਜਿਸ ਸਮੇਂ ਸੰਸਾਰ ਵਿੱਚ ਕਰਮਕਾਂਡਾਂ ਦਾ ਬਹੁਤ ਜ਼ਿਆਦਾ ਬੋਲਬਾਲਾ ਸੀ, ਉਸ ਸਮੇਂ ਗੁਰੂ ਸਾਹਿਬ ਨੇ ਇਨ੍ਹਾਂ ਪਾਖੰਡਾਂ ਅਤੇ ਆਡੰਬਰਾਂ ਦਾ ਖੰਡਨ ਕਰਦਿਆਂ ਸਮੁੱਚੀ ਦੁਨੀਆ ਨੂੰ ਇਹ ਸੰਦੇਸ਼ ਦਿੱਤਾ ਕਿ ਸਾਰਾ ਸੰਸਾਰ ਇੱਕੋ ਜੋਤ ਨਾਲ ਜੁੜਿਆ ਹੋਇਆ ਹੈ ਅਤੇ ਇੱਕੋ ਨੂਰ ਤੋਂ ਸਮੁੱਚੀ ਸ੍ਰਿਸ਼ਟੀ ਦੀ ਉਤਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਜਿੱਥੇ ਉਸ ਸਮੇਂ ਦੇ ਜ਼ਾਲਮ ਸ਼ਾਸਕ ਬਾਬਰ ਦੀ ਨਿੰਦਾ ਕੀਤੀ, ਉੱਥੇ ਹੀ ਔਰਤਾਂ ਦੇ ਸਤਿਕਾਰ ਅਤੇ ਬਰਾਬਰੀ ਦਾ ਸੰਦੇਸ਼ ਵੀ ਸਮੁੱਚੀ ਦੁਨੀਆ ਸਾਹਮਣੇ ਰੱਖਿਆ। ਗੁਰੂ ਸਾਹਿਬ ਨੇ ਸਪੱਸ਼ਟ ਕੀਤਾ ਕਿ ਜਿਸ ਇਸਤਰੀ ਨੇ ਰਾਜਿਆਂ ਅਤੇ ਸ਼ਾਸਕਾਂ ਨੂੰ ਜਨਮ ਦਿੱਤਾ ਹੈ, ਉਸ ਨੂੰ ਮੰਦਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰ ਰਹੀਆਂ ਹਨ ਅਤੇ ਸਮੁੱਚੀ ਮਨੁੱਖਤਾ ਉਨ੍ਹਾਂ ਵੱਲੋਂ ਵਿਖਾਏ ਮਾਰਗ ‘ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾ ਰਹੀ ਹੈ।












